May 6, 2026
#ਪੰਜਾਬ #ਭਾਰਤੀ ਡਾਇਸਪੋਰਾ

ਮਸਲਾ ਨਗਰ ਕੀਰਤਨ ਦੇ ਪ੍ਰਬੰਧਕਾਂ ‘ਤੇ ਯੂ.ਪੀ. ਵਿੱਚ ਮਾਮਲਾ ਦਰਜ ਕਰਨ ਦਾ

ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਦਿੱਲੀ ਕਮੇਟੀ ਨੂੰ ਪੈਰਵਾਈ ਦੇ ਆਦੇਸ਼

ਤਲਵੰਡੀ ਸਾਬੋ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਪੀਲੀਭੀਤ ਵਿਖੇ ਨਗਰ ਕੀਰਤਨ ਦੇ ਪ੍ਰਬੰਧਕਾਂ ਤੇ ਮਾਮਲਾ ਦਰਜ ਕਰਨ ਦੀ ਨਿਖੇਧੀ ਕਰਦਿਆਂ ਇਸਨੂੰ ਸਿੱਖਾਂ ਦੀ ਅਜਾਦੀ ਤੇ ਉੱਤਰ ਪ੍ਰਦੇਸ਼ ਸਰਕਾਰ ਦਾ ਹਮਲਾ ਦਸਦੇ ਹੋਏ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਦੀ ਪੈਰਵਾਈ ਕਰਨ ਦੇ ਆਦੇਸ਼ ਦਿੱਤੇ ਹਨ। ਦਮਦਮਾ ਸਾਹਿਬ ਤੋਂ ਜਾਰੀ ਪ੍ਰੈੱਸ ਬਿਆਨ ਵਿੱਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੇ ਮਾਮਲੇ ਦੀ ਨਿਖੇਧੀ ਕਰਦੇ ਹੋਏ ਕਿਹਾ ਕਿ ਧਾਰਾ 144 ਤੋਂ ਵਿਆਹ ਤੇ ਧਾਰਮਿਕ ਸਮਾਗਮਾ ਨੂੰ ਬਾਹਰ ਰੱਖਿਆ ਜਾਂਦਾ ਹੈ। ਉਹਨਾਂ ਕਿਹਾ ਕਿ ਸਾਹਿਬਜਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਨਗਰ ਕੀਰਤਨ ਨੂੰ ਰੋਕਣ ਦਾ ਯਤਨ ਕਰਨਾ ਸਰਕਾਰ ਵੱਲੋਂ ਮੰਦਭਾਗਾ ਹੈ ਤੇ ਨਗਰ ਕੀਰਤਨ ਦੇ ਪ੍ਰਬੰਧਕਾਂ ਤੇ ਮਾਮਲੇ ਦਰਜ ਕਰਨਾ ਉੱਤਰ ਪ੍ਰਦੇਸ਼ ਸਰਕਾਰ ਦਾ ਘਿਨਾਉਣਾ ਕਦਮ ਹੈ।ਉਹਨਾਂ ਕਿਹਾ ਕਿ ਸਰਕਾਰ ਵੱਲੋਂ ਕੀਤੀ ਗਈ ਇਸ ਕਾਰਵਾਈ ਤੇ ਮੁੜ ਵਿਚਾਰ ਕਰਕੇ ਸਿੱਖ ਸੰਗਤ ਤੋਂ ਮਾਫੀ ਮੰਗਣੀ ਚਾਹੀਦੀ ਹੈ।ਜਥੇਦਾਰ ਨੇ ਕਿਹਾ ਕਿ ਸਾਹਿਬਾਦਿਆਂ ਨੇ ਮਾਨਵਤਾ ਤੇ ਮਨੁੱਖਤਾ ਲਈ ਕੁਰਬਾਨੀ ਕੀਤੀ ਹੈ ਜਿੰਨਾ ਦੀ ਕੁਰਬਾਨੀ ਦੀ ਮਿਸਾਲ ਹੋਰ ਕਿਤੇ ਵੀ ਨਹੀ ਮਿਲਦੀ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਮਾਮਲੇ ਦੀ ਪੈਰਵਾਈ ਕਰਨ ਲਈ ਕਿਹਾ ਗਿਆ ਹੈ ਤੇ ਮਾਮਲੇ ਵਿੱਚ ਸਿੱਖਾਂ ਦੀ ਗ੍ਰਿਫਤਾਰੀ ਕਿਸੇ ਕੀਮਤ ਵਿੱਚ ਨਹੀ ਹੋਣ ਦਿੱਤੀ ਜਾਵੇਗੀ।