February 5, 2025
#ਪੰਜਾਬ

ਵਿੱਤ ਮੰਤਰੀ ਦੀ ਪ੍ਰਧਾਨਗੀ ਹੇਠ ਹੋਈ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ

ਬਠਿੰਡਾ – ਵਿੱਤ ਮੰਤਰੀ ਪੰਜਾਬ ਸ. ਮਨਪ੍ਰੀਤ ਸਿੰਘ ਬਾਦਲ ਨੇ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਸ਼ਿਕਾਇਤ ਨਿਵਾਰਨ ਕਮੇਟੀ ਦੀ ਹੋਈ ਬੈਠਕ ਦੌਰਾਨ ਆਦੇਸ਼ ਦਿੱਤੇ ਕਿ ਲਾਈਨੋਂ ਪਾਰ ਇਲਾਕੇ ਵਿੱਚ ਸਪੋਰਟਸ ਕੰਪਲੈਕਸ ਅਤੇ ਕੰਮਿਊਨਟੀ ਸੈਂਟਰ ਲਈ ਢੁੱਕਵੀਆਂ ਥਾਵਾਂ ਦੀ ਤਲਾਸ਼ ਕੀਤੀ ਜਾਵੇ। ਮਹੀਨਾਵਾਰ ਬੈਠਕ ਦੀ ਪ੍ਰਧਾਨਗੀ ਕਰਦਿਆਂ ਉਨ੍ਹਾਂ ਜ਼ਿਲ੍ਹੇ ਦੇ ਸ਼ਹਿਰਾਂ ਅਤੇ ਪਿੰਡਾਂ ‘ਚ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦੇ ਨਿਪਟਾਰੇ ਬਾਰੇ ਅਧਿਕਾਰੀਆਂ ਨਾਲ ਵਿਚਾਰ ਚਰਚਾ ਕਰਦਿਆਂ ਯੋਗ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕਰਨ ਦੇ ਦਿਸ਼ਾ ਨਿਰਦੇਸ਼ ਵੀ ਦਿੱਤੇ। ਵਿੱਤ ਮੰਤਰੀ ਨੇ ਬਠਿੰਡਾ ਸ਼ਹਿਰ ਦੀਆਂ ਸਮੱਸਿਆਵਾਂ ਬਾਰੇ ਚਰਚਾ ਕਰਦਿਆਂ ਡਿਪਟੀ ਕਮਿਸ਼ਨਰ ਨੂੰ ਆਦੇਸ਼ ਦਿੱਤੇ ਕਿ ਇੱਥੋਂ ਦੇ ਲਾਈਨੋਂ ਪਾਰ ਖੇਤਰ ਦੇ ਨੌਜਵਾਨਾਂ ਨੂੰ ਲੰਬੇ ਸਮੇਂ ਤੋਂ ਖੇਡਣ ਲਈ ਖੇਡ ਮੈਦਾਨ ਦੀ ਕਾਫੀ ਸਮੱਸਿਆ ਆ ਰਹੀ ਹੈ। ਇਸ ਲਈ ਇੱਥੇ ਸਪੋਰਟਸ ਕੰਪਲੈਕਸ ਬਣਾਉਣ ਲਈ ਯੋਗ ਸਥਾਨ ਦੀ ਤਲਾਸ਼ ਕੀਤੀ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਲਾਈਨੋਂ ਪਾਰ ਖੇਤਰ ਦੇ ਵਸਨੀਕਾਂ ਦੀ ਮੰਗ ਅਨੁਸਾਰ ਉੱਥੇ ਕੰਮਿਊਨਟੀ ਸੈਂਟਰ ਬਣਾਉਣ ਲਈ ਵੀ ਯੋਗ ਸਥਾਨ ਦੀ ਚੋਣ ਕਰਨ ਬਾਰੇ ਵੀ ਅਧਿਕਾਰੀਆਂ ਨੂੰ ਕਿਹਾ। ਵਿੱਤ ਮੰਤਰੀ ਸ. ਬਾਦਲ ਨੇ ਜ਼ਿਲ੍ਹੇ ਦੇ ਪਿੰਡਾਂ ਦੀਆਂ ਸਮੱਸਿਆਵਾਂ ਬਾਰੇ ਵਿਚਾਰ-ਵਟਾਦਰਾ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪਿੰਡਾਂ ‘ਚ ਸਥਿਤ ਛੱਪੜਾਂ ਦੀ ਸਫਾਈ ਨੂੰ ਪਹਿਲ ਦੇ ਆਧਾਰ ਤੇ ਪੰਚਾਇਤਾਂ ਦੇ ਸਹਿਯੋਗ ਨਾਲ ਕੀਤਾ ਜਾਵੇ। ਉਨ੍ਹਾਂ ਪੇਂਡੂ ਲੋਕਾਂ ਦੀ ਮੰਗ ਅਨੁਸਾਰ ਲਿੰਕ ਸੜਕਾਂ ਚੌੜੀਆਂ ਕਰਨ ਲਈ ਵੀ ਅਧਿਕਾਰੀਆਂ ਨੂੰ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਸੜਕਾਂ ‘ਤੇ ਕੀਤੇ ਨਜਾਇਜ਼ ਕਬਜ਼ੇ ਵੀ ਹਟਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸ਼ਹਿਰ ਅੰਦਰ ਟ੍ਰੈਫਿਕ ਅਤੇ ਅਵਾਰਾ ਪਸ਼ੂਆਂ ਦੀ ਦਿਨ-ਬ-ਦਿਨ ਵੱਧ ਰਹੀ ਸਮੱਸਿਆ ਤੇ ਚਿੰਤਾ ਜ਼ਾਹਿਰ ਕਰਦਿਆਂ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਇਸ ਸਮੱਸਿਆ ਦੇ ਯੋਗ ਹੱਲ ਤਲਾਸ਼ਨ ਦੀ ਹਦਾਇਤ ਕੀਤੀ। ਉਨ੍ਹਾਂ ਮੌੜ ਮੰਡੀ ਵਿਖੇ ਚੋਰੀਆਂ ਅਤੇ ਲੁੱਟਾਂ ਖੋਹਾਂ ਦੀਆਂ ਹੋ ਰਹੀਆਂ ਵਾਰਦਾਤਾਂ ਦੇ ਢੁੱਕਵੇਂ ਹੱਲ ਲਈ ਜ਼ਿਲ੍ਹਾ ਪੁਲਿਸ ਮੁਖੀ ਨੂੰ ਹਦਾਇਤ ਕੀਤੀ ਕਿ ਇੱਥੇ ਕਾਬਿਲ ਅਧਿਕਾਰੀਆਂ ਨੂੰ ਨਿਯੁਕਤ ਕੀਤਾ ਜਾਵੇ, ਤਾਂ ਜੋ ਮੰਡੀ ਵਿੱਚ ਹੋ ਰਹੇ ਜੁਰਮ ਨੂੰ ਮੁਕੰਮਲ ਤੌਰ ਤੇ ਖਤਮ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਹਸਪਤਾਲ ‘ਚ ਵੈਂਟੀਲੇਟਰ ਅਤੇ ਸਟਾਫ ਦੀ ਘਾਟ ਨੂੰ ਜਲਦ ਪੂਰਾ ਕਰਨ ਦਾ ਵਿਸ਼ਵਾਸ ਦਵਾਇਆ। ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਬੀ ਸ੍ਰੀਨਿਵਾਸਨ, ਜ਼ਿਲ੍ਹਾ ਪੁਲਿਸ ਮੁਖੀ ਡਾ.ਨਾਨਕ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਿਕਰਮਜੀਤ ਸਿੰਘ ਸ਼ੇਰਗਿੱਲ, ਇੰਮਪਰੂਵਮੈਂਟ ਟਰੱਸਟ ਦੇ ਚੇਅਰਮੈਨ ਕੇ.ਕੇ.ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ.ਸੁਖਪ੍ਰੀਤ ਸਿੰਘ ਸਿੱਧੂ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਪਰਮਵੀਰ ਸਿੰਘ, ਐਸ ਡੀ ਐਮ ਸ.ਅਮਰਿੰਦਰ ਸਿੰੰਘ ਟਿਵਾਣਾ, ਮੇਅਰ ਨਗਰ ਨਿਗਮ ਸ੍ਰੀ ਬਲਵੰਤ ਰਾਏ ਨਾਥ, ਜ਼ਿਲ੍ਹਾ ਕਾਂਗਰਸ (ਸ਼ਹਿਰੀ) ਪ੍ਰਧਾਨ ਸ੍ਰੀ ਅਰੁਣ ਵਧਾਵਨ ਅਤੇ ਕਾਂਗਰਸੀ ਆਗੂ ਜਗਰੂਪ ਗਿੱਲ, ਸ੍ਰੀ ਮੋਹਨਲਾਲ ਝੂੰਬਾ, ਅਸ਼ੋਕ ਪ੍ਰਧਾਨ ਆਦਿ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਉਨ੍ਹਾਂ ਦੇ ਨੁਮਾਇੰਦੇ ਹਾਜ਼ਰ ਸਨ।