Skip to content

ਦਸਮ ਪਾਤਸ਼ਾਹ ਦੇ ਪ੍ਰਕਾਸ਼ ਦਿਹਾੜੇ ਮੌਕੇ ਲੱਖਾਂ ਸੰਗਤਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ

Share this story

ਜਲੌ ਬਣੇ ਖਿੱਚ ਦਾ ਕੇਂਦਰ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ

ਅੰਮ੍ਰਿਤਸਰ – ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੁੱਜ ਕੇ ਗੁਰਬਾਣੀ ਕੀਰਤਨ ਸਰਵਣ ਕੀਤਾ। ਭਾਰੀ ਠੰਡ ਦੇ ਚੱਲਦਿਆਂ ਵੀ ਸੰਗਤਾਂ ਦੀ ਸ਼ਰਧਾ ਬਣੀ ਰਹੀ। ਇਸੇ ਦੌਰਾਨ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਇ ਸਾਹਿਬ ਵਿਖੇ ਸਜਾਏ ਗਏ ਜਲੌ ਦੇ ਸੰਗਤ ਨੇ ਦਰਸ਼ਨ ਕੀਤੇ ਤੇ ਅਨੰਦ ਮਾਣਿਆ। ਦੱਸਣਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਪੁਰਬਾਂ ਸਮੇਂ ਤੋਸ਼ਾਖਾਨਾ ਵਿਚ ਸੁਰੱਖਿਅਤ ਕੀਮਤੀ ਵਸਤੂਆਂ ਦੇ ਜਲੌ ਸਜਾਏ ਜਾਂਦੇ ਹਨ, ਜਿਸ ਦੀ ਆਭਾ ਦੇਖਣਯੋਗ ਹੁੰਦੀ ਹੈ।ਪ੍ਰਕਾਸ਼ ਗੁਰਪੁਰਬ ਦੇ ਸਬੰਧ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਭਾਈ ਸੁਲਤਾਨ ਸਿੰਘ ਨੇ ਅਰਦਾਸ ਕੀਤੀ, ਜਿਸ ਮਗਰੋਂ ਸਜਾਏ ਗਏ ਧਾਰਮਿਕ ਦੀਵਾਨ ਵਿਚ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਸੰਗਤ ਨੂੰ ਦਸਮ ਪਾਤਸ਼ਾਹ ਜੀ ਦੇ ਜੀਵਨ ਇਤਿਹਾਸ ਨਾਲ ਜੋੜਿਆ। ਪ੍ਰਕਾਸ਼ ਦਿਹਾੜੇ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਸਮੇਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤ ਨੂੰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਜੀਵਨ ਤੋਂ ਸੇਧ ਲੈਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਵਧੀਕ ਮੈਨੇਜਰ ਸ. ਬਘੇਲ ਸਿੰਘ, ਸ. ਨਿਸ਼ਾਨ ਸਿੰਘ, ਸ. ਸੁਖਰਾਜ ਸਿੰਘ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਮੌਜੂਦ ਸਨ। ਓਧਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਨਮੁੱਖ ਹਰ ਸਾਲ ਦੀ ਤਰ੍ਹਾਂ ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਸਕੂਲਾਂ ਦੇ ਬੱਚਿਆਂ ਵੱਲੋਂ ਗੁਰਬਾਣੀ ਕੀਰਤਨ ਕਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਤੇ ਸਤਿਕਾਰ ਦਾ ਪ੍ਰਗਟਾਵਾ ਕੀਤਾ ਗਿਆ।

Share this story
WRITTEN BY

BREAKING