May 7, 2026
#ਪੰਜਾਬ #ਭਾਰਤੀ ਡਾਇਸਪੋਰਾ

ਕੋਰੋਨਾ ਵਾਇਰਸ : ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਿਆਂ ਅੰਦਰ ਸਰਬੱਤ ਦੇ ਭਲੇ ਲਈ ਸ੍ਰੀ ਅਖੰਡ ਪਾਠ ਸਾਹਿਬ ਆਰੰਭ

ਅੰਮ੍ਰਿਤਸਰ – ਵਿਸ਼ਵ ਅੰਦਰ ਕੋਰੋਨਾ ਵਾਇਰਸ ਦੇ ਵਧਦੇ ਪ੍ਰਭਾਵ ਤੋਂ ਛੁਟਕਾਰੇ ਅਤੇ ਵਿਸ਼ਵ ਮਾਨਵਤਾ ਦੇ ਭਲੇ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਗੁਰਦੁਆਰਾ ਸਾਹਿਬਾਨ ਅੰਦਰ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ। ਇਸੇ ਤਹਿਤ ਹੀ ਇਥੇ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵੀ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਇਆ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਤੇਜ ਸਿੰਘ ਢੱਡੇ, ਸ. ਕੁਲਵੰਤ ਸਿੰਘ ਮੰਨਣ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਮੀਤ ਸਿੰਘ ਬੁੱਟਰ, ਸ. ਸਕੱਤਰ ਸਿੰਘ, ਸ. ਸਿਮਰਜੀਤ ਸਿੰਘ ਕੰਗ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਬੀਤੇ ਕੱਲ੍ਹ ਸਰਬੱਤ ਦੇ ਭਲੇ ਲਈ ਸਾਰੇ ਗੁਰਦੁਆਰਾ ਸਾਹਿਬਾਨ ਅੰਦਰ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦਾ ਕਹਿਣਾ ਹੈ ਕਿ 19 ਮਾਰਚ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਮਨੁੱਖਤਾ ਦੀ ਸਲਾਮਤੀ ਲਈ ਅਰਦਾਸ ਕੀਤੀ ਜਾਵੇਗੀ। ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ ਭਾਈ ਰਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸਿੱਖ ਵਿਸ਼ਵਾਸ ਅਨੁਸਾਰ ਔਖੇ ਸਮੇਂ ਗੁਰੂ ਸਾਹਿਬ ਦਾ ਸਹਾਰਾ ਵੱਡਾ ਧਰਵਾਸ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਅਰਦਾਸ ਵਿਚ ਵੱਡੀ ਸ਼ਕਤੀ ਹੈ ਅਤੇ ਸ੍ਰੀ ਅਖੰਡ ਪਾਠ ਸਾਹਿਬ ਨਾਲ ਸੰਗਤ ਨੂੰ ਮਾਨਸਿਕ ਮਜ਼ਬੂਤੀ ਦੇ ਨਾਲ-ਨਾਲ ਚੇਤੰਨਤਾ ਪ੍ਰਾਪਤ ਹੋਵੇਗੀ।