ਪਟਨਾ ਵਿਖੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਤੇ ਨਿਹੰਗ ਸਿੰਘਾਂ ਨੇ ਖਾਲਸਾਈ ਮਹੱਲਾ ਸਜਾਇਆ
ਪਟਨਾ ਸਾਹਿਬ – ਤਖ਼ਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 353ਵਾਂ ਪ੍ਰਕਾਸ਼ ਪੁਰਬ ਸਮੁੱਚੀ ਕੌਮ ਵੱਲੋਂ ਪੂਰਨ ਸ਼ਰਧਾ, ਭਾਵਨਾ ਅਤੇ ਸਤਿਕਾਰ ਨਾਲ ਮਨਾਇਆ ਗਿਆ।ਪੰਜਾਬ ਵਿੱਚੋਂ ਵੱਡੀ ਪੱਧਰ ਤੇ ਸੰਤ ਮਹਾਂਪੁਰਸ਼ਾਂ, ਨਿਹੰਗ ਸਿੰਘ ਦਲਾਂ ਦੇ ਮੁਖੀਆਂ, ਸਮਾਜਿਕ, ਰਾਜਨੀਤਕ ਦਲਾਂ ਦੇ ਮੁਖੀਆਂ ਅਤੇ ਵੱਡੀ ਗਿਣਤੀ ਵਿੱਚ ਪਟਨਾ ਸਾਹਿਬ ਵਿਖੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਸਬੰਧੀ ਧਾਰਮਿਕ ਸਮਾਗਮਾਂ ਵਿੱਚ ਹਾਜ਼ਰੀ ਭਰਨ ਲਈ ਉਚੇਚੇ ਤੌਰ ਤੇ ਪੁਜੇ ਹੋਏ ਸਨ।ਕਥਾਵਾਚਕ, ਰਾਗੀ ਜਥਿਆਂ, ਢਾਡੀ ਜਥਿਆਂ, ਕਵੀਸ਼ਰੀ ਜਥਿਆਂ ਨੇ ਧਾਰਮਿਕ ਭਾਵਨਾ ਨਾਲ ਹਾਜ਼ਰੀ ਲਗਵਾਈ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਸਿੰਘ ਮੁਖੀ ਪੰਜਵਾਂ ਤਖ਼ਤ, ਬਿਹਾਰ ਦੇ ਮੁਖ ਮੰਤਰੀ ਸ੍ਰੀ ਨਿਤਿਸ਼ ਕੁਮਾਰ, ਬਿਹਾਰ ਦੇ ਰਾਜਪਾਲ ਸ੍ਰੀ ਫਾਗੂ ਚੌਹਾਨ, ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ, ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ, ਬਾਬਾ ਮਹਿੰਦਰ ਸਿੰਘ ਨਿਸ਼ਕਾਮ ਸੇਵਕ ਜਥਾ ਬਰਮਿੰਘਣ, ਬਾਬਾ ਕਸ਼ਮੀਰ ਸਿੰਘ ਭੂਰੀਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਗੱਜਣ ਸਿੰਘ ਬਾਬਾ ਬਕਾਲਾ ਵਾਲਿਆਂ ਹਰਿਮੰਦਰ ਜੀ ਵਿਖੇ ਨਤਮਸਤਕ ਹੁੰਦਿਆਂ ਪਟਨਾ ਸਾਹਿਬ ਦੇ ਸਾਰੇ ਦਸਮ ਪਾਤਸ਼ਾਹ ਨਾਲ ਸਬੰਧਤ ਅਸਥਾਨਾਂ ਦੇ ਦਰਸ਼ਨ ਕੀਤੇ।