April 27, 2026
#ਪੰਜਾਬ #ਭਾਰਤੀ ਡਾਇਸਪੋਰਾ

ਹੋਰ ਗੁਰਧਾਮਾਂ ਦੇ ਖੁੱਲ੍ਹੇ ਦਰਸ਼ਨਾਂ ਦਾ ਮਸਲਾ ਪਾਕਿ ਸਰਕਾਰ ਨਾਲ ਉਠਾਉਣ ਲਈ ਕੇਂਦਰ ਕੋਲ ਪਹੁੰਚ ਕਰਾਂਗਾ : ਕੈਪਟਨ

ਸੂਬੇ ਲਈ ਮਿਸਾਲੀ ਸੇਵਾਵਾਂ ਨਿਭਾਉਣ ਵਾਲੇ ਪੁਲਿਸ ਮੁਲਾਜ਼ਮਾਂ ਨੂੰ ਪ੍ਰਕਾਸ਼ ਪੁਰਬ ਮੈਡਲ ਨਾਲ ਸਨਮਾਨਿਤ ਕਰਨ ਦਾ ਐਲਾਨ

ਸੁਲਤਾਨਪੁਰ ਲੋਧੀ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਭਾਰਤੀ ਸ਼ਰਧਾਲੂਆਂ ਨੂੰ ਸਰਹੱਦ ਪਾਰ ਹੋਰ ਇਤਿਹਾਸਕ ਗੁਰਧਾਮਾਂ ਦੇ ਦਰਸ਼ਨ ਦੀਦਾਰੇ ਕਰਨ ਦੀ ਖੁੱਲ੍ਹ ਦੇਣ ਦਾ ਮਸਲਾ ਪਾਕਿਸਤਾਨ ਸਰਕਾਰ ਕੋਲ ਉਠਾਉਣ ਲਈ ਉਹ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਕੋਲ ਪਹੁੰਚ ਕਰਨਗੇ। ਮੁੱਖ ਮੰਤਰੀ ਨੇ ਇਹ ਐਲਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਕੀਤਾ ਅਤੇ ਇਸ ਮੌਕੇ ਕਰਵਾਏ ਸਮਾਗਮ ਵਿੱਚ ਮੁੱਖ ਮੰਤਰੀ ਨਾਲ ਮੁਲਕ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੀ ਸ਼ਾਮਲ ਹੋਏ। ਅੱਜ ਇੱਥੇ ਗੁਰਪੁਰਬ ਮੌਕੇ ਕਰਵਾਏ ਰਾਜ ਪੱਧਰ ਸਮਾਗਮ ਦੌਰਾਨ ਪੰਜਾਬ ਦੇ ਰਾਜਪਾਲ ਵੀ.ਪੀ. ਸਿੰਘ ਬਦਨੌਰ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਸਮੇਤ ਉੱਘੀਆਂ ਸ਼ਖਸੀਅਤਾਂ ਸ਼ਾਮਲ ਹੋਈਆਂ। ਇਸ ਮੌਕੇ ਮੁੱਖ ਮੰਤਰੀ ਨੇ ਇਹ ਵੀ ਐਲਾਨ ਕੀਤਾ ਕਿ ਉਨ੍ਹਾਂ ਦੀ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਦਰਸ਼ਾਂ ਮੁਤਾਬਕ ਸੱਚੀ ਭਾਵਨਾ ਨਾਲ ਸੇਵਾਵਾਂ ਨਿਭਾਉਣ ਵਾਲੇ ਪੁਲੀਸ ਮੁਲਾਜ਼ਮਾਂ ਨੂੰ ‘ਪ੍ਰਕਾਸ਼ ਪੁਰਬ ਤਗਮੇ (ਮੈਡਲ)’ ਨਾਲ ਸਨਮਾਨਿਤ ਕਰਨ ਦਾ ਫੈਸਲਾ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੀਤੇ ਸਾਲ ਸ਼ੁਰੂ ਹੋਏ ਸਮਾਗਮਾਂ ਨੂੰ ਨਵੰਬਰ, 2020 ਤੱਕ ਜਾਰੀ ਰੱਖਿਆ ਜਾਵੇਗਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਇਤਿਹਾਸਕ ਮੌਕੇ ‘ਤੇ 550 ਕੈਦੀਆਂ ਦੀ ਅਗਾਊਂ ਰਿਹਾਈ ਕਰਨ ਦਾ ਫੈਸਲਾ ਕੀਤਾ ਹੈ ਅਤੇ ਇਨ੍ਹਾਂ ਵਿੱਚੋਂ 450 ਕੈਦੀਆਂ ਨੂੰ ਰਿਹਾਅ ਕੀਤਾ ਜਾ ਚੁੱਕਾ ਹੈ ਜਦਕਿ ਬਾਕੀਆਂ ਨੂੰ ਅਗਲੇ ਕੁਝ ਮਹੀਨਿਆਂ ਤੱਕ ਰਿਹਾਅ ਕੀਤਾ ਜਾਵੇਗਾ। ਸ੍ਰੀ ਸਹਿਜ ਪਾਠ ਜੀ ਦੇ ਭੋਗ ਪਾਉਣ ਉਪਰੰਤ ਧਾਰਮਿਕ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੇਸ਼-ਵਿਦੇਸ਼ ਤੋਂ ਧਾਰਮਿਕ ਉਤਸ਼ਾਹ ਅਤੇ ਪੂਰੇ ਜਾਹੋ-ਜਲਾਲ ਸੁਲਤਾਨਪੁਰ ਲੋਧੀ ਵਿਖੇ ਨਤਮਸਤਕ ਹੋਣ ਪਹੁੰਚੀ ਲੱਖਾਂ ਦੀ ਗਿਣਤੀ ਵਿੱਚ ਸੰਗਤ ਦਾ ਸਵਾਗਤ ਕੀਤਾ। ਇੱਥੇ ‘ਗੁਰੂ ਨਾਨਕ ਦਰਬਾਰ ਪੰਡਾਲ’ ਵਿਖੇ ਪੰਜਾਬ ਦੇ ਲੋਕਾਂ ਦੀ ਤਰਫੋਂ ਸ੍ਰੀ ਸਹਿਜ ਪਾਠ ਦਾ ਪ੍ਰਕਾਸ਼ ਪੰਜਾਬ ਸਰਕਾਰ, ਸੰਤ ਸਮਾਜ ਅਤੇ ਵੱਖ-ਵੱਖ ਧਾਰਮਿਕ ਜਥੇਬੰਦੀਆਂ ਵੱਲੋਂ 5 ਨਵੰਬਰ ਨੂੰ ਕਰਵਾਇਆ ਗਿਆ ਸੀ। ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਖੁੱਲ੍ਹੇ ਦਰਸ਼ਨ ਦੀਦਾਰੇ ਕਰਨ ਦੀ ਆਗਿਆ ਦੇਣ ਵਿੱਚ ਪੂਰਨ ਸਹਿਯੋਗ ਦੇਣ ਲਈ ਮੁੱਖ ਮੰਤਰੀ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਇਕ ਵਾਰ ਫਿਰ ਧੰਨਵਾਦ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਉਮੀਦ ਜ਼ਾਹਰ ਕੀਤੀ ਕਿ ਭਾਰਤੀ ਸ਼ਰਧਾਲੂਆਂ ਨੂੰ ਪਾਕਿਸਤਾਨ ਵਿੱਚ ਅਜਿਹੇ ਬਾਕੀ ਗੁਰਧਾਮਾਂ ਦੇ ਦਰਸ਼ਨ-ਦੀਦਾਰੇ ਕਰਨ ਦੀ ਵੀ ਖੁੱਲ੍ਹ ਮਿਲੇਗੀ। ਮੁੱਖ ਮੰਤਰੀ ਨੇ ਕਿਹਾ ਕਿ ਪਾਕਿਸਤਾਨ ਸਥਿਤ ਪੰਜਾ ਸਾਹਿਬ ਅਤੇ ਨਨਕਾਣਾ ਸਾਹਿਬ ਵਰਗੇ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਲਈ ਸਿੱਖ ਭਾਈਚਾਰੇ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਕਰਨ ਲਈ ਇਮਰਾਨ ਖਾਨ ਕੋਲ ਇਸ ਮਸਲੇ ਨੂੰ ਉਠਾਉਣ ਵਾਸਤੇ ਉਹ ਸ੍ਰੀ ਮੋਦੀ ਕੋਲ ਪਹੁੰਚ ਕਰਨਗੇ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮਾਂ ਨੂੰ ਸਫਲ ਬਣਾਉਣ ਲਈ ਕੇਂਦਰ ਸਰਕਾਰ ਵੱਲੋਂ ਦਿੱਤੇ ਸਹਿਯੋਗ ਦਾ ਜ਼ਿਕਰ ਕਰਦਿਆਂ ਖੁਸ਼ੀ ਜ਼ਾਹਰ ਕੀਤੀ ਕਿ ਵੱਖ-ਵੱਖ ਸਿਆਸੀ ਪਾਰਟੀਆਂ ਨਾਲ ਜੁੜੇ ਲੋਕਾਂ ਨੇ ਇਨ੍ਹਾਂ ਸਮਾਗਮਾਂ ਵਿੱਚ ਵਧ-ਚੜ੍ਹ ਕੇ ਹਿੱਸਾ ਲਿਆ ਜੋ ਪਹਿਲੀ ਪਾਤਸ਼ਾਹੀ ਜੀ ਨੂੰ ਸੱਚੀ ਸ਼ਰਧਾਂਜਲੀ ਹੈ ਜਿਨ੍ਹਾਂ ਨੇ ਸਦਾ ਹੀ ਸਰਬੱਤ ਦੇ ਭਲੇ ਦਾ ਸੰਦੇਸ਼ ਦਿੱਤਾ। ਮੁੱਖ ਮੰਤਰੀ ਨੇ ਕਿਹਾ ਕਿ ਨਾਨਕ ਲੇਵਾ ਸੰਗਤ ਸਿਰਫ ਪੰਜਾਬ ਤੇ ਭਾਰਤ ਵਿੱਚ ਹੀ ਨਹੀਂ ਸਗੋਂ ਸੰਸਾਰ ਭਰ ਵਿੱਚ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ‘ਤੇ ਜ਼ੋਰ ਦਿੰਦਿਆਂ ਗੁਰੂ ਸਾਹਿਬ ਜੀ ਦੇ ਪ੍ਰਵਚਨ ‘ਵਿਦਿਆ ਵੀਚਾਰੀ ਤਾਂ ਪਰਉਪਕਾਰੀ’ ਦੇ ਮੁਤਾਬਕ ਸਿੱਖਿਆ ਦੇ ਮਹੱਤਵ ਨੂੰ ਦਰਸਾਇਆ। ਉਨ੍ਹਾਂ ਨੇ ਸਾਰਿਆਂ ਨੂੰ ਮਹਾਨ ਗੁਰੂ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦੇ ਸੰਦੇਸ਼ ਨੂੰ ਅਪਨਾਉਣ ਦਾ ਸੱਦਾ ਦਿੱਤਾ। ਮੁੱਖ ਮੰਤਰੀ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ‘ਪਵਣ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ’ ਦੀ ਅਹਿਮੀਅਤ ਨੂੰ ਦਰਸਾਉਂਦਿਆਂ ਕਿਹਾ ਕਿ ਸਾਡੀਆਂ ਭਵਿੱਖੀ ਪੀੜ੍ਹੀਆਂ ਲਈ ਵਾਤਾਵਰਣ ਦੀ ਰਾਖੀ ਕੀਤੀ ਜਾਵੇ। ਉਨ੍ਹਾਂ ਨੇ ਤੇਜ਼ੀ ਨਾਲ ਡਿੱਗ ਰਹੇ ਧਰਤੀ ਹੇਠਲੇ ਪਾਣੀ ਦੀ ਸੁਚੱਜੀ ਵਰਤੋਂ ਕਰਨ, ਪਰਾਲੀ ਨਾ ਸਾੜਣ ਅਤੇ ਖਾਦਾਂ ਤੇ ਕੀਟਨਾਸ਼ਕਾਂ ਦੀ ਬੇਲੋੜੀ ਵਰਤੋਂ ਨਾ ਕਰਨ ਦਾ ਸੱਦਾ ਦਿੱਤਾ। ਉਨ੍ਹਾਂ ਨੇ ਸਾਰਿਆਂ ਨੂੰ ਕੁਦਰਤ ਅਤੇ ਕੁਦਰਤੀ ਵਸੀਲਿਆਂ ਦੀ ਸੰਭਾਲ ਕਰਨ ਦੀ ਅਪੀਲ ਕੀਤੀ ਤਾਂ ਕਿ ਪੰਜਾਬ ਨੂੰ ਹਰਿਆ-ਭਰਿਆ ਤੇ ਪ੍ਰਦੂਸ਼ਣ ਮੁਕਤ ਬਣਾਇਆ ਜਾ ਸਕੇ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਲਈ ਸੂਬਾ ਸਰਕਾਰ ਵੱਲੋਂ ਲਾਗੂ ਕੀਤੇ ਗਏ ਕੁਝ ਵੱਡੇ ਪ੍ਰੋਜੈਕਟਾਂ ਦਾ ਜ਼ਿਕਰ ਕੀਤਾ, ਜਿਨ੍ਹਾਂ ਵਿੱਚ ਖਾਸਕਰ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਸੁਲਤਾਨਪੁਰ ਲੋਧੀ ਅਤੇ ਡੇਰਾ ਬਾਬਾ ਨਾਨਕ ਵਿਖੇ ਮੁਢਲੇ ਢਾਂਚੇ ਦਾ ਵਿਕਾਸ, ਭਾਰਤ ਸਰਕਾਰ ਦੀ ਮਦਦ ਨਾਲ ਸੁਲਤਾਨਪੁਰ ਲੋਧੀ ਨੂੰ ਵਿਰਾਸਤੀ ਸ਼ਹਿਰ ਦੀ ਦਿੱਖ ਦੇਣਾ, ਦੋਵਾਂ ਸ਼ਹਿਰਾਂ ਵਿੱਚ ਟੈਂਟ ਸਿਟੀ ਸਥਾਪਤ ਕਰਨਾ, ਆਵਾਜ਼ ਤੇ ਰੌਸ਼ਨੀ ਦੇ ਸ਼ੋਅ, ਸਤਲੁਜ ਤੇ ਬਿਆਸ ਦਰਿਆਵਾਂ ਵਿੱਚ ਤੈਰਦੇ ਆਵਾਜ਼ ਤੇ ਰੌਸ਼ਨੀ ਸ਼ੋਅ, ਪ੍ਰਦਰਸ਼ਨੀਆਂ, ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਅੰਤਰ-ਧਰਮ ਸੰਮੇਲਨ, ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ, ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਨਵੀਂ ਓਪਨ ਯੂਨੀਵਰਸਿਟੀ ਸਥਾਪਤ ਕਰਨਾ, ਵੱਖ-ਵੱਖ ਯੂਨੀਵਰਸਿਟੀਆਂ ਵਿਚ ਗੁਰੂ ਨਾਨਕ ਚੇਅਰ ਸਥਾਪਤ ਕਰਨਾ ਅਤੇ ਮੱਲਾਂ ਮਾਰਨ ਵਾਲੇ ਪੰਜਾਬੀਆਂ ਦਾ ਸਨਮਾਨ ਆਦਿ ਸ਼ਾਮਲ ਹੈ।