April 25, 2026
#ਦੇਸ਼ ਦੁਨੀਆਂ

ਇਮਰਾਨ ਖਾਨ ਵੱਲੋਂ ਸ੍ਰੀ ਨਨਕਾਣਾ ਸਾਹਿਬ ਵਿਖੇ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਨੀਂਹ ਪੱਥਰ

550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਵੇਗੀ ਯੂਨੀਵਰਸਿਟੀ

ਸ੍ਰੀ ਨਨਕਾਣਾ ਸਾਹਿਬ – ਪਾਕਿਸਤਾਨ ਦੇ ਜ਼ਿਲ੍ਹਾ ਸ੍ਰੀ ਨਨਕਾਣਾ ਸਾਹਿਬ ‘ਚ ਅੱਜ ਦੁਪਹਿਰੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਵੱਲੋਂ ‘ਬਾਬਾ ਗੁਰੂ ਨਾਨਕ ਯੂਨੀਵਰਸਿਟੀ’ ਦਾ ਨੀਂਹ ਪੱਥਰ ਰੱਖਿਆ ਗਿਆ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਅਗਲੇ ਮਹੀਨੇ ਪਾਕਿਸਤਾਨ ਵਿੱਚ ਕਰਾਏ ਜਾਣ ਵਾਲੇ ਸਮਾਗਮਾਂ ਤੋਂ ਪਹਿਲਾਂ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਸੋਮਵਾਰ ਨੂੰ ਯੂਨੀਵਰਸਿਟੀ ਦਾ ਨੀਂਹ ਪੱਥਰ ਰੱਖਿਆ। ਇਸ ਯੂਨੀਵਰਸਿਟੀ ‘ਤੇ 500 ਕਰੋੜ ਦੀ ਲਾਗਤ ਆਉਣ ਦਾ ਅਨੁਮਾਨ ਹੈ। ਇਹ ਯੂਨੀਵਰਸਿਟੀ ਉੱਤਰ-ਪੂਰਬੀ ਪੰਜਾਬ ਸੂਬੇ ਦੇ ਜ਼ਿਲ੍ਹਾ ਨਨਕਾਣਾ ਸਾਹਿਬ ਵਿੱਚ ਸਥਾਪਿਤ ਕੀਤੀ ਜਾਏਗੀ ਜੋ ਕਿ ਗੁਰੂ ਨਾਨਕ ਦੇਵ ਜੀ ਦਾ ਜਨਮ ਸਥਾਨ ਹੈ। ਇਹ ਰਾਜਧਾਨੀ ਲਾਹੌਰ ਤੋਂ ਲਗਪਗ 75 ਕਿਲੋਮੀਟਰ (46 ਮੀਲ) ਦੀ ਦੂਰੀ ‘ਤੇ ਸਥਿਤ ਹੈ। ਇਸ ਮੌਕੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ, ‘ਇੱਕ ਵਿਦਿਅਕ ਸੰਸਥਾ ਦੀ ਸਥਾਪਨਾ ਕਰਨਾ ਬਾਬਾ ਗੁਰੂ ਨਾਨਕ ਜੀ ਨੂੰ ਸ਼ਰਧਾਂਜਲੀ ਦੇਣ ਦਾ ਸਭ ਤੋਂ ਵਧੀਆ ਤਰੀਕਾ ਹੈ, ਕਿਉਂਕਿ ਸਿੱਖਿਆ ਰਾਸ਼ਟਰਾਂ ਦੀ ਸਫਲਤਾ ਦੀ ਕੁੰਜੀ ਹੈ।’ ਦੱਸ ਦੇਈਏ ਅਗਲੇ ਮਹੀਨੇ ਪਾਕਿਸਤਾਨ ਸਿੱਖਾਂ ਲਈ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਦੁਨੀਆ ਭਰ ਦੇ ਸਿੱਖ ਸ਼ਰਧਾਲੂਆਂ ਲਈ ਲਾਂਘਾ ਖੋਲ੍ਹ ਰਿਹਾ ਹੈ ਜੋ ਭਾਰਤ ਤੇ ਪਾਕਿਸਤਾਨ ਨੂੰ ਆਪਸ ਵਿੱਚ ਜੋੜਦਾ ਹੈ। ਖ਼ਾਨ ਨੇ ਕਿਹਾ ਕਿ ਕਰਤਾਰਪੁਰ ਸਿੱਖਾਂ ਦਾ ਮਦੀਨਾ ਹੈ ਜਦਕਿ ਨਨਕਾਣਾ ਉਨ੍ਹਾਂ ਲਈ ਮੱਕਾ ਹੈ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਕਹਿਣਾ ਹੈ ਕਿ ਰਿਸ਼ਤੇ ਕਿੰਨੇ ਵੀ ਤਣਾਅਪੂਰਨ ਹਨ, ਅਸੀਂ ਸਿੱਖਾਂ ਨੂੰ ਇੱਥੇ ਆਉਣ ਤੋਂ ਕਦੇ ਨਹੀਂ ਰੋਕਾਂਗੇ।ਪਾਕਿ ਵੱਲੋਂ ਸਾਰੇ ਦੇਸ਼ਾਂ ਦੇ ਸਿੱਖ ਯਾਤਰੀਆਂ ਨੂੰ ਟੂਰਿਸਟ ਵੀਜ਼ਾ ਦੇਣ ਦਾ ਫ਼ੈਸਲਾਨਵੀਂ ਦਿੱਲੀ – ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਨੂੰ ਲੈ ਕੇ ਪਾਕਿਸਤਾਨ ਸਰਕਾਰ ਨੇ ਇੱਕ ਵੱਡਾ ਫ਼ੈਸਲਾ ਲਿਆ ਹੈ। ਇਸ ਫ਼ੈਸਲੇ ਤਹਿਤ ਪਾਕਿ ਸਰਕਾਰ ਨੇ ਭਾਰਤ ਤੋਂ ਇਲਾਵਾ ਸਾਰੇ ਦੇਸ਼ਾਂ ਤੋਂ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਟੂਰਿਸਟ ਵੀਜ਼ਾ ਦੇਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਸਿੱਖ ਯਾਤਰੀਆਂ ਤੋਂ ਸਰਵਿਸ ਫ਼ੀਸ ਵੀ ਨਹੀਂ ਵਸੂਲੀ ਜਾਵੇਗੀ।