ਅੰਤਰਰਾਸ਼ਟਰੀ ਨਗਰ ਕੀਰਤਨ ਰਾਮਪੁਰਾ ਫੂਲ ਤੋਂ ਖ਼ਾਲਸਈ ਜੈਕਾਰਿਆਂ ਦੀ ਗੂੰਜ ’ਚ ਅੱਗੇ ਰਵਾਨਾ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਰਾਮਪੁਰਾ ਫੂਲ ਤੋਂ ਫਰੀਦਕੋਟ ਲਈ ਖਾਲਸਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋਇਆ। ਹਰ ਰੋਜ਼ ਦੀ ਤਰ੍ਹਾਂ ਇਥੇ ਵੱਡੀ ਗਿਣਤੀ ਵਿਚ ਪੁੱਜੀਆਂ ਸੰਗਤਾਂ ਨੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ। ਰਵਾਨਗੀ ਤੋਂ ਪਹਿਲਾਂ ਰਾਮਪੁਰਾ ਫੂਲ ਦੇ ਗੁਰਦੁਆਰਾ ਸਾਹਿਬ ਵਿਖੇ ਧਾਰਮਿਕ ਦੀਵਾਨ ਸਜਾਏ ਗਏ, ਜਿਸ ਵਿਚ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਪ੍ਰਚਾਰਕ ਸਿੰਘਾਂ ਨੇ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਇਸ ਮੌਕੇ ਸੀਨੀਅਰ ਆਗੂ ਸ. ਸਿਕੰਦਰ ਸਿੰਘ ਮਲੂਕਾ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਜਥੇਦਾਰ ਅਮਰੀਕ ਸਿੰਘ ਕੋਟਸ਼ਮੀਰ, ਸ. ਮੇਜਰ ਸਿੰਘ ਢਿੱਲੋਂ, ਬਾਬਾ ਜਗਜੀਤ ਸਿੰਘ ਖ਼ਾਲਸਾ, ਬੀਬੀ ਜਸਪਾਲ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਪੁੱਜੀਆਂ ਹੋਈਆਂ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ. ਮੇਜਰ ਸਿੰਘ ਢਿੱਲੋਂ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਨਗਰ ਕੀਰਤਨ ਦੇ ਰਾਤਰੀ ਪ੍ਰਬੰਧਾਂ ਅਤੇ ਭਰਵੇਂ ਸਵਾਗਤ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਜੀਵਨ ਦਾ ਬੇਹੱਦ ਖ਼ਾਸ ਮੌਕਾ ਹੈ, ਜਦੋਂ ਅਸੀਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਦਿਹਾੜਾ ਮਨਾਉਣ ਜਾ ਰਹੇ ਹਾਂ। ਉਨ੍ਹਾਂ ਸੰਗਤ ਨੂੰ ਸੁਲਤਾਨਪੁਰ ਲੋਧੀ ਵਿਖੇ ਪ੍ਰਕਾਸ਼ ਪੁਰਬ ਸਬੰਧੀ ਹੋਣ ਵਾਲੇ ਸਮਾਗਮਾਂ ਵਿਚ ਵੱਧ ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਇਸ ਦੌਰਾਨ ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਸਨਮਾਨ ਵੀ ਦਿੱਤਾ ਗਿਆ। ਇਸ ਮੌਕੇ ਪੁੱਜੀਆਂ ਵੱਡੀ ਗਿਣਤੀ ਵਿਚ ਸੰਗਤਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ’ਤੇ ਫੁੱਲਾਂ ਦੀ ਵਰਖਾ ਕਰਕੇ ਸ਼ਰਧਾ ਪ੍ਰਗਟਾਈ ਅਤੇ ਵੱਖ-ਵੱਖ ਥਾਵਾਂ ’ਤੇ ਲੰਗਰ ਲਗਾ ਕੇ ਗੁਰੂ ਸਾਹਿਬ ਦੀਆਂ ਖ਼ੁਸ਼ੀਆਂ ਹਾਸਲ ਕੀਤੀਆਂ। ਨਗਰ ਕੀਰਤਨ ਦੀ ਰਾਮਪੁਰਾ ਫੂਲ ਤੋਂ ਆਰੰਭਤਾ ਮੌਕੇ ਸੀਨੀਅਰ ਆਗੂ ਸ. ਗੁਰਪ੍ਰੀਤ ਸਿੰਘ ਮਲੂਕਾ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਸਨਾਮ, ਸ. ਸਰਬਜੀਤ ਸਿੰਘ ਪ੍ਰਚਾਰਕ, ਸ. ਸੁਮੇਰ ਸਿੰਘ ਆਦਿ ਮੌਜੂਦ ਸਨ।






