Skip to content

ਸ਼੍ਰੋਮਣੀ ਕਮੇਟੀ ਨੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦਾ ਸਮਾਂ ਵਧਾਇਆ

Share this story

ਹੁਣ ਸ਼ਰਧਾਲੂ 20 ਜਨਵਰੀ ਤੱਕ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ

ਅੰਮ੍ਰਿਤਸਰ – ਖ਼ਾਲਸਾ ਪੰਥ ਦੇ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਦੇ ਗੁਰਧਾਮਾਂ ਦੀ ਯਾਤਰਾ ’ਤੇ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਮਿਤੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵਾਧਾ ਕਰ ਦਿੱਤਾ ਗਿਆ ਹੈ। ਹੁਣ ਸਿੱਖ ਸ਼ਰਧਾਲੂ 20 ਜਨਵਰੀ 2020 ਤੱਕ ਆਪਣੇ ਪਾਸਪੋਰਟ ਜਮ੍ਹਾਂ ਕਰਵਾ ਸਕਣਗੇ। ਇਸ ਤੋਂ ਪਹਿਲਾਂ 30 ਦਸੰਬਰ 2019 ਤੱਕ ਪਾਸਪੋਰਟ ਜਮ੍ਹਾਂ ਕਰਵਾਉਣ ਦੀ ਤਾਰੀਕ ਮਿਥੀ ਗਈ ਸੀ। ਦੱਸਣਯੋਗ ਹੈ ਕਿ ਹਰ ਸਾਲ ਅਪ੍ਰੈਲ ਮਹੀਨੇ ਵਿਚ ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਿਰਜਣਾ ਦਿਹਾੜਾ ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ। ਇਹ ਜਥਾ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਇਲਾਵਾ ਉਥੋਂ ਦੇ ਹੋਰ ਗੁਰਧਾਮਾਂ ਦੇ ਵੀ ਦਰਸ਼ਨ ਕਰਦਾ ਹੈ।ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਪਾਸੋਂ ਸ਼੍ਰੋਮਣੀ ਕਮੇਟੀ ਵੱਲੋਂ ਹੁਣ 20 ਜਨਵਰੀ ਤੱਕ ਪਾਸਪੋਰਟ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿੱਖ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਤਸਦੀਕ ਕਰਵਾ ਕੇ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿਖੇ ਜਮ੍ਹਾਂ ਕਰਵਾ ਸਕਦੇ ਹਨ। ਪਾਸਪੋਰਟ ਦੇ ਨਾਲ ਸ਼ਰਧਾਲੂ ਆਪਣੇ ਸ਼ਨਾਖਤੀ ਸਬੂਤ ਵਜੋਂ ਅਧਾਰ ਕਾਰਡ, ਵੋਟਰ ਕਾਰਡ ਜਾਂ ਰਾਸ਼ਣ ਕਾਰਡ ਦੀਆਂ ਫੋਟੋ ਕਾਪੀਆਂ ਵੀ ਭੇਜਣ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਕਿ ਨਿਰਧਾਰਤ ਸਮੇਂ ਅੰਦਰ ਆਪਣੇ ਪਾਸਪੋਰਟ ਅਤੇ ਲੋੜੀਂਦੇ ਦਸਤਾਵੇਜ਼ ਦੀਆਂ ਕਾਪੀਆਂ ਭੇਜਣ, ਤਾਂ ਜੋ ਵੱਧ ਤੋਂ ਵੱਧ ਵੀਜ਼ੇ ਲਗਵਾਏ ਜਾ ਸਕਣ।

Share this story
WRITTEN BY

BREAKING