ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੱਢੀ ਜਾਣ ਵਾਲੀ ਝਾਕੀ ਹੋਵੇਗੀ ਖਿੱਚ ਦਾ ਕੇਂਦਰ
ਹੁਸ਼ਿਆਰਪੁਰ – ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵਲੋਂ ਗਣਤੰਤਰ ਦਿਵਸ ਦੀਆਂ ਤਿਆਰੀਆਂ ਲਈ ਅੱਜ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਵਿਭਾਗਾਂ ਦੇ ਮੁੱਖੀਆਂ ਨਾਲ ਮੀਟਿੰਗ ਕੀਤੀ ਗਈ, ਜਿਸ ਵਿੱਚ ਉਨਾਂ ਨਿਰਦੇਸ਼ ਦਿੰਦਿਆਂ ਕਿਹਾ ਕਿ ਅਧਿਕਾਰੀ ਸੌਂਪੀ ਗਈ ਡਿਊਟੀ ਪੂਰੀ ਜ਼ਿੰਮੇਵਾਰੀ ਅਤੇ ਤਨਦੇਹੀ ਨਾਲ ਨਿਭਾਉਣ, ਤਾਂ ਜੋ ਇਸ ਮਹੱਤਵਪੂਰਨ ਦਿਹਾੜੇ ਨੂੰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਸਕੇ। ਉਨਾਂ ਕਿਹਾ ਕਿ 26 ਜਨਵਰੀ ਨੂੰ ਗਣਤੰਤਰ ਦਿਵਸ ਸਬੰਧੀ ਜ਼ਿਲਾ ਪੱਧਰੀ ਸਮਾਰੋਹ ਪੁਲਿਸ ਲਾਈਨ ਹੁਸ਼ਿਆਰਪੁਰ ਵਿਖੇ ਮਨਾਇਆ ਜਾਵੇਗਾ। ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਜਿਥੇ ਆਜ਼ਾਦੀ ਘੁਲਾਟੀਆਂ ਦਾ ਸਨਮਾਨ ਕੀਤਾ ਜਾਵੇਗਾ, ਉਥੇ ਵਿਲੱਖਣ ਪ੍ਰਾਪਤੀ ਵਾਲੀਆਂ ਸਖਸ਼ੀਅਤਾਂ ਨੂੰ ਵੀ ਸਨਮਾਨਿਆ ਜਾਵੇਗਾ। ਉਨਾਂ ਕਿਹਾ ਕਿ ਵੱਖ-ਵੱਖ ਵਿਭਾਗਾਂ ਵਲੋਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣÎਗੀਆਂ ਅਤੇ ਇਨਾਂ ਝਾਕੀਆਂ ਵਿੱਚ ਸਰਬੱਤ ਸਿਹਤ ਬੀਮਾ ਯੋਜਨਾ ਸਬੱਧੀ ਕੱਢੀ ਜਾਣ ਵਾਲੀ ਝਾਕੀ ਖਿੱਚ ਦਾ ਕੇਂਦਰ ਹੋਵੇਗੀ। ਉਨਾਂ ਕਿਹਾ ਕਿ ਜ਼ਿਲਾ ਪ੍ਰਸ਼ਾਸ਼ਨ ਵਲੋਂ ਡਰੱਗ ਫਰੀ ਕੀਤੇ 38 ਪਿੰਡਾਂ ਦੇ ਸਰਪੰਚ ਅਤੇ ਇਕ ਵਾਰਡ ਦਾ ਕੌਂਸਲਰ ਗਣਤੰਤਰ ਦਿਵਸ ‘ਤੇ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕਰਨਗੇ। ਉਨਾਂ ਕਿਹਾ ਕਿ ਇਨਾਂ ਸਰਪੰਚਾਂ ਲਈ ਇਕ ਵੱਖਰਾ ਬਲਾਕ ਵੀ ਬਣਾਇਆ ਜਾਵੇਗਾ। ਡਿਪਟੀ ਕਮਿਸ਼ਨਰ ਨੇ ਜ਼ਿਲਾ ਸਿੱਖਿਆ ਅਫ਼ਸਰ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਸਮਾਰੋਹ ਦੌਰਾਨ ਵੱਖ-ਵੱਖ ਸਕੂਲੀ ਬੱਚਿਆਂ ਵਲੋਂ ਮਾਸ ਪੀ.ਟੀ. ਸ਼ੋਅ ਅਤੇ ਸਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਜਾਣਗੇ, ਜਿਸ ਲਈ ਹੁਣ ਤੋਂ ਹੀ ਇਹ ਪ੍ਰੋਗਰਾਮ ਪੇਸ਼ ਕਰਨ ਵਾਲੇ ਸਕੂਲਾਂ ਦੀ ਚੋਣ ਕਰ ਲਈ ਜਾਵੇ। ਉਨਾਂ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸੌਂਪੀ ਗਈ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਈ ਜਾਵੇ, ਤਾਂ ਜੋ 26 ਜਨਵਰੀ ਨੂੰ ਮਨਾਏ ਜਾ ਰਹੇ ਗਣਤੰਤਰ ਦਿਵਸ ਨੂੰ ਯਾਦਗਾਰੀ ਬਣਾਇਆ ਜਾ ਸਕੇ। ਉਨਾਂ ਬੈਂਡ, ਵਿਭਾਗਾਂ ਵਲੋਂ ਕੱਢੀਆਂ ਜਾਣ ਵਾਲੀਆਂ ਝਾਕੀਆਂ, ਬੈਰੀਕੇਡਿੰਗ, ਇਨਾਮਾਂ ਦੀ ਵੰਡ/ਪ੍ਰਸ਼ੰਸਾ ਪੱਤਰਾਂ ਦੀ ਵੰਡ, ਪੰਡਾਲ ਦੀ ਸਜਾਵਟ, ਪੀਣ ਦਾ ਪਾਣੀ, ਰਿਹਰਸਲਾਂ, ਮੁੱਢਲੀ ਸਿਹਤ ਸਹੂਲਤ, ਪਾਰਕਿੰਗ/ਸਕਿਊਰਿਟੀ ਅਤੇ ਟਰੈਫਿਕ ਪ੍ਰਬੰਧ, ਆਜ਼ਾਦੀ ਘੁਲਾਟੀਆਂ ਲਈ ਬੈਠਣ ਦਾ ਪ੍ਰਬੰਧ ਸਮੇਤ ਵੱਖ-ਵੱਖ ਕੰਮਾਂ ਸਬੰਧੀ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਸਕੱਤਰ ਰਿਜ਼ਨਲ ਟਰਾਂਸਪੋਰਟ ਅਥਾਰਟੀ ਸ੍ਰੀ ਕਰਨ ਸਿੰਘ, ਡੀ.ਐਸ.ਪੀ. ਸ਼੍ਰੀ ਦਲਜੀਤ ਸਿੰਘ ਖੱਖ, ਜ਼ਿਲਾ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਸਰਬਜੀਤ ਸਿੰਘ ਬੈਂਸ, ਜ਼ਿਲਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।






