ਕੈਪਟਨ ਅਮਰਿੰਦਰ ਸਿੰਘ ਵੱਲੋਂ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਦੀ ਰਾਖੀ ਕਰਨ ਦਾ ਅਹਿਦ
ਮੁਹਾਲੀ ਵਿਖੇ ਗਣਤੰਤਰ ਦਿਵਸ ਮੌਕੇ 11 ਪੁਲਿਸ ਅਫ਼ਸਰ ਸਨਮਾਨਿਤ
ਮੋਹਾਲੀ – ਭਾਰਤ ਦੇ ਸੰਵਿਧਾਨ ਦੀਆਂ ਧਰਮ ਨਿਰਪੱਖ ਨੀਹਾਂ ਅਕਾਲ ਪੁਰਖ ਦੀ ਮਿਹਰ ਸਦਕਾ ਸਦਾ ਲਈ ਮਜ਼ਬੂਤ ਰਹਿਣਗੀਆਂ ਅਤੇ ਬਿਨਾਂ ਕਿਸੇ ਧਰਮ, ਜਾਤ-ਪਾਤ ਜਾਂ ਫਿਰਕੇ ਦੇ ਵਖਰੇਵੇਂ ਦੇ ਸਭਨਾਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇਗੀ। ਇਹ ਵਿਚਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਥੇ 71ਵੇਂ ਗਣਤੰਤਰ ਦਿਵਸ ਸਮਾਰੋਹ ਮੌਕੇ ਸਲਾਮੀ ਲੈਂਣ ਤੋਂ ਬਾਅਦ ਆਪਣੇ ਸੰਬੋਧਨ ਵਿੱਚ ਪ੍ਰਗਟ ਕੀਤੇ। ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਭਾਵੇਂ ਮੌਜੂਦਾ ਸਮੇਂ ਦੌਰਾਨ ਕੁਝ ਵਿਰੋਧੀ ਸੁਰਾਂ ਉੱਠ ਰਹੀਆਂ ਹਨ ਪਰ ਫਿਰ ਵੀ ਦੇਸ਼ ਦੀ ਏਕਤਾ ਅਤੇ ਅਖੰਡਤਾ ਨੂੰ ਕੋਈ ਸੱਟ ਨਹੀਂ ਮਾਰ ਸਕਦਾ। ਪੰਜਾਬ ਵਿਧਾਨ ਸਭਾ ਦੁਆਰਾ ਨਾਗਰਿਕਤਾ ਸੋਧ ਐਕਟ ਸਬੰਧੀ ਪਾਸ ਕੀਤੇ ਮਤੇ ਵੱਲ ਧਿਆਨ ਦਿਵਾਉਂਦਿਆਂ ਮੁੱਖ ਮੰਤਰੀ ਨੇ ਇਹ ਸਾਫ਼ ਕੀਤਾ ਕਿ ਸੂਬੇ ਦੀ ਸਰਕਾਰ ਕਿਸੇ ਨੂੰ ਵੀ ਕਿਸੇ ਵੀ ਕੀਮਤੇ ਉੱਤੇ ਦੇਸ਼ ਦੇ ਧਰਮ ਨਿਰਪੱਖ ਢਾਂਚੇ ਨਾਲ ਖਿਲਵਾੜ ਕਰਨ ਦੀ ਇਜਾਜ਼ਤ ਨਹੀਂ ਦੇਵੇਗੀ। ਪੰਜਾਬ ਦੇ ਲੋਕਾਂ ਨੂੰ 71ਵੇਂ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਾਡੇ ਗੁਰੂ ਸਾਹਿਬ ਜੀ ਨੇ ਧਰਮ ਨਿਰਪੱਖਤਾ ਦਾ ਸੁਨੇਹਾ ਦਿੱਤਾ ਸੀ ਅਤੇ ਆਪ ਜੀ ਦੀ ‘ਨਾ ਕੋਈ ਹਿੰਦੂ, ਨਾ ਕੋਈ ਮੁਸਲਮਾਨ, ਸਭ ਰਬ ਕੇ ਬੰਦੇ’ ਦੀ ਵਿਚਾਰਧਾਰਾ ਸਾਡੇ ਮਨਾਂ ਵਿੱਚ ਵਸੀ ਹੋਈ ਹੈ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਤਿਰੰਗਾ ਝੰਡਾ ਲਹਿਰਾਇਆ ਅਤੇ ਸ਼ਾਨਦਾਰ ਪਰੇਡ ਤੋਂ ਸਲਾਮੀ ਵੀ ਲਈ। ਇਸ ਤੋਂ ਬਾਅਦ ਸਕੂਲੀ ਬੱਚਿਆਂ ਦੁਆਰਾ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਇਸ ਵਰ੍ਹੇ ਪਹਿਲੀ ਵਾਰ ਗਣਤੰਤਰ ਦਿਵਸ ਦੀ ਪਰੇਡ ਦੌਰਾਨ ਸੂਬੇ ਦੇ ਲੋਕਾਂ ਨੇ ਸਪੈਸ਼ਲ ਓਪਰੇਸ਼ਨਜ਼ ਗਰੁੱਪ (ਐਸ.ਓ.