Skip to content

ਪਹਿਲੇ ਪ੍ਰਕਾਸ਼ ਪੁਰਬ ਮੌਕੇ ਭਲਕੇ ਸਜਾਇਆ ਜਾਵੇਗਾ ਅਲੌਕਿਕ ਨਗਰ ਕੀਰਤਨ

Share this story

ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪ੍ਰਸਿੱਧ ਰਾਗੀ ਤੇ ਕਥਾਵਾਚਕ ਭਰਨਗੇ ਹਾਜ਼ਰੀ

ਅੰਮ੍ਰਿਤਸਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਸਭਾ-ਸੁਸਾਇਟੀਆਂ ਅਤੇ ਸੰਗਤਾਂ ਦੇ ਸਹਿਯੋਗ ਨਾਲ ਭਲਕੇ 31 ਅਗਸਤ ਨੂੰ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੱਕ ਅਲੌਕਿਕ ਨਗਰ ਕੀਰਤਨ ਸਜਾਇਆ ਜਾਵੇਗਾ। ਇਸ ਤੋਂ ਇਲਾਵਾ ਸੁੰਦਰ ਜਲੌ ਸਜਾਏ ਜਾਣਗੇ ਅਤੇ ਰਾਤ ਸਮੇਂ ਗੁਰਮਤਿ ਸਮਾਗਮ ਹੋਣਗੇ। ਇਸ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਪਹਿਲੇ ਪ੍ਰਕਾਸ਼ ਪੁਰਬ ਦੇ ਮੱਦੇਨਜ਼ਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਫੁੱਲਾਂ ਦੀ ਸਜਾਵਟ ਵੀ ਕੀਤੀ ਗਈ ਹੈ। ਸਜਾਵਟ ਲਈ ਮਲੇਸ਼ੀਆ, ਥਾਈਲੈਂਡ, ਸਿੰਗਾਪੁਰ ਆਦਿ ਤੋਂ ਇਲਾਵਾ ਦੇਸ਼ ਦੇ ਵੱਖ-ਵੱਖ ਥਾਵਾਂ ਤੋਂ ਵੀ ਫੁੱਲ ਮੰਗਵਾਏ ਗਏ ਹਨ। ਇਹ ਸੇਵਾ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁਰੂ ਘਰ ਦੇ ਸ਼ਰਧਾਲੂ ਕਰਵਾ ਰਹੇ ਹਨ। ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਹਰ ਸਾਲ ਦੀ ਤਰ੍ਹਾਂ ਪੰਥਕ ਜਾਹੋ-ਜਲਾਲ ਮਨਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 31 ਅਗਸਤ ਨੂੰ ਸਵੇਰੇ 7:00 ਵਜੇ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ, ਜੋ ਬਜ਼ਾਰਾਂ ’ਚੋਂ ਹੁੰਦਾ ਹੋਇਆ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਸੰਪੂਰਨ ਹੋਵੇਗਾ। ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਰਾਤ 7:30 ਵਜੇ ਤੋਂ 1:00 ਵਜੇ ਤੱਕ ਗੁਰਮਤਿ ਸਮਾਗਮ ਵਿਚ ਸਿੰਘ ਸਾਹਿਬਾਨ, ਪੰਥ ਪ੍ਰਸਿੱਧ ਕੀਰਤਨੀ ਜਥੇ ਅਤੇ ਕਥਾਵਾਚਕ ਹਾਜ਼ਰੀ ਭਰਨਗੇ। ਉਨ੍ਹਾਂ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਵੇਰੇ 8:30 ਤੋਂ 12:00 ਵਜੇ ਤੱਕ ਸੁੰਦਰ ਜਲੌ ਸੱਜਣਗੇ ਅਤੇ ਰਾਤ ਨੂੰ ਦੀਪਮਾਲਾ ਅਤੇ ਆਤਿਸ਼ਬਾਜ਼ੀ ਵੀ ਹੋਵੇਗੀ।

Share this story
WRITTEN BY

BREAKING