ਧਾਰਮਿਕ ਪ੍ਰੀਖਿਆ ’ਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਸਨਮਾਨਿਤ
ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਦੀ ਧਾਰਮਿਕ ਪ੍ਰੀਖਿਆ ਵਿੱਚੋਂ ਵਿਸ਼ੇਸ਼ ਸਥਾਨ ਪ੍ਰਾਪਤ ਕਰਨ ਵਾਲੇ 14 ਵਿਦਿਆਰਥੀਆਂ ਨੂੰ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਵੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ। ਇਨਾਮੀ ਰਾਸ਼ੀ ਪ੍ਰਾਪਤ ਕਰਨ ਵਾਲੇ ਇਨ੍ਹਾਂ ਵਿਦਿਆਰਥੀਆਂ ਵਿਚ ਧਾਰਮਿਕ ਪ੍ਰੀਖਿਆ ਦੇ ਵੱਖ-ਵੱਖ ਦਰਜਿਆਂ ਵਿੱਚੋਂ ਪਹਿਲੇ ਤਿੰੰਨ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀ ਸ਼ਾਮਲ ਸਨ। ਪਹਿਲਾ ਸਥਾਨ ਪ੍ਰਾਪਤ ਕਰਨ ਵਾਲਿਆਂ ਨੂੰ 5100 ਰੁਪਏ, ਦੂਸਰੇ ਸਥਾਨ ’ਤੇ ਰਹਿਣ ਵਾਲਿਆਂ ਨੂੰ 4100 ਰੁਪਏ ਅਤੇ ਤੀਜੇ ਸਥਾਨ ਪ੍ਰਾਪਤ ਕਰਤਾ ਨੂੰ 3100 ਰੁਪਏ ਦੀ ਰਾਸ਼ੀ ਇਨਾਮ ਵਜੋਂ ਦਿੱਤੀ ਗਈ। ਇਸ ਤੋਂ ਇਲਾਵਾ ਦੋ ਸਾਲਾ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਚਾਰ ਸਿੱਖਿਆਰਥੀਆਂ ਨੂੰ ਵੀ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਨੇ ਕਿਹਾ ਕਿ ਧਰਮ ਪ੍ਰਚਾਰ ਕਮੇਟੀ ਵੱਲੋਂ ਹਰ ਸਾਲ ਲਈ ਜਾਂਦੀ ਧਾਰਮਿਕ ਪ੍ਰੀਖਿਆ ਵਿਚ ਹਜ਼ਾਰਾਂ ਵਿਦਿਆਰਥੀਆਂ ਭਾਗ ਲੈਂਦੇ ਹਨ, ਜਿਨ੍ਹਾਂ ਵਿੱਚੋਂ ਮੈਰਿਟ ਵਿਚ ਆਉਣ ਵਾਲੇ ਵਿਦਿਆਰਥੀਆਂ ਤੋਂ ਇਲਾਵਾ ਪਹਿਲੇ ਤਿੰਨ ਸਥਾਨ ਗ੍ਰਹਿਣ ਕਰਨ ਵਾਲਿਆਂ ਨੂੰ ਵਿਸ਼ੇਸ਼ ਤੌਰ ’ਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਸਾਲ 2018 ਦੀ ਧਾਰਮਿਕ ਪ੍ਰੀਖਿਆ ਵਿਚ ਪੂਰੇ ਭਾਰਤ ਦੇ ਸਕੂਲਾਂ ਕਾਲਜਾਂ ਵਿੱਚੋਂ ਪੰਜਾਹ ਹਜ਼ਾਰ ਦੇ ਲਗਭਗ ਵਿਦਿਆਰਥੀਆਂ ਨੇ ਹਿੱਸਾ ਲਿਆ ਸੀ, ਜਿਨ੍ਹਾਂ ਵਿੱਚੋਂ 14 ਵਿਦਿਆਰਥੀਆਂ ਨੇ ਬਿਹਤਰ ਕਾਰਗੁਜਾਰੀ ਦਿਖਾ ਕੇ ਪਹਿਲੇ ਤਿੰਨ ਸਥਾਨ ਹਾਸਲ ਕੀਤੇ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਧਰਮ ਪ੍ਰਚਾਰ ਕਮੇਟੀ ਵਿਦਿਆਰਥੀਆਂ ਨੂੰ ਸਿੱਖ ਧਰਮ ਦੇ ਇਤਿਹਾਸ ਅਤੇ ਸਿਧਾਂਤਾਂ ਨਾਲ ਜੋੜਨ ਲਈ ਨਿਰੰਤਰ ਯਤਨਸ਼ੀਲ ਹੈ। ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਮੀਤ ਸਕੱਤਰ ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਸ਼ਾਨ ਸਿੰਘ ਅਤੇ ਪ੍ਰੋ. ਸੁਖਦੇਵ ਸਿੰਘ ਇੰਚਾਰਜ ਧਾਰਮਿਕ ਪ੍ਰੀਖਿਆ ਸਮੇਤ ਹੋਰ ਹਾਜ਼ਰ ਸਨ।