ਜੀ.) ਦੀ ਝਾਕੀ ਵੇਖੀ। ਐਸ.ਓ.ਜੀ. ਦਾ ਗਠਨ ਮੁੱਖ ਮੰਤਰੀ ਦੁਆਰਾ ਕੀਤਾ ਗਿਆ ਹੈ ਅਤੇ ਇਹ ਇੱਕ ਵਿਸ਼ੇਸ਼ ਸਿਖਲਾਈ ਵਾਲੀ ਅਜਿਹੀ ਫੋਰਸ ਹੈ ਜੋ ਕਿ ਦਹਿਸ਼ਤਵਾਦ, ਘੁਸਪੈਠ, ਹਾਈਜੈਕਿੰਗ ਅਤੇ ਹੋਰ ਖ਼ਤਰੇ ਭਰੇ ਹਾਲਾਤ ਨਾਲ ਨਿਪਟਣ ਲਈ ਤਿਆਰ ਕੀਤੀ ਗਈ ਹੈ। ਮੁੱਖ ਮੰਤਰੀ ਨੇ ਆਪਣੇ ਸੰਬੋਧਨ ਵਿੱਚ ਇਹ ਵੀ ਕਿਹਾ ਕਿ ਪੰਜਾਬ, ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦੇ ਖੁੱਲ੍ਹਣ ਵਰਗੇ ਇਤਿਹਾਸਕ ਮੌਕੇ ਦਾ ਗਵਾਹ ਬਣਕੇ ਬੜਾ ਸ਼ਾਨਾਮੱਤਾ ਮਹਿਸੂਸ ਕਰ ਰਿਹਾ ਹੈ। ਸ੍ਰੀ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰ ਹੁਣ ਸੁਖਾਲੇ ਹੋ ਗਏ ਹਨ ਅਤੇ ਇਹ ਉਹ ਪਵਿੱਤਰ ਗੁਰਦੁਆਰਾ ਹੈ ਜਿਸ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਹੈ। ਸੂਬੇ ਨੂੰ ਇਸ ਗੱਲ ਦਾ ਵੀ ਮਾਣ ਹਾਸਲ ਹੈ ਕਿ ਇੱਥੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ, ਸ੍ਰੀ ਗੁਰੂ ਤੇਗ ਬਹਾਦੁਰ ਜੀ ਦਾ 399ਵਾਂ ਪ੍ਰਕਾਸ਼ ਉਤਸਵ ਮਨਾਇਆ ਜਾ ਰਿਹਾ ਹੈ, ਜੈਨ ਧਰਮ ਦੇ ਸ਼ਵੇਤਾਂਬਰ ਤੇਰਾਪੰਥ ਮੱਤ ਦੇ ਦਸਵੇਂ ਮੁਖੀ ਆਚਾਰਿਆ ਸ੍ਰੀ ਮਹਾਂ ਪ੍ਰਗਿਆ ਜੀ ਦਾ 100ਵਾਂ ਜਨਮ ਉਤਸਵ, ਭਗਤ ਨਾਮਦੇਵ ਜੀ ਦਾ 750ਵਾਂ ਜਨਮ ਉਤਸਵ ਅਤੇ ਬਾਬਾ ਬੰਦਾ ਸਿੰਘ ਜੀ ਬਹਾਦਰ ਦਾ 350ਵਾਂ ਜਨਮ ਉਤਸਵ ਵੀ ਮਨਾਇਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਯਤਨ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ ਬੀਤੇ ਦੋ ਵਰ੍ਹਿਆਂ ਤੋਂ ਜ਼ਿਆਦਾ ਦੇ ਸਮੇਂ ਦੌਰਾਨ ਸੂਬਾ ਸਰਕਾਰ ਦੇ ਯਤਨਾਂ ਸਦਕਾ ਸੂਬੇ ਵਿੱਚ 57,735 ਕਰੋੜ ਰੁਪਏ ਦਾ ਨਿਵੇਸ਼ ਅਸਲ ਰੂਪ ਵਿੱਚ ਹਾਸਲ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਬੇਰੁਜ਼ਗਾਰੀ ਦਾ ਟਾਕਰਾ ਕਰਨ ਲਈ ਉਦਯੋਗਾਂ ਨੂੰ ਸੂਬੇ ਵਿੱਚ ਲਿਆਉਣ ਦੇ ਯਤਨ ਜਾਰੀ ਰਹਿਣਗੇ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਸਕੀਮ ਅਧੀਨ ਉਨ੍ਹਾਂ ਦੀ ਸਰਕਾਰ ਦੁਆਰਾ ਸੂਬੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ 11 ਲੱਖ ਨੌਕਰੀਆਂ ਮੁਹੱਈਆ ਕਰਵਾਈਆਂ ਗਈਆਂ ਹਨ। ਸਿੱਖਿਆ ਨੂੰ ਗੁਣਾਤਮਕ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ 19 ਨਵੀਆਂ ਆਈ.