ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਤਿੰਨ ਰੋਜ਼ਾ ਗੁਰਮਤਿ ਸਮਾਗਮ ਸੰਪੰਨ
ਸਿੱਖ ਕੌਮ ਲਈ ਪ੍ਰੇਰਣਾ ਸਰੋਤ ਹੈ ਸ਼ਹੀਦ ਭਾਈ ਮਨੀ ਸਿੰਘ ਜੀ ਦਾ ਜੀਵਨ- ਭਾਈ ਲੌਂਗੋਵਾਲ
ਅੰਮ੍ਰਿਤਸਰ – ਸਿੱਖ ਪੰਥ ਦੇ ਮਹਾਨ ਸ਼ਹੀਦ ਭਾਈ ਮਨੀ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਕੈਂਬੋਵਾਲ ਸਾਹਿਬ ਲੌਂਗੋਵਾਲ ਵਿਖੇ ਬੀਤੇ ਤਿੰਨ ਦਿਨਾਂ ਤੋਂ ਆਰੰਭ ਹੋਏ ਗੁਰਮਤਿ ਸਮਾਗਮ ਅੱਜ ਸੰਪੂਰਨ ਹੋ ਗਏ। ਅੱਜ ਸਮਾਪਤੀ ਸਮਾਗਮ ਸਮੇਂ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਉਪਰੰਤ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਤੇ ਢਾਡੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਇਤਿਹਾਸ ਨਾਲ ਸੰਗਤ ਨੂੰ ਜੋੜਿਆ। ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼ਹੀਦ ਭਾਈ ਮਨੀ ਸਿੰਘ ਦਾ ਜੀਵਨ ਸਿੱਖ ਜੀਵਨ ਜਾਂਚ ਲਈ ਮਿਸਾਲੀ ਹੈ ਅਤੇ ਉਨ੍ਹਾਂ ਦੀ ਦੇਣ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਭਾਈ ਮਨੀ ਸਿੰਘ ਜੀ ਨੇ ਆਪਣੀ ਸੂਝ-ਬੂਝ ਨਾਲ ਅਤਿਅੰਤ ਬਿਖੜੇ ਸਮੇਂ ਵਿਚ ਪੰਥ ਨੂੰ ਇਕਮੁੱਠ ਰੱਖਿਆ ਤੇ ਪੰਥ ਵਿਚ ਵੰਡੀਆਂ ਪਾਉਣ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ। ਉਨ੍ਹਾਂ ਕਿਹਾ ਕਿ ਭਾਈ ਸਾਹਿਬ ਦਾ ਜੀਵਨ ਸਾਨੂੰ ਹਰ ਵੱਡੇ ਸੰਕਟ ਅਤੇ ਕਠਨ ਪ੍ਰਸਥਿਤੀਆਂ ਦਾ ਡਟ ਕੇ ਮੁਕਾਬਲਾ ਕਰਨ ਲਈ ਹੌਂਸਲਾ ਪ੍ਰਦਾਨ ਕਰਦਾ ਹੈ। ਉਨ੍ਹਾਂ ਤਿੰਨ ਦਿਨਾਂ ਗੁਰਮਤਿ ਸਮਾਗਮ ਸਮੇਂ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ ਅਤੇ ਪੁੱਜੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਗੁਰੂ ਬਖ਼ਸ਼ਿਸ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।ਇਨ੍ਹਾਂ ਗੁਰਮਤਿ ਸਮਾਗਮਾਂ ਸਮੇਂ ਸਿੱਖ ਨੌਜੁਆਨਾਂ ਅੰਦਰ ਦਸਤਾਰ ਦੇ ਮਹੱਤਵ ਨੂੰ ਉਜਾਗਰ ਕਰਨ ਦੇ ਮੰਤਵ ਨਾਲ ਸੁੰਦਰ ਦਸਤਾਰ ਮੁਕਾਬਲੇ ਕਰਵਾਏ ਗਏ। ਇਨ੍ਹਾਂ ਮੁਕਾਬਲਿਆਂ ਵਿਚ 100 ਤੋਂ ਵੱਧ ਸਿੱਖ ਨੌਜੁਆਨਾਂ ਨੇ ਹਿੱਸਾ ਲਿਆ ਅਤੇ ਸਿੱਖੀ ਦੀ ਸ਼ਾਨ ਦਸਤਾਰ ਨੂੰ ਖੂਬਸੂਰਤ ਢੰਗ ਨਾਲ ਸਜਾ ਕੇ ਸਿੱਖ ਵਿਰਾਸਤ ਦੀ ਸ਼ਾਨ ਦਾ ਪ੍ਰਗਟਾਵਾ ਕੀਤਾ। ਇਸ ਤੋਂ ਇਲਾਵਾ ਬੱਚਿਆਂ ਦੇ ਕਵੀਸ਼ਰੀ ਮੁਕਾਬਲੇ ਵੀ ਖਿੱਚ ਦਾ ਕੇਂਦਰ ਬਣੇ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਅਤੇ ਅਵੱਲ ਆਉਣ ਵਾਲੇ ਬੱਚਿਆਂ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਦੱਸਣਯੋਗ ਹੈ ਕਿ ਦਸਤਾਰ ਅਤੇ ਕਵੀਸ਼ਰੀ ਮੁਕਾਬਲਿਆਂ ਲਈ ਨੌਜੁਆਨ ਆਗੂ ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਵੱਖ-ਵੱਖ ਸਕੂਲਾਂ ਤੱਕ ਪਹੁੰਚ ਕਰਕੇ ਨੌਜੁਆਨਾਂ ਨੂੰ ਉਤਸ਼ਾਹਿਤ ਕੀਤਾ ਗਿਆ ਸੀ। ਸਮਾਗਮਾਂ ਸਮੇਂ ਸਟੇਜ ਦੀ ਸੇਵਾ ਸ. ਜਸਬੀਰ ਸਿੰਘ ਜੱਸੀ ਨੇ ਨਿਭਾਈ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਮੈਂਬਰ ਸ. ਪਰਮਜੀਤ ਸਿੰਘ ਖ਼ਾਲਸਾ, ਬਾਬਾ ਦਲਵਾਰ ਸਿੰਘ ਛੀਨੀਵਾਲ, ਜਥੇਦਾਰ ਉਦੈ ਸਿੰਘ ਲੌਂਗੋਵਾਲ, ਸ. ਨਵਇੰਦਰਪ੍ਰੀਤ ਸਿੰਘ ਲੌਂਗੋਵਾਲ ਮੈਂਬਰ ਕੌਰ ਕਮੇਟੀ, ਬਾਬਾ ਬਲਵਿੰਦਰ ਸਿੰਘ ਕੈਂਬੋਵਾਲ, ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਡਾ. ਜਤਿੰਦਰ ਸਿੰਘ ਸਿੱਧੂ ਸਾਬਕਾ ਡਾਇਰੈਕਟਰ, ਪਿ੍ਰੰਸੀਪਲ ਡਾ. ਕੁਲਦੀਪ ਸਿੰਘ ਬੱਲ, ਸ. ਪਰਮਜੀਤ ਸਿੰਘ, ਸ. ਬਿੰਦਰ ਸਿੰਘ ਠੇਕੇਦਾਰ, ਸ. ਜਸਵਿੰਦਰ ਸਿੰਘ ਲਿਬੜਾ, ਸ. ਸੁਰਜੀਤ ਸਿੰਘ ਠੀਕਰੀਵਾਲਾ, ਭਾਈ ਸੱਜਣ ਸਿੰਘ ਅਮਰੀਕਾ, ਮੈਨੇਜਰ ਸ. ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।






