ਵਿਸ਼ੇਸ਼ ਅਦਾਲਤ ਨੇ ਭਗੌੜੇ ਨੀਰਵ ਮੋਦੀ ਨੂੰ ਅਪਰਾਧੀ ਐਲਾਨਿਆ
ਮੁਬਈ – ਪੰਜਾਬ ਨੈਸ਼ਨਲ ਬੈਂਕ ਘੁਟਾਲੇ ਦੇ ਮੁੱਖ ਦੋਸ਼ੀ ਹੀਰਾ ਕਾਰੋਬਾਰੀ ਨੀਰਵ ਮੋਦੀ ਨੂੰ ਵਿਸ਼ੇਸ਼ ਅਦਾਲਤ ਨੇ ਭਗੌੜਾ ਆਰਥਿਕ ਅਪਰਾਧੀ ਐਲਾਨ ਦਿੱਤਾ ਹੈ ਈਡੀ ਦੀ ਅਰਜ਼ੀ ‘ਤੇ ਵੀਰਵਾਰ ਨੂੰ ਵਿਸ਼ੇਸ਼ ਅਦਾਲਤ ਨੇ ਇਹ ਫ਼ੈਸਲਾ ਸੁਣਾਇਆ। ਪਿਛਲੇ ਸਾਲ ਅਗਸਤ ਵਿਚ ਭਗੌੜਾ ਆਰਥਿਕ ਅਪਰਾਧੀ ਕਾਨੂੰਨ ਬਣਾਏ ਜਾਣ ਪਿੱਛੋਂ ਇਹ ਦੂਜਾ ਕਾਰੋਬਾਰੀ ਹੈ ਜਿਸ ਨੂੰ ਭਗੌੜਾ ਆਰਥਿਕ ਅਪਰਾਧੀ ਐਲਾਨਿਆ ਗਿਆ ਹੈ। ਇਸ ਤੋਂ ਪਹਿਲੇ ਅਦਾਲਤ ਨੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਨੂੰ ਭਗੌੜਾ ਆਰਥਿਕ ਅਪਰਾਧੀ ਕਰਾਰ ਦਿੱਤਾ ਸੀ। ਵਿਸ਼ੇਸ਼ ਪੀਐੱਮਐੱਲਏ ਅਦਾਲਤ ਦੇ ਜੱਜ ਬੀ. ਸੀ. ਵਰਡੇ ਨੇ ਨੀਰਵ ਮੋਦੀ ਅਤੇ ਈਡੀ ਦੇ ਵਕੀਲਾਂ ਦੀਆਂ ਵਿਸਥਾਰਤ ਦਲੀਲਾਂ ਸੁਣਨ ਪਿੱਛੋਂ ਆਪਣਾ ਫ਼ੈਸਲਾ ਸੁਣਾਇਆ। ਲਗਪਗ 14 ਹਜ਼ਾਰ ਕਰੋੜ ਰੁਪਏ ਦੇ ਘੁਟਾਲੇ ਵਿਚ ਸ਼ਾਮਲ ਨੀਰਵ ਨੇ ਅਦਾਲਤ ਤੋਂ ਇਸ ਮਾਮਲੇ ਵਿਚ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਅਰਜ਼ੀ ਖ਼ਾਰਜ ਕਰਨ ਦੀ ਅਪੀਲ ਕੀਤੀ ਸੀ।






