May 5, 2026
#ਪੰਜਾਬ #ਭਾਰਤੀ ਡਾਇਸਪੋਰਾ

ਸ਼ਰਧਾਲੂਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਡੀਸੀ ਵੱਲੋਂ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦਾ ਦੌਰਾ

ਤਰਨਤਾਰਨ – ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਪਰਦੀਪ ਕੁਮਾਰ ਸੱਭਰਵਾਲ ਨੇ ਜ਼ਿਲ੍ਹੇ ਵਿੱਚ ਧਾਰਮਿਕ ਸਥਾਨਾਂ ‘ਤੇ ਦਰਸ਼ਨ ਕਰਨ ਲਈ ਆਉਣ ਵਾਲੇ ਸਰਧਾਲੂਆਂ ਨੂੰ ਕੋਰੋਨਾ ਵਾਇਰਸ ਸਬੰਧੀ ਜਾਗਰੂਕ ਕਰਨ ਲਈ ਅੱਜ ਗੁਰੂਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਦਾ ਦੌਰਾ ਕੀਤਾ ਅਤੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਕਰੋਨਾ ਵਾਇਰਸ ਦੇ ਮੱਦੇਨਜ਼ਰ ਮੱਥਾ ਟੇਕਣ ਲਈ ਆਉਣ ਵਾਲੇ ਸ਼ਰਧਾਲੂਆਂ ਨੂੰ ਜਾਣਕਾਰੀ ਦੇਣ ਅਤੇ ਲੋੜੀਂਦੇ ਪ੍ਰਬੰਧ ਕਰਨ ਲਈ ਕਿਹਾ।ਇਸ ਮੌਕੇ ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ ਅਤੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕੀ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਗੁਰੂਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੂੰ ਕਿਹਾ ਕਿ ਗੁਰੂਦੁਆਰਾ ਸਾਹਿਬ ਵਿੱਚ ਆਉਣ ਵਾਲੇ ਸ਼ਰਧਾਲੂਆਂ ਲਈ ਹੱਥ ਧੋਣ ਲਈ ਸੈਨੀਟਾਈਜ਼ਰ ਅਤੇ ਸਾਬੁਣ ਦਾ ਉਚਿਤ ਪ੍ਰਬੰਧ ਕੀਤਾ ਜਾਵੇ ਅਤੇ ਹਰ ਇੱਕ ਸ਼ਰਧਾਲੂ ਨੂੰ ਆਪਣੇ ਹੱਥ ਚੰਗੀ ਤਰ੍ਹਾਂ ਸਾਫ਼ ਕਰਨ ਲਈ ਪ੍ਰੇਰਿਆ ਜਾਵੇ।ਉਹਨਾਂ ਕਿਹਾ ਕਿ ਜੋੜੇ ਘਰ, ਮੱਥਾ ਟੇਕਣ ਸਮੇਂ ਅਤੇ ਲੰਗਰ ਹਾਲ ਵਿੱਚ ਇੱਕ ਮੀਟਰ ਦੀ ਦੂਰੀ ਬਣਾਏ ਰੱਖਣ ਲਈ ਕਿਹਾ ਜਾਵੇ।ਉਹਨਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਜ਼ਿਲ੍ਹੇ ਵਿੱਚ ਧਾਰਮਿਕ ਸਥਾਨਾਂ ‘ਤੇ ਕਰੋਨਾ ਵਾਇਰਸ ਤੋਂ ਬਚਾਅ ਸਬੰਧੀ ਜਾਣਕਾਰੀ ਹਿੱਤ ਬੈਨਰ ਲਗਾਏ ਜਾ ਰਹੇ ਹਨ ਅਤੇ ਪੈਂਫ਼ਲਿਟ ਵੰਡੇ ਵੀ ਜਾ ਰਹੇ ਹਨ। ਇਸ ਮੌਕੇ ਗੱਲਬਾਤ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਰੋਨਾ ਵਾਇਰਸ ਸਬੰਧੀ ਜ਼ਿਲਾ ਵਾਸੀਆਂ ਨੂੰ ਜਾਗਰੂਕ ਕਰਨ ਲਈ ਪ੍ਰਭਾਵਸ਼ਾਲੀ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਉਹਨਾਂ ਕਿਹਾ ਕਿ ਹੁਣ ਤੱਕ ਜਿਲਾ ਤਰਨ ਤਾਰਨ ਵਿੱਚ ਇਸ ਬਿਮਾਰੀ ਦਾ ਕੋਈ ਵੀ ਸ਼ੱਕੀ ਕੇਸ ਨਹੀਂ ਮਿਲਿਆ ਹੈ। ਉਹਨਾਂ ਦੱਸਿਆ ਕਿ ਇਹ ਬਿਮਾਰੀ ਨਾਲ ਪੀੜਿਤ ਮਨੁੱਖ ਨੂੰ ਨੱਕ ਵਗਣਾ, ਗਲੇ ਵਿੱਚ ਖਾਰਸ਼, ਬੁਖਾਰ , ਖਾਂਸੀ, ਜੁਕਾਮ, ਛਿੱਕਾਂ, ਥਕਾਵਟ, ਨਿਮੋਨੀਆਂ, ਸਾਹ ਲੈਣ ਵਿੱਚ ਮੁਸ਼ਕਿਲ, ਫੇਫੜਿਆਂ ਵਿੱਚ ਸੋਜ਼ ਜਿਹੇ ਲੱਛਣ ਹੁੰਦੇ ਹਨ। ਜੇਕਰ ਕਿਸੇ ਵੀ ਵਿਅਕਤੀ ਨੂੰ ਇਸ ਤਰਾਂ ਦੇ ਲੱਛਣ ਹੋਣ ਤਾਂ ਨੇੜੇ ਦੀ ਸਿਹਤ ਸੰਸਥਾ ਵਿੱਚ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ। ਉਹਨਾਂ ਇਸ ਮੌਕੇ ਸੰਗਤਾਂ ਨੂੰ ਅਪੀਲ ਕੀਤੀ ਕਿ ਕੋਰੋਨਾ ਵਾਇਰਸ ਸਬੰਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਕੋਰੋਨਾ ਵਾਇਰਸ ਬਿਮਾਰੀ ਇੱਕ ਮਨੁੱਖ ਤੋਂ ਦੂਜੇ ਮਨੁੱਖ ਨੂੰ ਖੰਘ ਨਾਲ, ਛਿੱਕਾਂ, ਵਗਦੀ ਨੱਕ, ਹੱਥ ਮਿਲਾਉਣ ਨਾਲ, ਕਿਸੇ ਨੂੰ ਸਪਰਸ਼ ਨਾਲ, ਖੁੱਲੇ ਵਿੱਚ ਥੁੱਕਣ ਨਾਲ ਫੈਲਦੀ ਹੈ।ਜਦੋਂ ਮਰੀਜ਼ ਖਾਂਸੀ ਕਰਦਾ ਹੈ ਜਾਂ ਛਿੱਕਦਾ ਹੈ ਤਾਂ ਵਾਇਰਸ ਆਸ ਪਾਸ ਮੌਜੂਦ ਵਿਅਕਤੀਆਂ ਤੱਕ ਫੈਲਦਾ ਹੈ ਤੇ ਨਾਲ ਹੀ ਨਜ਼ਦੀਕ ਮੌਜੂਦ ਵਸਤਾਂ ‘ਤੇ ਵੀ ਪਹੁੰਚ ਜਾਂਦਾ ਹੈ। ਉਨਾ ਕਿਹਾ ਕਿ ਭੀੜ ਵਾਲੀਆਂ ਥਾਵਾਂ ਤੇ ਜਾਣ ਤੋਂ ਪ੍ਰਹੇਜ਼ ਕੀਤਾ ਜਾਵੇ ਅਤੇ ਆਪਣੇ ਨੱਕ, ਅੱਖਾਂ ਅਤੇ ਮੂੰਹ ਨੂੰ ਛੂਹਣ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰਾਂ ਸਾਫ਼ ਕਰਨੇ ਚਾਹੀਦੇ ਹਨ।ਖੰਘ ਵਗਦੀ ਨੱਕ, ਛਿੱਕਾਂ ਅਤੇ ਬੁਖਾਰ ਨਾਲ ਪੀੜਤ ਵਿਅਕਤੀਆਂ ਤੋਂ ਇੱਕ ਮੀਟਰ ਦੀ ਦੂਰੀ ਬਣਾ ਕੇ ਰੱਖੋ।ਖੰਘਦੇ ਜਾਂ ਛਿੱਕਦੇ ਸਮੇਂ ਆਪਣਾ ਮੂੰਹ ਅਤੇ ਨੱਕ ਮਾਲ ਨਾਲ ਢੱਕ ਕੇ ਰੱਖੋ।