ਕੋਰੋਨਾ ਵਾਇਰਸ : ਪੰਜਾਬ ‘ਚ ਸਿਨੇਮਾ ਘਰ, ਜਿੰਮ ਅਤੇ ਕਲੱਬ 31 ਤੱਕ ਬੰਦ ਕਰਨ ਦੇ ਆਦੇਸ਼ ਜਾਰੀ
ਚੰਡੀਗੜ੍ਹ – ਕੋਰੋਨਾ ਵਾਇਰਸ ਦੇ ਵੱਧ ਰਹੇ ਖਤਰੇ ਨੂੰ ਵੇਖਦਿਆਂ ਪੰਜਾਬ ਸਰਕਾਰ ਨੇ ਅਹਿਮ ਫੈਸਲਾ ਲੈਂਦਿਆਂ ਸੂਬੇ ਦੇ ਸਾਰੇ ਸਿਨੇਮਾ ਘਰਾਂ, ਜਿੰਮ ਅਤੇ ਕਲੱਬਾਂ ਨੂੰ ਅਗਲੇ ਆਦੇਸ਼ ਤਕ ਬੰਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਹ ਜਾਣਕਾਰੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਗੱਲਬਾਤ ਦੌਰਾਨ ਦਿੱਤੀ। ਇਸ ਤੋਂ ਪਹਿਲਾਂ ਬੀਤੇ ਦਿਨੀਂ ਪੰਜਾਬ ਸਰਕਾਰ ਨੇ ਸੂਬੇ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ 31 ਮਾਰਚ ਤੱਕ ਬੰਦ ਰੱਖਣ ਦਾ ਫੈਸਲਾ ਲਿਆ ਸੀ। ਇਸ ਦੇ ਮੱਦੇਨਜ਼ਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਵੀ 31 ਮਾਰਚ ਤੱਕ ਅਦਾਰੇ ਬੰਦ ਰੱਖਣ ਦੇ ਨਿਰਦੇਸ਼ ਜਾਰੀ ਕਰ ਦਿੱਤੇ ਹਨ। ਉੱਧਰ ਪੰਜਾਬ ਸਰਕਾਰ ਨੇ ਕੇਂਦਰ ਨੂੰ ਕੋਰੋਨਾ ਵਾਇਰਸ ਬਾਰੇ ਇੱਕ ਰਿਪੋਰਟ ਭੇਜੀ ਹੈ। ਇਸ ‘ਚ ਦੱਸਿਆ ਗਿਆ ਹੈ ਕਿ ਹੁਣ ਤੱਕ ਕੋਰੋਨਾ ਪ੍ਰਭਾਵਿਤ ਦੇਸ਼ਾਂ ਦੀ ਯਾਤਰਾ ਕਰ ਕੇ 6,692 ਵਿਅਕਤੀ ਪੰਜਾਬ ਆਏ ਹਨ।






