ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਵਿਕਾਸ ਤੇ ਮੋਨੀਟਰਿੰਗ ਕਮੇਟੀ ਦੀ ਕੀਤੀ ਮੀਟਿੰਗ
ਬਠਿੰਡਾ – ਕੇਂਦਰੀ ਫੂਡ ਪ੍ਰਸੋਸਿੰਗ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ‘ਚ ਜ਼ਿਲ੍ਹਾ ਵਿਕਾਸ ਤੇ ਮੋਨੀਟਰਿੰਗ ਕਮੇਟੀ ਦੀ ਮੀਟਿੰਗ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਸਰਕਾਰ ਵੱਲੋਂ ਕੀਤੇ ਜਾ ਰਹੇ ਲੋਕ ਸਭਾ ਹਲਕਾ ਬਠਿੰਡਾ ਨਾਲ ਸਬੰਧਤ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੀਆਂ ਸਕੀਮਾਂ ਦੀ ਵੀ ਸਮੀਖਿਆ ਕੀਤੀ। ਬੈਠਕ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਬੀ. ਸ੍ਰੀਨਿਵਾਸਨ ਅਤੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਸ਼੍ਰੀ ਅਰਾਵਿੰਦ ਕੁਮਾਰ ਵੀ ਵਿਸ਼ੇਸ਼ ਤੌਰ ‘ਤੇ ਉਨ੍ਹਾਂ ਨਾਲ ਮੌਜੂਦ ਸਨ। ਬੈਠਕ ਦੀ ਪ੍ਰਧਾਨਗੀ ਕਰਦਿਆਂ ਕੇਂਦਰੀ ਮੰਤਰੀ ਸ਼੍ਰੀਮਤੀ ਬਾਦਲ ਵੱਲੋਂ ਬਠਿੰਡਾ ਲੋਕ ਸਭਾ ਹਲਕੇ ਅਧੀਨ ਕੇਂਦਰ ਅਤੇ ਪੰਜਾਬ ਸਰਕਾਰ ਦੁਆਰਾ ਸਾਂਝੇ ਤੌਰ ‘ਤੇ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕਰਦਿਆ ਕਿਹਾ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਕਿ ਚੱਲ ਰਹੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਕਾਸ ਦੇ ਜੋ ਕਾਰਜ ਮੁਕੰਮਲ ਹੋ ਚੁੱਕੇ ਹਨ ਉਨ੍ਹਾਂ ਦੇ ਵਰਤੋਂ ਸਰਟੀਫਿਕੇਟ ਵੀ ਜਲਦ ਜਮ੍ਹਾਂ ਕਰਵਾਏ ਜਾਣ। ਲੋਕ ਭਲਾਈ ਹਿੱਤ ਚਲਾਈਆਂ ਜਾ ਰਹੀਆਂ ਵੱਖ-ਵੱਖ ਸਰਕਾਰੀ ਸਕੀਮਾਂ ਦੀ ਸਮੀਖਿਆ ਕਰਦਿਆਂ ਕੇਂਦਰੀ ਮੰਤਰੀ ਸ਼੍ਰੀਮਤੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਤਹਿਤ ਕਿਸੇ ਵੀ ਯੋਗ ਲਾਭਪਾਤਰੀ ਨਾਲ ਕਿਸੇ ਤਰ੍ਹਾਂ ਦਾ ਕੋਈ ਵੀ ਵਿਤਕਰਾ ਨਾ ਕੀਤਾ ਜਾਵੇ ਸਗੋਂ ਯੋਗ ਲਾਭਪਾਤਰੀ ਨੂੰ ਬਣਦਾ ਲਾਭ ਹਰ ਹਾਲਤ ਵਿਚ ਦਿੱਤਾ ਜਾਣਾ ਯਕੀਨੀ ਬਣਾਇਆ ਜਾਵੇ। ਇਸ ਮੌਕੇ ਬਠਿੰਡਾ ਦਿਹਾਤੀ ਤੋਂ ਵਿਧਾਇਕਾ ਸ਼੍ਰੀਮਤੀ ਰੁਪਿੰਦਰ ਕੌਰ ਰੂਬੀ, ਹਲਕਾ ਮੌੜ ਦੇ ਵਿਧਾਇਕ ਸ਼੍ਰੀ ਜਗਦੇਵ ਸਿੰਘ ਕਮਾਲੂ, ਕਮਿਸ਼ਨਰ ਨਗਰ ਨਿਗਮ ਸ਼੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ਼੍ਰੀ ਪਰਮਵੀਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਜਨਰਲ ਸ਼੍ਰੀ ਸੁਖਪ੍ਰੀਤ ਸਿੰਘ ਸਿੱਧੂ, ਉਪ ਅਰਥ ਤੇ ਅੰਕੜਾ ਸਲਾਹਕਾਰ ਸ਼੍ਰੀ ਬਹਾਦਰ ਸਿੰਘ, ਮੇਅਰ ਨਗਰ ਨਿਗਮ ਬਠਿੰਡਾ ਸ਼੍ਰੀ ਬਲਵੰਤ ਰਾਏ ਨਾਥ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।






