ਕੈਪਟਨ ਅਮਰਿੰਦਰ ਸਿੰਘ ਵੱਲੋਂ ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ‘ਤੇ ਅਕਾਲੀਆਂ ਦੇ ਦੂਹਰੇ ਮਾਪਦੰਡਾਂ ਦੀ ਕਰੜੀ ਆਲੋਚਨਾ
ਅਕਾਲੀਆਂ ਨੂੰ ਭਾਜਪਾ ਨਾਲ ਸਬੰਧਾਂ ਬਾਰੇ ਆਪਣਾ ਸਟੈਂਡ ਸਪੱਸ਼ਟ ਕਰਨ ਲਈ ਆਖਿਆ
ਚੰਡੀਗੜ – ਕੌਮੀ ਨਾਗਰਿਕਤਾ ਰਜਿਸਟਰ ਅਤੇ ਨਾਗਰਿਕਤਾ ਸੋਧ ਕਾਨੂੰਨ ਦੇ ਮੁੱਦੇ ‘ਤੇ ਅਕਾਲੀਆਂ ਵੱਲੋਂ ਦੂਹਰਾ ਮਾਪਦੰਡ ਅਪਣਾਉਣ ਦੀ ਸਖ਼ਤ ਆਲੋਚਨਾ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਅਕਾਲੀ ਦਲ ਨੂੰ ਭਾਰਤੀ ਜਨਤਾ ਪਾਰਟੀ ਨੂੰ ਸਮਰਥਨ ਦੇਣ ਦੇ ਸਟੈਂਡ ਨੂੰ ਸਪੱਸ਼ਟ ਕਰਨ ਲਈ ਆਖਿਆ ਹੈ ਜਿਸ ਨਾਲ ਉਹ ਕੇਂਦਰ ਸਰਕਾਰ ਵਿੱਚ ਭਾਈਵਾਲ ਹੈ।ਇਨਾਂ ਸੰਵੇਦਨਸ਼ੀਲ ਮੁੱਦਿਆਂ ‘ਤੇ ਲੋਕਾਂ ਨੂੰ ਗੁੰਮਰਾਹ ਕੀਤੇ ਜਾਣ ਲਈ ਅਕਾਲੀਆਂ ‘ਤੇ ਵਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅਕਾਲੀ ਦਲ ਨੇ ਸੰਸਦ ਵਿੱਚ ਸੱਤਾਧਾਰੀ ਐਨ.ਡੀ.ਏ. ਵੱਲੋਂ ਪੇਸ਼ ਕੀਤੇ ਨਾਗਰਿਕਤਾ ਸੋਧ ਐਕਟ ਦੀ ਹਮਾਇਤ ਕੀਤੀ ਪਰ ਹੁਣ ਇਸ ਕਾਨੂੰਨ ਅਤੇ ਕੌਮੀ ਨਾਗਰਿਕਤਾ ਰਜਿਸਟਰ ਦੇ ਮੁੱਦਿਆਂ ‘ਤੇ ਆਪਾ ਵਿਰੋਧੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ।ਨਾਗਰਿਕਤਾ ਸੋਧ ਕਾਨੂੰਨ ਵਿੱਚ ਮੁਸਲਮਾਨਾਂ ਨੂੰ ਸ਼ਾਮਲ ਕਰਨ ਦੀ ਮੰਗ ਬਾਰੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਅਤੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਵੱਲੋਂ ਹਾਲ ਹੀ ਵਿੱਚ ਦਿੱਤੇ ਬਿਆਨਾਂ ਦੇ ਸੰਦਰਭ ਵਿੱਚ ਸਖ਼ਤ ਪ੍ਰਤੀਕਿਰਿਆ ਜ਼ਾਹਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਤੋਂ ਭਲੀ ਭਾਂਤ ਸਪੱਸ਼ਟ ਹੋ ਜਾਂਦਾ ਹੈ ਕਿ ਇਸ ਮਸਲੇ ‘ਤੇ ਅਕਾਲੀ ਦੂਹਰੀ ਖੇਡ ਖੇਡ ਰਹੇ ਹਨ। ਉਨਾਂ ਕਿਹਾ ਕਿ ਇਹ ਗੱਲ ਵੀ ਸਿੱਧ ਹੋ ਗਈ ਕਿ ਸੀ.ਏ.ਏ. ਅਤੇ ਐਨ.ਆਰ.