ਗੁਰਦੁਆਰਾ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਅਤੇ ਗੁਰਦੁਆਰਾ ਮੈਣੀ ਸਾਹਿਬ ਵਿਖੇ ਬਨਣ ਵਾਲੇ ਲੰਗਰਾਂ ਵਿੱਚ ਵੀ ਉਪਰੋਕਤ ਧਾਰਮਿਕ ਸ਼ਖਸ਼ੀਅਤਾਂ ਨੇ ਸੇਵਾ ਕੀਤੀ। ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਦਸਮ ਪਾਤਸ਼ਾਹ ਪ੍ਰਤੀ ਬਿਹਾਰ ਦੇ ਮੁਖ ਮੰਤਰੀ ਸ੍ਰੀ ਨਿਤਿਸ਼ ਕੁਮਾਰ ਵਿਸ਼ੇਸ਼ ਸ਼ਰਧਾ ਭਾਵਨਾ ਤੇ ਸਤਿਕਾਰ ਰੱਖਦੇ ਹਨ, ਉਨ੍ਹਾਂ ਵਲੋਂ ਸ਼ਤਾਬਦੀ ਤੇ ਹੁਣ ਪ੍ਰਕਾਸ਼ ਪੁਰਬ ਸਮੇਂ ਨਿਭਾਈਆਂ ਸੇਵਾਵਾਂ ਸ਼ਲਾਘਾਯੋਗ ਹਨ।ਪੰਜਵੇਂ ਤਖ਼ਤ ਦੇ ਜਥੇਦਾਰ ਬਾਬਾ ਬਲਬੀਰ ਸਿੰਘ ਨੇ ਪੁਜੀਆਂ ਸ਼ਖਸ਼ੀਅਤਾਂ ਦਾ ਧੰਨਵਾਦ ਕੀਤਾ ਅਤੇ ਦਸਮ ਪਾਤਸ਼ਾਹ ਦੇ ਪ੍ਰਕਾਸ਼ ਪੁਰਬ ਦਿਹਾੜੇ ਦੀ ਸਮੁੱਚੀ ਕੌਮ ਨੂੰ ਵਧਾਈ ਦਿੱਤੀ।ਇਸ ਮੌਕੇ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਨੇ ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ ਨੂੰ “ਨਿਹੰਗ ਸਿੰਘ ਸ਼ੰਦੇਸ਼” ਰਸਾਲਾ ਵੀ ਭੇਟ ਕੀਤਾ।ਪ੍ਰੋ: ਪ੍ਰੇਮ ਸਿੰਘ ਚੰਦੂ ਮਾਜਰਾ, ਸ੍ਰ. ਬਲਵਿੰਦਰ ਸਿੰਘ ਭੂੰਦੜ, ਬਿਹਾਰ ਦੇ ਮੁਖ ਮੰਤਰੀ, ਬਿਹਾਰ ਦੇ ਰਾਜਪਾਲ ਚੌਹਾਨ ਆਦਿ ਆਗੂਆਂ ਨੇ ਪ੍ਰਕਾਸ਼ ਪੁਰਬ ਦੀ ਵਧਾਈ ਦਿਤੀ ਤੇ ਪਟਨਾ ਸਾਹਿਬ ਦੇ ਕੀਤੇ ਵਿਕਾਸ ਦੀ ਪ੍ਰਸੰਸਾ ਕੀਤੀ।ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ ਨੇ ਉਪਰੋਕਤ ਸਾਰੀਆਂ ਸ਼ਖਸ਼ੀਅਤਾਂ ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ। ਉਪਰੰਤ ਨਿਹੰਗ ਮੁਖੀ ਬਾਬਾ ਬਲਬੀਰ ਸਿੰਘ ਮੁਖੀ ਬੁੱਢਾ ਦਲ ਦੀ ਅਗਵਾਈ ਵਿੱਚ ਤਖ਼ਤ ਸ੍ਰੀ ਹਰਿਮੰਦਰ ਸਾਹਿਬ ਤੋਂ ਮਹੱੱਲਾ ਕੱਢਿਆ ਗਿਆ ਜੋ ਖਾਲਸਾਈ ਜੈਕਾਰੇ ਲਾਉਂਦਾ ਗੁਰਦੁਆਰਾ ਕੰਗਣਘਾਟ, ਗੁਰਦੁਆਰਾ ਬਾਲਲੀਲ੍ਹਾ ਮੈਣੀ ਸੰਗਤ ਸਾਹਿਬ, ਗੁਰਦੁਆਰਾ ਗੁਰੂ ਕਾ ਬਾਗ ਵਿਖੇ ਖੁਲ੍ਹੇ ਮੈਦਾਨ ਵਿੱਚ ਵਾਜਿਆਂ, ਗਾਜਿਆਂ ਸਮੇਤ ਪੁੱਜਾ।