May 4, 2026
#ਪੰਜਾਬ #ਭਾਰਤੀ ਡਾਇਸਪੋਰਾ

ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੀ ਮੱਦਦ ਲਈ ਭਾਈ ਲੌਂਗੋਵਾਲ ਦਾ ਕੀਤਾ ਧੰਨਵਾਦ

ਸੂਬੇ ਅੰਦਰ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਕੀਤੀ ਅਪੀਲ

ਅੰਮ੍ਰਿਤਸਰ – ਮੱਧ ਪ੍ਰਦੇਸ਼ ਸਰਕਾਰ ਵੱਲੋਂ ਸਥਾਨਕ ਸਿੱਖਾਂ ਦੇ ਘਰ ਤਬਾਹ ਕੀਤੇ ਜਾਣ ਮਗਰੋਂ ਸ਼੍ਰੋਮਣੀ ਕਮੇਟੀ ਵੱਲੋਂ ਉਨ੍ਹਾਂ ਦੀ ਸਾਰ ਲਏ ਜਾਣ ’ਤੇ ਮੱਧ ਪ੍ਰਦੇਸ਼ ਦੇ ਸਿੱਖਾਂ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਧੰਨਵਾਦ ਕੀਤਾ ਹੈ। ਇਸ ਦੇ ਨਾਲ ਹੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਨੂੰ ਸੂਬੇ ਅੰਦਰ ਇਕ ਵਿਸ਼ਾਲ ਗੁਰਮਤਿ ਸਮਾਗਮ ਕਰਵਾਉਣ ਦੀ ਵੀ ਅਪੀਲ ਕੀਤੀ ਗਈ ਹੈ। ਮੱਧ ਪ੍ਰਦੇਸ਼ ਦੀਆਂ ਸੰਗਤਾਂ ਨੇ ਇਸ ਸਬੰਧੀ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਾਂ ਭਾਈ ਗੁਰਚਰਨ ਸਿੰਘ ਗਰੇਵਾਲ ਰਾਹੀਂ ਇਕ ਪੱਤਰ ਭੇਜਿਆ ਹੈ। ਵਰਨਣਯੋਗ ਹੈ ਕਿ ਮੱਧ ਪ੍ਰਦੇਸ਼ ਦੇ ਜ਼ਿਲ੍ਹਾ ਸ਼ਿਓਪੁਰ ਅੰਦਰ ਸਥਾਨਕ ਸੂਬਾ ਸਰਕਾਰ ਨੇ ਸਿੱਖਾਂ ਦੇ ਘਰ ਤਬਾਹ ਕਰਨ ਦੇ ਨਾਲ-ਨਾਲ ਉਨ੍ਹਾਂ ਦੀਆਂ ਫਸਲਾਂ ਵੀ ਬਰਬਾਦ ਕਰ ਦਿੱਤੀਆਂ ਸਨ। ਇਨ੍ਹਾਂ ਪੀੜਤ ਸਿੱਖ ਪਰਿਵਾਰਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ 50-50 ਹਜ਼ਾਰ ਰੁਪਏ ਦੀ ਸਹਾਇਤਾ ਦਿੱਤੀ ਗਈ ਹੈ। ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕ ਸਬ-ਕਮੇਟੀ ਸਥਾਪਤ ਕੀਤੀ ਸੀ, ਜਿਸ ਨੇ ਮੱਧ ਪ੍ਰਦੇਸ਼ ਦੇ 12 ਪੀੜਤ ਸਿੱਖ ਪਰਿਵਾਰਾਂ ਤੱਕ ਪਹੁੰਚ ਕੀਤੀ, ਜਿਨ੍ਹਾਂ ਦੇ ਘਰ ਢਾਹੇ ਗਏ ਸਨ। ਇਸ ਰਿਪੋਰਟ ਦੇ ਅਧਾਰ ’ਤੇ ਹੀ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਸਹਾਇਤਾ ਰਾਸ਼ੀ ਐਲਾਨੀ ਸੀ। ਇਸ ਕਮੇਟੀ ਵਿਚ ਅੰਤ੍ਰਿੰਗ ਮੈਂਬਰ ਸ. ਇੰਦਰਮੋਹਨ ਸਿਮਘ ਲਖਮੀਰਵਾਲਾ, ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਅਤੇ ਮੀਤ ਸਕੱਤਰ ਸ. ਤੇਜਿੰਦਰ ਸਿੰਘ ਪੱਡਾ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਮੈਂਬਰ ਭਾਈ ਗੁਰਚਰਨ ਸਿੰਘ ਗਰੇਵਾਲ ਨੇ ਦੱਸਿਆ ਕਿ ਮੱਧ ਪ੍ਰਦੇਸ਼ ’ਚ ਸ਼ਿਓਪੁਰ ਜ਼ਿਲ੍ਹੇ ਅੰਦਰ ਪੈਂਦੇ ਇਲਾਕਿਆਂ ’ਚ ਵੱਡੀ ਗਿਣਤੀ ਸਿੱਖ ਪਰਿਵਾਰ ਮੌਜੂਦ ਹਨ। ਸਰਕਾਰ ਵੱਲੋਂ ਉਨ੍ਹਾਂ ਦੇ ਘਰ ਢਾਹ ਕੇ ਵੱਡਾ ਜ਼ੁਲਮ ਕੀਤਾ ਗਿਆ। ਇਸ ਪ੍ਰਤੀ ਸਿੱਖਾਂ ਅੰਦਰ ਭਾਰੀ ਰੋਸ ਹੈ। ਇਹ ਸਾਰੇ ਸਿੱਖ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਹਨ ਅਤੇ ਉਨ੍ਹਾਂ ਦੀ ਇੱਛਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਇਕ ਵਿਸ਼ਾਲ ਸਮਾਗਮ ਦੌਰਾਨ ਉਥੇ ਪੁੱਜਣ। ਇਸੇ ਕਰਕੇ ਸੰਗਤਾਂ ਨੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਮਤਿ ਸਮਾਗਮ ਕਰਵਾਉਣ ਦੀ ਮੰਗ ਕੀਤੀ ਹੈ। ਭਾਈ ਗਰੇਵਾਲ ਨੇ ਦੱਸਿਆ ਕਿ ਸੰਗਤ ਦੀ ਮੰਗ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੂੰ ਜਾਣੂ ਕਰਵਾ ਦਿੱਤਾ ਗਿਆ ਹੈ। ਸੰਭਾਵਨਾ ਹੈ ਕਿ ਇਹ ਵਿਸ਼ਾਲ ਸਮਾਗਮ ਫ਼ਰਵਰੀ ਦੇ ਆਖ਼ਰੀ ਹਫ਼ਤੇ ਕਰਵਾਇਆ ਜਾਵੇਗਾ।