ਸੀ. ਤੋਂ ਬਾਅਦ ਪੈਦਾ ਹੋਏ ਜਨਤਕ ਰੋਸ ਦੇ ਮੱਦੇਨਜ਼ਰ ਅਕਾਲੀ ਲੀਡਰਾਂ ਨੇ ਆਪਣੇ ਪਹਿਲੇ ਸਟੈਂਡ ਤੋਂ ਹੁਣ ਪੈਰ ਪਿਛਾਂਹ ਖਿੱਚਣ ਦਾ ਫੈਸਲਾ ਲੈ ਲਿਆ ਹੈ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਹ ਪਹਿਲੀ ਵਾਰ ਨਹੀਂ ਹੋਇਆ ਕਿ ਭਾਜਪਾ ਨਾਲ ਆਪਣੇ ਰਿਸ਼ਤਿਆਂ ਦੇ ਸਬੰਧ ਵਿੱਚ ਅਕਾਲੀਆਂ ਨੇ ਦੂਹਰਾ ਮਾਪਦੰਡ ਅਪਣਾਇਆ ਹੋਵੇ। ਇਸੇ ਅਕਾਲੀ ਦਲ ਨੇ ਹਰਿਆਣਾ ਦੀਆਂ ਵਿਧਾਨ ਸਭਾ ਚੋਣਾਂ ਵਿੱਚ ਇਕ ਪਾਸੇ ਤਾਂ ਐਨ.ਡੀ.ਏ. ਨਾਲ ਆਪਣਾ ਨਾਤਾ ਕਾਇਮ ਰੱਖਿਆ ਅਤੇ ਦੂਜੇ ਪਾਸੇ ਓਮ ਪ੍ਰਕਾਸ਼ ਚੌਟਾਲਾ ਦੀ ਪਾਰਟੀ ਇੰਡੀਅਨ ਨੈਸ਼ਨਲ ਲੋਕ ਦਲ ਨੂੰ ਸਮਰਥਨ ਦਿੱਤਾ। ਉਨਾਂ ਕਿਹਾ ਕਿ ਇੱਥੋਂ ਤੱਕ ਕਿ ਹਰਿਆਣਾ ਵਿੱਚ ਅਕਾਲੀ ਦਲ ਇਨੈਲੋ ਦੀ ਪਿੱਠ ‘ਤੇ ਖੜਾ ਸੀ ਜਦਕਿ ਦੂਜੇ ਪਾਸੇ ਪੰਜਾਬ ਵਿੱਚ ਭਾਜਪਾ ਦਾ ਭਾਈਵਾਲ ਬਣਿਆ ਹੋਇਆ ਸੀ ਜਿੱਥੇ ਇਸੇ ਸਮੇਂ ਦੌਰਾਨ ਹੀ ਕੁਝ ਹਲਕਿਆਂ ਵਿੱਚ ਜ਼ਿਮਨੀ ਚੋਣਾਂ ਹੋ ਰਹੀਆਂ ਸਨ।ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਹੁਣ ਅਕਾਲੀ ਦਲ ਨੂੰ ਐਨ.ਡੀ.ਏ. ਨਾਲ ਆਪਣਾ ਗੱਠਜੋੜ ਰੱਖਣ ਬਾਰੇ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਉਨਾਂ ਕਿਹਾ ਕਿ ਲੋਕ ਇਹ ਜਾਣਨਾ ਚਾਹੁੰਦੇ ਹਨ ਕਿ ਕੀ ਅਕਾਲੀ ਭਾਰਤੀ ਸੰਵਿਧਾਨ ਦੀਆਂ ਕਦਰਾਂ ਕੀਮਤਾਂ ਦਾ ਘਾਣ ਕਰਨ ਵਾਲੇ ਮੁੱਦਿਆਂ ਸਮੇਤ ਭਾਜਪਾ ਦੀ ਫੁੱਟਪਾਊ ਤੇ ਕਠੋਰ ਵਿਚਾਰਧਾਰਾ ਦਾ ਸਮਰਥਨ ਕਰਦੇ ਹਨ। ਉਨਾਂ ਕਿਹਾ ਕਿ ਲੋਕ ਅਕਾਲੀ ਦਲ ਦੇ ਦੂਹਰੇ ਕਿਰਦਾਰ ਅਤੇ ਗੁੰਮਰਾਹਕੁੰਨ ਬਿਆਨਬਾਜ਼ੀ ਨਾਲ ਮੂਰਖ ਨਹੀਂ ਬਣਨਾ ਚਾਹੁੰਦੇ।ਉਨਾਂ ਕਿਹਾ ਕਿ ਅਜਿਹੇ ਆਪਾ ਵਿਰੋਧੀ ਲਏ ਗਏ ਸਟੈਂਡ ਅਤੇ ਬਿਆਨਾਂ ਨੇ ਇਸ ਸਚਾਈ ਤੋਂ ਪਰਦਾ ਚੁੱਕ ਦਿੱਤਾ ਹੈ ਕਿ ਅਕਾਲੀਆਂ ਨੂੰ ਸਿਰਫ਼ ਆਪਣੇ ਸੌੜੇ ਸਿਆਸੀ ਹਿੱਤਾਂ ਨੂੰ ਅੱਗੇ ਵਧਾਉਣ ਨਾਲ ਹੀ ਸਰੋਕਾਰ ਹੈ ਅਤੇ ਕੌਮੀ ਮਹੱਤਤਾ ਵਾਲੇ ਕਿਸੇ ਵੀ ਮੁੱਦੇ ‘ਤੇ ਇਨਾਂ ਦਾ ਕੋਈ ਵਿਚਾਰਧਾਰਕ ਸਟੈਂਡ ਨਹੀਂ ਹੈ।