February 5, 2025
#ਪੰਜਾਬ #ਪ੍ਰਮੁੱਖ ਖ਼ਬਰਾਂ

ਜੋਗਿੰਦਰ ਸਿੰਘ ਮਾਨ ਨੇ ਪੰਜਾਬ ਐਗਰੋ ਇੰਡਸਟਰੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਜਾਖੜ ਨੇ ਗਰੀਬ-ਪੱਖੀ ਪਹਿਲਕਦਮੀਆਂ ਰਾਹੀਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਲਈ ਮਾਨ ਦੀਆਂ ਸੇਵਾਵਾਂ ਨੂੰ ਸਰਾਹਿਆ

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਜੋਗਿੰਦਰ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਇੱਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਵਿਧਾਇਕਾਂ ਅਤੇ ਕਾਂਗਰਸ ਦੇ ਹੋਰ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਪੰਜਾਬ ਐਗਰੋ ਇੰਡਸਟਰੀਜ਼ ਕਾਰਪੋਰੇਸ਼ਨ (ਪੀ.ਏ.ਆਈ.ਸੀ.) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ।ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਜਾਖੜ ਨੇ ਮਾਨ ਨੂੰ ਉਨ੍ਹਾਂ ਦੀ ਨਵੀਂ ਨਿਯੁਕਤੀ ‘ਤੇ ਵਧਾਈ ਦਿੰਦਿਆਂ ਉਹਨਾਂ ਵਲੋਂ ਪਾਰਟੀ ਨੂੰ ਜ਼ਮੀਨੀ ਪੱਧਰ ‘ਤੇ ਮਜ਼ਬੂਤ ਕਰਨ ਅਤੇ ਸਮਾਜ ਦੇ ਗਰੀਬ ਵਰਗਾਂ ਦੀ ਭਲਾਈ ਲਈ ਨਿਭਾਈਆਂ ਬੇਮਿਸਾਲ ਸੇਵਾਵਾਂ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਮਾਨ ਨੇ ਆਪਣੇ ਪੰਜ ਦਹਾਕਿਆਂ ਤੋਂ ਵੱਧ ਸਮੇਂ ਦੇ ਲੰਮੇ ਰਾਜਨੀਤਿਕ ਕਾਰਜਕਾਲ ਦੌਰਾਨ ਪਾਰਟੀ ਅਤੇ ਸੂਬੇ ਦੇ ਲੋਕਾਂ ਦੀ ਸੇਵਾ ਕੀਤੀ ਹੈ। ਉਨ੍ਹਾਂ ਉਮੀਦ ਜਤਾਈ ਕਿ ਮਾਨ ਦੀ ਯੋਗ ਅਗਵਾਈ ਹੇਠ ਸੂਬਾ ਸਰਕਾਰ ਦੀ ਪੰਜਾਬ ਭਰ ਵਿੱਚ ਖੇਤੀ ਅਧਾਰਤ ਉਦਯੋਗਾਂ ਨੂੰ ਹੋਰ ਉਤਸ਼ਾਹਤ ਕਰਨ ਦੀ ਯੋਜਨਾ ਨੂੰ ਲਾਗੂ ਕਰਨ ਵਿੱਚ ਪੀ.ਏ.ਆਈ.ਸੀ. ਨੂੰ ਸਹਾਇਤਾ ਮਿਲੇਗੀ ਜਿਸ ਨਾਲ ਸੂਬੇ ਵਿੱਚ ਕਿਸਾਨਾਂ ਦੀ ਆਮਦਨ ਵਧਾਉਣ ਵਿੱਚ ਵੀ ਮਦਦ ਮਿਲੇਗੀ।