ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਬਾਰੇ ਭਾਜਪਾ ਵਲੋਂ ਚੋਣ ਮੈਨੀਫੈਸਟੋ ਜਾਰੀ
ਨਵੀਂ ਦਿੱਲੀ – ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਖਰ ਭਾਜਪਾ ਨੇ ਵੀ ਅੱਜ ਆਪਣਾ ਚੋਣਾਵੀ ਮੈਨੀਫੈਸਟੋ ਜਾਰੀ ਕਰ ਦਿੱਤਾ ਹੈ| ਸੰਕਲਪ ਪੱਤਰ ਦੇ ਨਾਂ ਨਾਲ ਜਾਰੀ ਕੀਤੇ ਗਏ ਮੈਨੀਫੈਸਟੋ ਦੇ ਕਵਰਪੇਜ਼ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਲ ਹੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਦੀ ਤਸਵੀਰ ਹੈ| ਇਸ ਦੌਰਾਨ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਢਾ, ਮੁੱਖ ਮੰਤਰੀ ਦੇਵੇਂਦਰ ਫੜਨਵੀਸ ਅਤੇ ਹੋਰ ਸੀਨੀਅਰ ਨੇਤਾ ਮੌਜੂਦ ਰਹੇ| ਮੈਨੀਫੈਸਟੋ ਦਾ ਮੁੱਖ ਕੇਂਦਰ ਅਰਥ ਵਿਵਸਥਾ ਨੂੰ ਰੱਖਿਆ ਗਿਆ ਹੈ ਅਤੇ ਟ੍ਰਿਲੀਅਨ ਡਾਲਰ ਇਕੋਨਾਮੀ ਲਈ ਰੋਡਮੈਪ ਤਿਆਰ ਕੀਤਾ ਗਿਆ ਹੈ| ਇਸ ਦੇ ਨਾਲ ਹੀ ਨੌਜਵਾਨਾਂ ਨੂੰ ਲੁਭਾਉਣ ਲਈ ਰੋਜ਼ਗਾਰ ਦੇਣ ਦਾ ਵਾਅਦਾ ਕੀਤਾ ਗਿਆ ਹੈ| ਭਾਜਪਾ ਨੇ ਆਪਣੇ ਮੈਨੀਫੈਸਟੋ ਵਿੱਚ 5 ਸਾਲ ਦੇ ਕਾਰਜਕਾਲ ਦੌਰਾਨ ਇਕ ਕਰੋੜ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਹੈ| ਮੈਨੀਫੈਸਟੋ ਜਾਰੀ ਕਰਨ ਤੋਂ ਪਹਿਲਾਂ ਭਾਜਪਾ ਨੇ ਆਪਣਾ ਇਕ ਥੀਮ ਗੀਤ ਵੀ ਲਾਂਚ ਕੀਤਾ| ਉੱਥੇ ਹੀ ਦੱਸਿਆ ਜਾ ਰਿਹਾ ਹੈ ਕਿ ਵਿਧਾਨ ਪ੍ਰੀਸ਼ਦ ਤੋਂ ਅਸਤੀਫਾ ਦੇ ਕੇ ਰਾਮ ਰਾਜ ਵਡਕਤੇ ਵੀ ਹੁਣ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ|