ਆਈ.ਟੀਜ਼ ਸਥਾਪਤ ਕੀਤੀਆਂ ਜਾਣਗੀਆਂ ਅਤੇ ਮੋਹਾਲੀ, ਕਪੂਰਥਲਾ ਤੇ ਹੁਸ਼ਿਆਰਪੁਰ ਵਿਖੇ ਨਵੇਂ ਮੈਡੀਕਲ ਕਾਲਜ ਖੋਲ੍ਹੇ ਜਾਣਗੇ। ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੀ ਭਲਾਈ ਪ੍ਰਤੀ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦ੍ਰਿੜਾਉਂਦੇ ਹੋਏ ਕਿਹਾ ਕਿ ਕਣਕ ਦੀ ਔਸਤ ਪੈਦਾਵਾਰ ਸੂਬੇ ਵਿੱਚ ਸਾਲ 2006-07 ਦੇ 42 ਕੁਇੰਟਲ ਪ੍ਰਤੀ ਹੈਕਟੇਅਰ ਦੇ ਅੰਕੜੇ ਤੋਂ ਵੱਧ ਕੇ ਸਾਲ 2018-19 ਵਿੱਚ 52 ਕੁਇੰਟਲ ਪ੍ਰਤੀ ਹੈਕਟੇਅਰ ਤੱਕ ਪਹੁੰਚ ਗਈ ਹੈ ਅਤੇ ਇਨ੍ਹਾਂ ਹੀ ਨਹੀਂ ਸਗੋਂ ਬੀਤੇ ਵਰ੍ਹੇ 183 ਲੱਖ ਮੀਟਰਕ ਟਨ ਕਣਕ ਦੀ ਰਿਕਾਰਡ ਪੈਦਾਵਾਰ ਹੋਈ ਹੈ। ਉਨ੍ਹਾਂ ਅੱਗੇ ਕਿਹਾ ਕਿ ਬੀਤੀ ਸਰਕਾਰ ਦੇ ਮੁਕਾਬਲੇ ਸਾਡੀ ਸਰਕਾਰ ਦੇ ਪਿਛਲੇ ਛੇ ਸੀਜ਼ਨਾਂ ਦੌਰਾਨ ਕਿਸਾਨਾਂ ਨੂੰ 44 ਹਜ਼ਾਰ ਕਰੋੜ ਰੁਪਏ ਦੀ ਹੋਰ ਆਮਦਨ ਹੋਈ ਹੈ ਅਤੇ ਇਹ ਸਭ ਸਾਫ਼-ਸੁਥਰੀ ਖ਼ਰੀਦ ਪ੍ਰਣਾਲੀ, ਕਿਸਾਨਾਂ ਦੇ ਸ਼ੋਸ਼ਣ ਨੂੰ ਨੱਥ ਪਾਉਣ ਅਤੇ ਟਰਾਂਸਪੋਰਟ ਤੇ ਕਿਰਤ ਖੇਤਰਾਂ ਦਾ ਕੰਮਕਾਜ ਸੁਚਾਰੂ ਢੰਗ ਨਾਲ ਚਲਾਏ ਜਾਣ ਕਾਰਨ ਹੀ ਸੰਭਵ ਹੋ ਸਕਿਆ ਹੈ। ਆਲਮੀ ਤਪਸ਼ ਦੇ ਮੱਦੇਨਜ਼ਰ ਵਾਤਾਵਰਣ ਨੂੰ ਬਚਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਾਲੇ ਤੱਕ ਸੂਬੇ ਦੇ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿੱਚ 76 ਲੱਖ ਬੂਟੇ ਲਗਾਏ ਜਾ ਚੁੱਕੇ ਹਨ ਅਤੇ ਹਰੇਕ ਨਾਗਰਿਕ ਨੂੰ ਇਨ੍ਹਾਂ ਦੀ ਸਾਂਭ–ਸੰਭਾਲ ਲਈ ਅੱਗੇ ਆਉਣਾ ਚਾਹੀਦਾ ਹੈ। ਮੁੱਖ ਮੰਤਰੀ ਨੇ ਸਿਹਤ ਖੇਤਰ ਵੱਲ ਉਨ੍ਹਾਂ ਦੀ ਸਰਕਾਰ ਵੱਲੋਂ ਦਿੱਤੀ ਵਿਸ਼ੇਸ਼ ਤਵੱਜੋ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਸਰਬਤ ਸਿਹਤ ਬੀਮਾ ਯੋਜਨਾ ਤਹਿਤ 48 ਲੱਖ ਪਰਿਵਾਰਾਂ (2.2 ਕਰੋੜ ਵਿਅਕਤੀ) ਨੂੰ ਕਵਰ ਕੀਤਾ ਜਾ ਰਿਹਾ ਹੈ ਜਦੋਂ ਕਿ ਭਾਰਤ ਸਰਕਾਰ ਵੱਲੋਂ ਇਸ ਸਕੀਮ ਤਹਿਤ 14 ਲੱਖ ਪਰਿਵਾਰਾਂ ਨੂੰ ਹੀ ਕਵਰ ਕੀਤਾ ਗਿਆ ਹੈ।