ਬੈਡ ਵਾਜਿਆਂ ਦੀਆਂ ਸੁੰਦਰ ਧੁੰਨਾਂ ਢੋਲ ਨਗਾਰਿਆਂ ਦੀਆਂ ਚੋਟਾਂ ਤੇ ਨਰਸਿੰਙੇ ਵਜਾਉਂਦੇ ਨਿਹੰਗ ਸਿੰਘਾਂ ਨੂੰ ਦੇਖਣ ਲਈ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਹਾਜ਼ਰ ਹੋਏ।ਉਪਰੰਤ ਘੋੜ ਦੋੜਾਂ ਹੋਈਆਂ।ਗੱਤਕੇ ਦੇ ਖੁਲੇ ਪਰਦਰਸ਼ਨ ਰਾਹੀਂ ਨਿਹੰਗ ਸਿੰਘਾਂ ਨੇ ਗਤਕੇ ਦੇ ਜੋਹਰ ਵਿਖਾਏ। ਮਹੱਲੇ ਵਿੱਚ ਨਿਹੰਗ ਦਲਾਂ ਦੇ ਮੁਖੀ ਤੇ ਵੱਡੀ ਗਿਣਤੀ ਵਿੱਚ ਨਿਹੰਗ ਸਿੰਘਾਂ ਨੇ ਤਿਆਰ ਬਰ ਤਿਆਰ ਸ਼ਸਤਰਧਾਰੀ ਹੋ ਕੇ ਸ਼ਮੂਲੀਅਤ ਕੀਤ। ਇਸ ਸਮੇਂ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਮੁਖੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਪੰਜਵਾਂ ਤਖ਼ਤ, ਤੋਂ ਇਲਾਵਾ ਜਥੇਦਾਰ ਬਾਬਾ ਗੱਜਣ ਸਿੰਘ ਸ਼ਹੀਦ ਮਿਸ਼ਲ ਬਾਬਾ ਦੀਪ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਅਵਤਾਰ ਸਿੰਘ ਜਥੇਦਾਰ ਦਲ ਪੰਥ ਬਿਧੀ ਚੰਦ ਸੁਰਸਿੰਘ, ਬਾਬਾ ਕੇਹਰ ਸਿੰਘ, ਬਾਬਾ ਜੋਗਾ ਸਿੰਘ, ਸੰਤ ਬਾਬਾ ਕਸ਼ਮੀਰ ਸਿੰਘ ਭੂਰੀ ਵਾਲੇ, ਬਾਬਾ ਸੁਖਵਿੰਦਰ ਸਿੰਘ ਸੁੱਖਾ ਭੂਰੀਵਾਲੇ, ਬਾਬਾ ਗੁਰਵਿੰਦਰ ਸਿੰਘ, ਬਾਬਾ ਵਿਸ਼ਵਪ੍ਰਤਾਪ ਸਿੰਘ, ਬਾਬਾ ਰਾਮ ਸਿੰਘ ਭਿੰਡਰ, ਬਾਬਾ ਜੱਸਾ ਸਿੰਘ ਤਲਵੰਡੀ ਸਾਬੋ, ਬਾਬਾ ਵੱਸਣ ਸਿੰਘ ਮੜੀਆਂ ਦਲ ਬਟਾਲੇ ਵਾਲੇ, ਬਾਬਾ ਬਲਦੇਵ ਸਿੰਘ ਢੋਡੀਵਿੰਡ, ਬਾਬਾ ਮੇਜਰ ਸਿੰਘ ਦਸ਼ਮੇਸ਼ ਤਰਨਾ ਦਲ ਲੁਧਿਆਣਾ, ਬਾਬਾ ਬਲਦੇਵ ਸਿੰਘ ਵੱਲਾ, ਬਾਬਾ ਕਰਮਬੀਰ ਸਿੰਘ, ਸਰਵਨ ਸਿੰਘ ਮਝੈਲ, ਬਾਬਾ ਦਲਜੀਤ ਸਿੰਘ, ਬਾਬਾ ਸੁਖਜੀਤ ਸਿੰਘ ਕਨ੍ਹਈਆ, ਬਾਬਾ ਹਰਪ੍ਰੀਤ ਸਿੰਘ ਹੈਪੀ ਹਜ਼ੂਰੀਆ ਸੇਵਾਦਾਰ, ਬਾਬਾ ਰਣਯੋਧ ਸਿੰਘ, ਆਦਿ ਹਾਜ਼ਰ ਸਨ।






