Skip to content

ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਪੱਤਰ

Share this story

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕੌਮੀ ਪੱਧਰ ‘ਤੇ ਕਮੇਟੀ ਬਣਾਉਣ ਦੀ ਮੰਗ
ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਸਮਾਗਮਾਂ ਦੀ ਨਿਗਰਾਨੀ ਲਈ ਕੌਮੀ ਪੱਧਰੀ ਕਮੇਟੀ ਦਾ ਗਠਨ ਕਰਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਇਸ ਕਮੇਟੀ ਦਾ ਗਠਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਲਈ ਕਾਇਮ ਕੀਤੀ ਕਮੇਟੀ ਦੀ ਲੀਹ ‘ਤੇ ਕਰਨ ਲਈ ਆਖਿਆ ਹੈ।ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਸ ਇਤਿਹਾਸਕ ਦਿਹਾੜੇ ਨੂੰ ਵੱਡੀ ਪੱਧਰ ‘ਤੇ ਮਨਾਉਣ ਦੀ ਯੋਜਨਾ ਬਣਾਈ ਗਈ ਹੈ ਅਤੇ ਅਪ੍ਰੈਲ, 2020 ਤੋਂ ਸ਼ੁਰੂ ਹੋਣ ਵਾਲੇ ਲੜੀਵਾਰ ਸਮਾਗਮ ਸਾਲ ਭਰ ਚੱਲਣਗੇ। ਮੁੱਖ ਮੰਤਰੀ ਨੇ ਸ੍ਰੀ ਮੋਦੀ ਨੂੰ ਜਾਣੂੰ ਕਰਵਾਇਆ ਕਿ ਪੰਜਾਬ ਸਰਕਾਰ ਵੱਲੋਂ ਇਸ ਮਹਾਨ ਪ੍ਰਕਾਸ਼ ਪੁਰਬ ਦੀ ਯਾਦ ਵਿੱਚ ਇਕ ਵਿਸਥਾਰਤ ਪ੍ਰਸਤਾਵ ਤਿਆਰ ਕੀਤਾ ਜਾ ਰਿਹਾ ਹੈ ਜੋ ਛੇਤੀ ਹੀ ਭਾਰਤ ਸਰਕਾਰ ਨੂੰ ਭੇਜਿਆ ਜਾਵੇਗਾ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਅਪ੍ਰੈਲ, 2021 ਵਿੱਚ ਆ ਰਿਹਾ 400ਵਾਂ ਪ੍ਰਕਾਸ਼ ਪੁਰਬ ਸਾਡੇ ਸਾਰਿਆਂ ਲਈ ਭਾਗਾਂ ਭਰਿਆ ਮੌਕਾ ਹੈ। ਉਨ੍ਹਾਂ ਕਿਹਾ ਕਿ ਮੁਲਕ ਦੇ ਇਤਿਹਾਸ ਵਿੱਚ ਗੁਰੂ ਸਾਹਿਬ ਜੀ ਦਾ ਵਿਸ਼ੇਸ਼ ਸਥਾਨ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਨੇ ਧਾਰਮਿਕ ਆਜ਼ਾਦੀ ਅਤੇ ਸਦਭਾਵਨਾ ਦੀਆਂ ਕਦਰਾਂ-ਕੀਮਤਾਂ ਦੀ ਰਾਖੀ ਲਈ ਆਪਣੇ ਜੀਵਨ ਦਾ ਬਲਿਦਾਨ ਦਿੱਤਾ ਜਿਸ ਕਰਕੇ ਆਪ ਜੀ ਨੂੰ ‘ਹਿੰਦ ਦੀ ਚਾਦਰ’ ਵਜੋਂ ਵੀ ਪੁਕਾਰਿਆ ਜਾਂਦਾ ਹੈ।ਇਹ ਜ਼ਿਕਰਯੋਗ ਹੈ ਕਿ 18 ਅਪ੍ਰੈਲ, 2021 ਨੂੰ ਨੌਵੇਂ ਸਿੱਖ ਗੁਰੂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਦਾ ਫੈਸਲਾ ਲਿਆ ਗਿਆ ਹੈ ਅਤੇ ਸਾਲ ਭਰ ਚੱਲਣ ਵਾਲੇ ਸਮਾਗਮ ਇਸੇ ਸਾਲ 12 ਅਪ੍ਰੈਲ ਤੋਂ ਸ਼ੁਰੂ ਹੋਣਗੇ।

Share this story
WRITTEN BY

BREAKING