550 ਸਾਲਾ ਪ੍ਰਕਾਸ਼ ਪੁਰਬ ਸਮਾਗਮ: ਵਿਦਿਆਰਥੀਆਂ ਦੇ ਧਾਰਮਿਕ ਮੁਕਾਬਲੇ ਰਹੇ ਖਿੱਚ ਦਾ ਕੇਂਦਰ
ਸੁਲਤਾਨਪੁਰ ਲੋਧੀ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਦੇ ਸਬੰਧ ‘ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਵਿਸ਼ੇਸ਼ ਸਮਾਗਮਾਂ ਦੇ ਚੌਥੇ ਦਿਨ ਅੱਜ ਪੰਜਾਬ ਭਰ ਤੋਂ ਹਜ਼ਾਰਾਂ ਦੀ ਗਿਣਤੀ ‘ਚ ਪਹੁੰਚੇ ਅਕਾਲ ਅਕੈਡਮੀਆਂ, ਚੀਫ਼ ਖ਼ਾਲਸਾ ਦੀਵਾਨ ਤੇ ਹੋਰ ਸੰਸਥਾਵਾਂ ਦੇ ਵਿਦਿਆਰਥੀਆਂ ਨੇ ਵੱਖ-ਵੱਖ ਧਾਰਮਿਕ ਮੁਕਾਬਲਿਆਂ ‘ਚ ਹਿੱਸਾ ਲਿਆ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਭਾਈ ਮਰਦਾਨਾ ਜੀ ਦੀਵਾਨ ਹਾਲ ‘ਚ ਹੋਏ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ, ਗੁਰਬਾਣੀ ਕੰਠ, ਕਵਿਤਾ, ਭਾਸ਼ਨ, ਢਾਡੀ ਵਾਰਾਂ ਤੇ ਕਵੀਸ਼ਰੀ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। 550 ਸਾਲਾ ਪ੍ਰਕਾਸ਼ ਪੁਰਬ ਵਿਚ ਸ਼ਮੂਲੀਅਤ ਕਰਨ ਲਈ ਪਹੁੰਚੀਆਂ ਸੰਗਤਾਂ ਦੇ ਠਾਠਾਂ ਮਾਰਦੇ ਇਕੱਠ ਦੌਰਾਨ ਸਜੇ ਦੀਵਾਨ ‘ਚ ਅਕਾਲ ਅਕੈਡਮੀ ਬੜੂ ਸਾਹਿਬ ਦੀਆਂ ਵੱਖ-ਵੱਖ ਸ਼ਾਖ਼ਾਵਾਂ ਅਤੇ ਚੀਫ਼ ਖ਼ਾਲਸਾ ਦੀਵਾਨ ਦੇ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਤੰਤੀ ਸਾਜਾਂ ਨਾਲ ਕੀਤਾ ਗਿਆ ਕੀਰਤਨ ਅੱਜ ਦੇ ਦੀਵਾਨ ‘ਚ ਸੰਗਤਾਂ ਲਈ ਖਿੱਚ ਦਾ ਕੇਂਦਰ ਰਿਹਾ। ਦੱਸਣਯੋਗ ਹੈ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪਿਛਲੇ ਮਹੀਨਿਆਂ ਦੌਰਾਨ ਪੰਜਾਬ ਦੇ ਵੱਖ-ਵੱਖ ਸਕੂਲਾਂ ਵਿਚ ਗੁਰਮਤਿ ਕੈਂਪ ਲਗਾ ਕੇ ਵਿਦਿਆਰਥੀਆਂ ਦੇ ਕੀਰਤਨ, ਗੁਰਬਾਣੀ ਕੰਠ, ਕਵਿਤਾ, ਭਾਸ਼ਨ, ਪ੍ਰਸ਼ਨੋਤਰੀ, ਕਵੀਸ਼ਰੀ ਅਤੇ ਢਾਡੀ ਮੁਕਾਬਲੇ ਕਰਵਾਏ ਗਏ ਸਨ। ਇਨ੍ਹਾਂ ਗੁਰਮਤਿ ਕੈਂਪਾਂ ‘ਚ ਸ਼ਾਮਲ ਹੋਣ ਵਾਲੇ ਪੰਜਾਬ ਭਰ ਦੇ ਸਕੂਲੀ ਵਿਦਿਆਰਥੀਆਂ ਵਲੋਂ ਅੱਜ 550 ਸਾਲਾ ਪ੍ਰਕਾਸ਼ ਪੁਰਬ ਦੇ ਚੱਲ ਰਹੇ ਸਮਾਗਮਾਂ ਵਿਚ ਸ਼ਮੂਲੀਅਤ ਕੀਤੀ ਗਈ ਸੀ। ਇਸ ਮੌਕੇ ਪਹੁੰਚੇ ਵਿਦਿਆਰਥੀਆਂ, ਸਕੂਲ ਪ੍ਰਬੰਧਕਾਂ ਅਤੇ ਗੁਰਮਤਿ ਦੀ ਸਿਖਲਾਈ ਦੇਣ ਵਾਲੇ ਅਧਿਆਪਕਾਂ ਨੂੰ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਰਨੈਲ ਸਿੰਘ ਡੋਗਰਾਂਵਾਲਾ, ਜਥੇਦਾਰ ਅਮਰੀਕ ਸਿੰਘ ਕੋਟ ਸ਼ਮੀਰ, ਜਥੇਦਾਰ ਅਵਤਾਰ ਸਿੰਘ ਵਣਵਾਲਾ, ਜਥੇਦਾਰ ਤੇਜਾ ਸਿੰਘ ਕਮਾਲਪੁਰ ਅਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਸੁਰਜੀਤ ਸਿੰਘ ਨੇ ਯਾਦਗਾਰੀ ਚਿੰਨ੍ਹ ਅਤੇ ਸਿਰੋਪੇ ਦੇ ਕੇ ਸਨਮਾਨਿਤ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਮਨਾਉਂਦਿਆਂ ਸਾਨੂੰ ਆਪਣੇ ਬੱਚਿਆਂ ਨੂੰ ਵੀ ਸਿੱਖੀ ਵਿਰਸੇ ਅਤੇ ਗੁਰਮਤਿ ਦੇ ਨਾਲ ਜੋੜਨ ਦਾ ਅਹਿਦ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਗੁਰਮਤਿ ਦੀ ਦਿੱਤੀ ਸਿੱਖਿਆ ਨਾਲ ਭਵਿੱਖ ‘ਚ ਉਹ ਸਮਾਜ ਦੇ ਆਦਰਸ਼ਕ ਨਾਗਰਿਕ ਬਣ ਸਕਦੇ ਹਨ। ਗੁਰਮਤਿ ਸਿਖਲਾਈ ਕੈਂਪ ਲਗਾਉਣ ਅਤੇ ਅੱਜ ਦੇ ਸਮਾਗਮ ਵਿਚ ਪਹੁੰਚਣ ਵਾਲੇ ਸਕੂਲੀ ਪ੍ਰਬੰਧਕਾਂ ਅਤੇ ਅਧਿਆਪਕਾਂ ਨੂੰ ਉਨ੍ਹਾਂ ਨੇ ਵਧਾਈ ਦਿੱਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਅੰਮ੍ਰਿਤਸਰ ਦੇ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਹਰੇਕ ਸਿੱਖ ਨੂੰ ਆਪਣੇ ਬੱਚਿਆਂ ਨੂੰ ਕੀਰਤਨ ਜ਼ਰੂਰ ਸਿਖਾਉਣਾ ਚਾਹੀਦਾ ਹੈ, ਕਿਉਂਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਕਲਯੁਗ ਵਿਚ ਆਤਮਾ ਦੇ ਪਰਮਾਤਮਾ ਨਾਲ ਮਿਲਾਪ ਲਈ ਕੀਰਤਨ ਨੂੰ ਪ੍ਰਧਾਨਤਾ ਦਿੱਤੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸ਼੍ਰੋਮਣੀ ਕਮੇਟੀ ਮੈਂਬਰ ਸ. ਸਵਰਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਸਿਮਰਜੀਤ ਸਿੰਘ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ, ਸ. ਮੇਜਰ ਸਿੰਘ, ਮੁੱਖ ਪ੍ਰਚਾਰਕ ਸ. ਜਗਦੇਵ ਸਿੰਘ, ਪ੍ਰਚਾਰਕ ਸ. ਹਰਜੀਤ ਸਿੰਘ ਸੁਲਤਾਨਪੁਰ ਲੋਧੀ, ਸ. ਬਲਵੰਤ ਸਿੰਘ ਐਨੋਕੋਟ, ਸ. ਦਿਲਬਾਗ ਸਿੰਘ ਅਤੇ ਸ. ਗੁਰਬਚਨ ਸਿੰਘ ਕਲਸੀਆਂ ਵੀ ਹਾਜ਼ਰ ਸਨ।






