February 5, 2025
#ਭਾਰਤੀ ਡਾਇਸਪੋਰਾ

ਭਾਈ ਲੌਂਗੋਵਾਲ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਵੱਲੋਂ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ

ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸ਼ਹੀਦੀ ਸਭਾ ਦੇ ਦੂਜੇ ਦਿਨ ਲੱਖਾਂ ਸੰਗਤਾਂ ਨਤਮਸਤਕ

ਸ੍ਰੀ ਫਤਹਿਗੜ੍ਹ ਸਾਹਿਬ – ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦੇ ਬਾਬਾ ਜ਼ੋਰਾਵਰ ਸਿੰਘ, ਬਾਬਾ ਫਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਜੀ ਦੇ ਸ਼ਹੀਦੀ ਸਭਾ ਮੌਕੇ ਦੂਸਰੇ ਦਿਨ ਦੇਸ਼-ਵਿਦੇਸ਼ ਤੋਂ ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਨਤਮਸਤਕ ਹੋ ਕੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਦਰਬਾਰ ਵਿਖੇ ਅੰਮ੍ਰਿਤ ਵੇਲੇ ਆਸਾ ਦੀ ਵਾਰ ਦਾ ਕੀਰਤਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਸਪਿੰਦਰ ਸਿੰਘ ਨੇ ਕੀਤਾ। ਇਸ ਤੋਂ ਇਲਾਵਾ 6 ਪੋਹ ਤੋਂ 13 ਪੋਹ ਤੱਕ ਲੜੀਵਾਰ ਚੱਲ ਰਹੇ ਗੁਰਮਤਿ ਸਮਾਗਮਾਂ ਤਹਿਤ ਗੁਰਦੁਆਰਾ ਸਾਹਿਬ ਵਿਖੇ ਹਜ਼ੂਰੀ ਰਾਗੀ ਭਾਈ ਜਗਤਾਰ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਨੇ ਸਾਹਿਬਜ਼ਾਦਿਆਂ ਦੇ ਇਤਿਹਾਸ ਦੀ ਲੜੀਵਾਰ ਕਥਾ ਕੀਤੀ। ਇਸੇ ਦੌਰਾਨ ਸਾਰਾ ਦਿਨ ਗੁਰਬਾਣੀ ਕੀਰਤਨ ਦਾ ਪ੍ਰਵਾਹ ਚੱਲਦਾ ਰਿਹਾ। ਇਸ ਤੋਂ ਇਲਾਵਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਟੋਡਰ ਮੱਲ ਦੀਵਾਨ ਹਾਲ ਅਤੇ ਗੁਰਦੁਆਰਾ ਸਾਹਿਬ ਦੇ ਬਿਲਕੁਲ੍ਹ ਸਾਹਮਣੇ ਬਾਹਰਵਾਰ ਖੁੱਲ੍ਹੇ ਪੰਡਾਲ ਵਿਚ ਧਾਰਮਿਕ ਦੀਵਾਨ ਵੀ ਸਜਾਏ ਗਏ, ਜਿਨ੍ਹਾਂ ਵਿਚ ਪੰਥ ਪ੍ਰਸਿੱਧ ਕਥਾਵਾਚਕ, ਢਾਡੀ ਅਤੇ ਕਵੀਸ਼ਰੀ ਜੱਥਿਆਂ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ, ਮਾਤਾ ਗੁਜਰੀ ਜੀ ਅਤੇ ਛੋਟੇ ਸਾਹਿਬਜ਼ਾਦਿਆਂ ਦਾ ਜੀਵਨ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ। ਸਾਲਾਨਾ ਸ਼ਹੀਦੀ ਸਭਾ ਮੌਕੇ ਪੁੱਜੀਆਂ ਲੱਖਾਂ ਸੰਗਤਾਂ ਦੀ ਸਹੂਲਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਿਸ਼ਾਲ ਪੱਧਰ ‘ਤੇ ਲੰਗਰਾਂ, ਮੈਡੀਕਲ ਡਿਸਪੈਂਸਰੀਆਂ, ਧਾਰਮਿਕ ਸਾਹਿਤ ਪ੍ਰਦਰਸ਼ਨੀਆਂ, ਰਿਹਾਇਸ਼, ਟੈਂਟ, ਜੋੜੇ-ਘਰ, ਗਠੜੀ ਘਰ ਆਦਿ ਦੇ ਪ੍ਰਬੰਧ ਕੀਤੇ ਗਏ। ਇਸ ਦੇ ਨਾਲ ਹੀ ਸੰਗਤਾਂ ਤੇ ਸੇਵਾ ਸੁਸਾਇਟੀਆਂ ਵੱਲੋਂ ਵੀ ਵੱਡੀ ਪੱਧਰ ‘ਤੇ ਸੰਗਤ ਦੀ ਸੇਵਾ ਲਈ ਵੱਖ ਵੱਖ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਸਨ।ਸ਼ਹੀਦੀ ਸਭਾ ਦੌਰਾਨ ਅੱਜ ਦਸਮ ਪਾਤਸ਼ਾਹ ਜੀ ਦੇ ਛੋਟੇ ਸਾਹਿਬਜ਼ਾਦਿਆਂ ਅਤੇ ਮਾਤਾ ਗੁਜਰ ਕੌਰ ਜੀ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਵੱਖ ਵੱਖ ਧਾਰਮਿਕ, ਰਾਜਸੀ ਤੇ ਸਮਾਜਿਕ ਸ਼ਖ਼ਸੀਅਤਾਂ ਨੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਹਾਜ਼ਰੀ ਭਰੀ। ਗੁਰੂ ਘਰ ਨਤਮਸਤਕ ਹੋਣ ਵਾਲੀਆਂ ਸ਼ਖ਼ਸੀਅਤਾਂ ਵਿਚ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ, ਸਾਬਕਾ ਸਾਂਸਦ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਸ. ਸੁਰਜੀਤ ਸਿੰਘ ਰੱਖੜਾ, ਸ. ਦੀਦਾਰ ਸਿੰਘ ਭੱਟੀ, ਸ. ਹੀਰਾ ਸਿੰਘ ਗਾਬੜੀਆ, ਵਿਧਾਇਕ ਸ. ਹਰਿੰਦਰਪਾਲ ਸਿੰਘ ਚੰਦੂਮਾਜਰਾ, ਸ. ਦਰਬਾਰਾ ਸਿੰਘ ਗੁਰੂ, ਸ. ਜਗਦੀਪ ਸਿੰਘ ਚੀਮਾ ਆਦਿ ਸ਼ਾਮਲ ਸਨ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗੱਲਬਾਤ ਕਰਦਿਆਂ ਕਿਹਾ ਕਿ ਛੋਟੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦਾ ਇਤਿਹਾਸ ਲਾਸਾਨੀ ਹੈ, ਜਿਸ ਤੋਂ ਹਿੰਮਤ, ਅਣਖ, ਦਲੇਰੀ ਅਤੇ ਨਿਡਰਤਾ ਨਾਲ ਧਰਮ ਦੇ ਅਸੂਲਾਂ ‘ਤੇ ਪਹਿਰਾ ਦੇਣ ਦੀ ਪ੍ਰੇਰਣਾ ਮਿਲਦੀ ਹੈ। ਭਾਈ ਲੌਂਗੋਵਾਲ ਨੇ ਬਾਬਾ ਮੋਤੀ ਰਾਮ ਮਹਿਰਾ ਅਤੇ ਦੀਵਾਨ ਟੋਡਰ ਮੱਲ ਦੇ ਸਮਰਪਣ ਨੂੰ ਵੀ ਸ਼ਰਧਾ ਤੇ ਸਤਿਕਾਰ ਭੇਟ ਕੀਤਾ।