April 23, 2026
#ਪ੍ਰਮੁੱਖ ਖ਼ਬਰਾਂ #ਭਾਰਤ

ਨਾਗਰਿਕਤਾ ਸੋਧ ਕਾਨੂੰਨ ‘ਤੇ ਸੁਪਰੀਮ ਕੋਰਟ ਦੀ ਰੋਕ ਲਗਾਉਣ ਤੋਂ ਨਾਂਹ

ਕੇਂਦਰ ਨੂੰ ਨੋਟਿਸ ਜਾਰੀ 22 ਜਨਵਰੀ ਨੂੰ ਹੋਵੇਗੀ ਸੁਣਵਾਈ

ਨਵੀਂ ਦਿੱਲੀ – ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦੇਣ ਵਾਲੀਆਂ 59 ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ ਕੀਤਾ। ਕੇਂਦਰ ਨੂੰ ਜਨਵਰੀ ਦੇ ਦੂਜੇ ਹਫ਼ਤੇ ਤੱਕ ਆਪਣਾ ਜਵਾਬ ਦਾਖਲ ਕਰਨਾ ਹੋਵੇਗਾ। ਸੁਪਰੀਮ ਕੋਰਟ ਨੇ ਕਾਨੂੰਨ ‘ਤੇ ਰੋਕ ਲਗਾਉਣ ਤੋਂ ਇਨਕਾਰ ਕਰਦੇ ਹੋਏ ਕਿਹਾ ਕਿ ਹਾਲੇ ਇਹ ਲਾਗੂ ਹੀ ਨਹੀਂ ਹੈ ਤਾਂ ਰੋਕ ਦਾ ਸਵਾਲ ਹੀ ਨਹੀਂ ਹੈ। ਮਾਮਲੇ ਦੀ ਅਗਲੀ ਸੁਣਵਾਈ 22 ਜਨਵਰੀ ਨੂੰ ਹੋਵੇਗੀ। ਪਟੀਸ਼ਨ ‘ਚ ਨਾਗਰਿਕਤਾ ਸੋਧ ਕਾਨੂੰਨ ਨੂੰ ਚੁਣੌਤੀ ਦਿੱਤੀ ਗਈ ਹੈ। ਸੁਣਵਾਈ ਦੌਰਾਨ ਪਟੀਸ਼ਨਕਰਤਾ ਵੱਲੋਂ ਪੱਖ ਰੱਖ ਰਹੇ ਕਪਿਲ ਸਿੱਬਲ ਨੇ ਕੋਰਟ ਤੋਂ ਕਾਨੂੰਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ। ਇਸ ‘ਤੇ ਸੁਪਰੀਮ ਕੋਰਟ ਨੇ ਕਿਹਾ ਕਿ ਦੇਖਣਾ ਹੋਵੇਗਾ ਕਿ ਕਾਨੂੰਨ ‘ਤੇ ਰੋਕ ਲਗਾਈ ਜਾ ਸਕਦੀ ਹੈ ਜਾਂ ਨਹੀਂ। ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਐੱਸ.ਏ. ਬੋਬੜੇ, ਜਸਟਿਸ ਬੀ.ਆਰ. ਗਵਈ ਤੇ ਜਸਟਿਸ ਸੂਰਿਆ ਕਾਂਤ ਦੇ ਬੈਂਚ ਨੇ ਨਾਗਰਿਕਤਾ ਸੋਧ ਕਾਨੂੰਨ 2019 ‘ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ। ਸੁਪਰੀਮ ਕੋਰਟ ਹੁਣ ਇਸ ਮਾਮਲੇ ਨੂੰ ਅਗਲੇ ਵਰ੍ਹੇ ਜਨਵਰੀ ‘ਚ ਸੁਣੇਗਾ। ਨਾਗਰਿਕਤਾ ਸੋਧ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦੇਣ ਵਾਲੀ ਕਾਂਗਰਸ, ਤ੍ਰਿਪੁਰਾ ਰਾਜ ਪਰਿਵਾਰ ਦੇ ਵੰਸ਼ਜ ਪ੍ਰਦਯੋਤ ਕਿਸ਼ੋਰ ਦੇਵ ਬਰਮਨ ਤੇ ਅਸਮ ਗਣ ਪ੍ਰੀਸ਼ਦ ਸਮੇਤ ਕਈਆਂ ਦੀਆਂ ਪਟੀਸ਼ਨਾਂ ‘ਤੇ ਸੁਪਰੀਮ ਕੋਰਟ ਨੇ ਅੱਜ ਸੁਣਵਾਈ ਕੀਤੀ। ਇਸ ਤੋਂ ਪਹਿਲਾਂ ਚੀਫ਼ ਜਸਟਿਸ ਐੱਸ.ਏ. ਬੋਬੜੇ ਦੀ ਪ੍ਰਧਾਨਗੀ ਹੇਠਲੇ ਬੈਂਚ ਨੇ ਸੋਮਵਾਰ 16 ਦਸੰਬਰ ਨੂੰ ਆਖਿਆ ਸੀ ਕਿ ਉਹ ਹੋਰ ਮੁਲਤਵੀ ਪਈਆਂ ਪਟੀਸ਼ਨਾਂ ਨਾਲ ਇਨ੍ਹਾਂ ਪਟੀਸ਼ਨਾਂ ਉੱਤੇ 18 ਦਸੰਬਰ ਨੂੰ ਸੁਣਵਾਈ ਕਰੇਗਾ। ਦੱਸਣਯੋਗ ਹੈ ਕਿ ਨਾਗਰਿਕਤਾ ਸੋਧ ਕਾਨੂੰਨ ਦੇ ਅਧੀਨ ਤਿੰਨ ਗੁਆਂਢੀ ਦੇਸ਼ਾਂ- ਪਾਕਿਸਤਾਨ, ਬੰਗਲਾਦੇਸ਼ ਅਤੇ ਅਫਗਾਨਿਸਤਾਨ ਤੋਂ ਧਾਰਮਿਕ ਪਰੇਸ਼ਾਨੀ ਦੇ ਸ਼ਿਕਾਰ ਘੱਟ ਗਿਣਤੀ ਸ਼ਰਨਾਰਥੀਆਂ ਨੂੰ ਭਾਰਤੀ ਨਾਗਰਿਕਤਾ ਦੇਣ ਦਾ ਪ੍ਰਬੰਧ ਹੈ। ਇਸ ਦੇ ਅਧੀਨ ਤਿੰਨੋਂ ਦੇਸ਼ਾਂ ਦੇ ਧਾਰਮਿਕ ਘੱਟ ਗਿਣਤੀਆਂ ਯਾਨੀ ਹਿੰਦੂ, ਸਿੱਖ, ਬੌਧ ਅਤੇ ਈਸਾਈ ਅਤੇ ਪਾਰਸੀ ਭਾਈਚਾਰੇ ਦੇ ਅਜਿਹੇ ਲੋਕਾਂ ਨੂੰ ਭਾਰਤੀ ਨਾਗਰਿਕਤਾ ਦਿੱਤੀ ਜਾਵੇਗੀ, ਜੋ 31 ਦਸੰਬਰ 2014 ਤੋਂ ਪਹਿਲਾਂ ਭਾਰਤ ਆਏ ਸਨ।ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੋਮਵਾਰ ਨੂੰ ਦੋਵੇਂ ਪਟੀਸ਼ਨਾਂ ਦੀ ਤੁਰੰਤ ਸੁਣਵਾਈ ਕਰਨ ਲਈ ਸੂਚੀਬੱਧ ਕਰਨ ਦੀ ਅਪੀਲ ਕਰਦਿਆਂ ਕਿਹਾ ਸੀ ਕਿ ਇਨ੍ਹਾਂ ਉੱਤੇ ਇਸ ਬਾਰੇ ਇੰਡੀਅਨ ਯੂਨੀਅਨ ਮੁਸਲਿਮ ਲੀਗ ਵੱਲੋਂ ਦਾਇਰ ਪਟੀਸ਼ਨ ਦੇ ਨਾਲ ਹੀ ਸੁਣਵਾਈ ਕੀਤੀ ਜਾਵੇ। ਕਾਂਗਰਸ ਸੰਸਦ ਮੈਂਬਰ ਜੈਰਾਮ ਰਮੇਸ਼ ਤੇ ਤ੍ਰਿਣਮੂਲ ਕਾਂਗਰਸ ਦੇ ਐਮ.ਪੀ. ਮਹੂਆ ਮੋਇਤਰਾ ਵੱਲੋਂ ਦਾਇਰ ਪਟੀਸ਼ਨਾਂ ਸਮੇਤ ਕਈ ਪਟੀਸ਼ਨਾਂ ਸੁਪਰੀਮ ਕੋਰਟ ਵਿੱਚ ਦਾਇਰ ਕੀਤੀਆਂ ਗਈਆਂ ਹਨ; ਜਿਨ੍ਹਾਂ ਵਿੱਚ ਨਾਗਰਿਕਤਾ ਸੋਧ ਕਾਨੂੰਨ ਦੀ ਸੰਵਿਧਾਨਕ ਵੈਧਤਾ ਨੂੰ ਚੁਣੌਤੀ ਦਿੱਤੀ ਗਈ ਹੈ।