ਸ੍ਰੀ ਮਾਨ ਨੇ ਉਨ੍ਹਾਂ ਨੂੰ ਇਹ ਜ਼ਿੰਮੇਵਾਰੀ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੀ.ਏ.ਆਈ.ਸੀ. ਨੂੰ ਨਵੀਆਂ ਉਚਾਈਆਂ ‘ਤੇ ਲਿਜਾਣ ਲਈ ਆਪਣੀ ਯੋਗਤਾ ਤੇ ਸਮਰੱਥਾ ਨਾਲ ਸੰਸਥਾ ਦੀ ਸੇਵਾ ਕਰਨਗੇ। ਉਨ੍ਹਾਂ ਮੁੱਖ ਮੰਤਰੀ ਨੂੰ ਭਰੋਸਾ ਦਿੱਤਾ ਕਿ ਉਹ ਚੇਅਰਮੈਨ ਵਜੋਂ ਆਪਣੀਆਂ ਜ਼ਿੰਮੇਵਾਰੀਆਂ ਅਤੇ ਫਰਜ਼ਾਂ ਨੂੰ ਪੂਰੀ ਲਗਨ, ਇਮਾਨਦਾਰੀ ਅਤੇ ਵਚਨਬੱਧਤਾ ਨਾਲ ਨਿਭਾਉਣਗੇ।ਕਾਬਲੇਗੌਰ ਹੈ ਕਿ ਸੀਨੀਅਰ ਕਾਂਗਰਸੀ ਆਗੂ ਸ੍ਰੀ ਮਾਨ ਨੇ 1985, 1992 ਅਤੇ 2002 ‘ਚ ਤਿੰਨ ਵਾਰ ਪੰਜਾਬ ਵਿਧਾਨ ਸਭਾ ਵਿੱਚ ਫਗਵਾੜਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕੀਤੀ ਸੀ। ਮਾਨ ਨੇ ਸਾਬਕਾ ਮੁੱਖ ਮੰਤਰੀਆਂ ਮਰਹੂਮ ਬੇਅੰਤ ਸਿੰਘ ਅਤੇ ਹਰਚਰਨ ਸਿੰਘ ਬਰਾੜ ਤੋਂ ਇਲਾਵਾ ਰਜਿੰਦਰ ਕੌਰ ਭੱਠਲ ਅਤੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ‘ਚ ਬਤੌਰ ਮੰਤਰੀ ਵੀ ਸੇਵਾ ਨਿਭਾਈ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸਾਬਕਾ ਮੁੱਖ ਮੰਤਰੀ ਅਤੇ ਪੰਜਾਬ ਰਾਜ ਯੋਜਨਾ ਬੋਰਡ ਦੇ ਉਪ-ਚੇਅਰਪਰਸਨ ਰਜਿੰਦਰ ਕੌਰ ਭੱਠਲ, ਪੰਜਾਬ ਰਾਜ ਤਕਨੀਕੀ ਸਿੱਖਿਆ ਬੋਰਡ ਦੇ ਚੇਅਰਮੈਨ ਮਹਿੰਦਰ ਸਿੰਘ ਕੇਪੀ, ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਡਾ. ਰਾਜ ਕੁਮਾਰ ਵੇਰਕਾ, ਪੰਜਾਬ ਪਨਸੀਡ ਕਾਰਪੋਰੇਸ਼ਨ ਦੇ ਚੇਅਰਮੈਨ ਜੁਗਲ ਕਿਸ਼ੋਰ ਸ਼ਰਮਾ, ਵਿਧਾਇਕ ਨਵਤੇਜ ਸਿੰਘ ਚੀਮਾ, ਗੁਰਕੀਰਤ ਸਿੰਘ ਕੋਟਲੀ, ਗੁਰਪ੍ਰੀਤ ਸਿੰਘ ਜੀ.ਪੀ., ਸੰਤੋਖ ਸਿੰਘ ਭਲਾਈਪੁਰ, ਸੁਖਪਾਲ ਸਿੰਘ ਭੁੱਲਰ, ਕੁਲਦੀਪ ਸਿੰਘ ਵੈਦ, ਰਜਿੰਦਰ ਬੇਰੀ, ਧਰਮਵੀਰ ਅਗਨੀਹੋਤਰੀ, ਲਖਵੀਰ ਸਿੰਘ ਲੱਖਾ ਅਤੇ ਜਲੰਧਰ ਦੇ ਮੇਅਰ ਜਗਦੀਸ਼ ਰਾਜ ਰਾਜਾ ਸ਼ਾਮਲ ਸਨ।