ਇਸ ਮੌਕੇ ਅੰਤਿੰਰਗ ਕਮੇਟੀ ਮੈਂਬਰ ਬੀਬੀ ਕੁਲਦੀਪ ਕੌਰ ਟੌਹੜਾ, ਸ. ਜਸਮੇਰ ਸਿੰਘ ਲਾਛੜੂ, ਸ਼੍ਰੋਮਣੀ ਕਮੇਟੀ ਦੇ ਮੈਂਬਰ ਸ. ਕਰਨੈਲ ਸਿੰਘ ਪੰਜੋਲੀ, ਸ. ਅਵਤਾਰ ਸਿੰਘ ਰਿਆ, ਸ. ਰਵਿੰਦਰ ਸਿੰਘ ਖ਼ਾਲਸਾ, ਸ. ਬਲਦੇਵ ਸਿੰਘ ਚੂੰਘਾ, ਸ. ਪਰਮਜੀਤ ਸਿੰਘ ਖ਼ਾਲਸਾ ਬਰਨਾਲਾ, ਸ. ਚਰਨਜੀਤ ਸਿੰਘ ਕਾਲੇਵਾਲ, ਸ. ਨਿਰਮੈਲ ਸਿੰਘ ਜੌਲਾਂ, ਸ. ਗੁਰਪ੍ਰੀਤ ਸਿੰਘ ਰਾਜੂ ਖੰਨਾ, ਬਾਬਾ ਜਗਜੀਤ ਸਿੰਘ ਬੜੂ ਸਾਹਿਬ, ਸ. ਸਵਰਨ ਸਿੰਘ ਚਨਾਰਥਲ, ਸਕੱਤਰ ਸ. ਅਵਤਾਰ ਸਿੰਘ ਸੈਂਪਲਾ, ਵਧੀਕ ਸਕੱਤਰ ਇੰਜ: ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂਘੁੰਮਣ, ਮੈਨੇਜਰ ਸ. ਨੱਥਾ ਸਿੰਘ, ਇੰਚਾਰਜ ਸ. ਪਰਮਦੀਪ ਸਿੰਘ, ਮੈਨੇਜਰ ਸ. ਅਮਰਜੀਤ ਸਿੰਘ, ਸ. ਦਰਸ਼ਨ ਸਿੰਘ ਪੀ.ਏ. ਅਤੇ ਲੱਖਾਂ ਦੀ ਗਿਣਤੀ ਵਿਚ ਦੇਸ਼-ਵਿਦੇਸ਼ਾਂ ਦੀਆਂ ਸੰਗਤਾਂ ਹਾਜ਼ਰ ਸਨ।ਧਾਰਮਿਕ ਸਟੇਜ ਤੋਂ ਆਗੂਆਂ ਨੇ ਸ਼ਹੀਦਾਂ ਨੂੰ ਕੀਤਾ ਯਾਦ- ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਸਾਹਮਣੇ ਲਗਾਈ ਗਈ ਧਾਰਮਿਕ ਸਟੇਜ ਤੋਂ ਜਿਥੇ ਵੱਖ-ਵੱਖ ਢਾਡੀ ਕਵੀਸ਼ਰਾਂ ਤੇ ਪ੍ਰਚਾਰਕਾਂ ਨੇ ਛੋਟੇ ਸਾਹਿਬਜ਼ਾਦਿਆਂ ਦਾ ਲਾਸਾਨੀ ਇਤਿਹਾਸ ਸੰਗਤ ਨੂੰ ਸਰਵਨ ਕਰਵਾਇਆ, ਉਥੇ ਹੀ ਪ੍ਰਮੁੱਖ ਆਗੂਆਂ ਨੇ ਵੀ ਸ਼ਹੀਦਾਂ ਨੂੰ ਯਾਦ ਕਰਦਿਆਂ ਉਨ੍ਹਾਂ ਦੇ ਪਾਏ ਹੋਏ ਪੂਰਨਿਆਂ ‘ਤੇ ਚੱਲਣ ਦੀ ਪ੍ਰੇਰਣਾ ਕੀਤੀ। ਇਸ ਮੌਕੇ ਸਾਬਕਾ ਸਾਂਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰਨਾਂ ਆਗੂਆਂ ਨੇ ਸਾਹਿਬਜ਼ਾਦਿਆਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਕਿਹਾ ਕਿ ਦੁਨੀਆਂ ਦੇ ਧਾਰਮਿਕ ਇਤਿਹਾਸ ਅੰਦਰ ਸਾਕਾ ਸਰਹਿੰਦ ਇਕ ਅਜਿਹੀ ਵਿਲੱਖਣ ਦਾਸਤਾਨ ਹੈ, ਜਿਸ ਨੇ ਸਿੱਖ ਕੌਮ ਨੂੰ ਜ਼ਬਰ ਜ਼ੁਲਮ ਖਿਲਾਫ਼ ਲੜਨ ਦੀ ਸ਼ਕਤੀ ਦਿੱਤੀ। ਉਨ੍ਹਾਂ ਕਿਹਾ ਕਿ ਸਾਹਿਬਜ਼ਾਦਿਆਂ ਦੇ ਲਾਸਾਨੀ ਜੀਵਨ ਤੋਂ ਸੰਗਤ ਆਪਣੇ ਬੱਚਿਆਂ ਨੂੰ ਜਾਣੂ ਕਰਵਾ ਕੇ ਧਰਮ ਦੀ ਸਿੱਖਿਆ ਨਾਲ ਜੋੜਨ। ਉਨ੍ਹਾਂ ਆਖਿਆ ਕਿ ਛੋਟੇ ਸਾਹਿਬਜ਼ਾਦਿਆਂ ਦਾ ਸ਼ਹੀਦੀ ਦਿਹਾੜਾ ਸਾਨੂੰ ਸਵੈਮਾਨ ਅਤੇ ਮਾਨਵਤਾ ਖਾਤਰ ਕੁਰਬਾਨੀ ਦਾ ਸੁਨੇਹਾ ਦਿੰਦਾ ਹੈ। ਉਨ੍ਹਾਂ ਆਖਿਆ ਕਿ ਜਿਸ ਦ੍ਰਿੜ੍ਹਤਾ ਤੇ ਦਲ੍ਹੇਰੀ ਨਾਲ ਸਾਹਿਬਜ਼ਾਦਿਆਂ ਨੇ ਮਾਨਵੀ ਹੱਕਾਂ ਲਈ ਸ਼ਹਾਦਤ ਦਿੱਤੀ, ਉਸ ਨੇ ਵਿਸ਼ਵ ਦਾ ਇਤਿਹਾਸ ਹੀ ਬਦਲ ਦਿੱਤਾ।