Skip to content

ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਕੀਰਤਨ ਉੱਤੇ ਮਾਲਕੀ ਦਾ ਦਾਅਵਾ ਗੁਰਬਾਣੀ ਦੀ ਨਿਰਾਦਰੀ, ਜਥੇਦਾਰ ਕਾਰਵਾਈ ਕਰਨ-ਤ੍ਰਿਪਤ ਬਾਜਵਾ

Share this story

ਚੰਡੀਗੜ੍ਹ – ਪੰਜਾਬ ਦੇ ਪੇਂਡੂ ਵਿਕਾਸ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਅੱਜ ਜ਼ੋਰ ਦੇ ਕੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਦੇ ਹੁਕਮਨਾਮੇ ਅਤੇ ਗੁਰਬਾਣੀ ਕੀਰਤਨ ਉੱਤੇ ਆਪਣੀ ਮਾਲਕੀ ਦਾ ਦਾਅਵਾ ਕਰਨਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ ਅਤੇ ਇਹ ਨਿਰਾਦਰੀ ਕਰਨ ਦੇ ਦੋਸ਼ੀਆਂ ਵਿਰੁੱਧ ਸਿੱਖ ਪੰਪਰਾਵਾਂ ਅਤੇ ਮਰਿਯਾਦਾ ਅਨੁਸਾਰ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ।ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਇਹ ਕਾਰਵਾਈ ਕਰਨ ਦੀ ਅਪੀਲ ਕਰਦਿਆਂ, ਸ਼੍ਰੀ ਬਾਜਵਾ ਨੇ ਕਿਹਾ, ”ਸਿੱਖ ਗੁਰੂ ਸਾਹਿਬਾਨ ਵਲੋਂ ਉਚਾਰੀ ਪਾਵਨ ਬਾਣੀ ਪੂਰੇ ਸੰਸਾਰ ਵਿਚ ਵਸਦੇ ਪ੍ਰਾਣੀ ਮਾਤਰ ਦੇ ਭਲੇ ਲਈ ਹੈ ਅਤੇ ਪੂਰਾ ਸਿੱਖ ਸਮਾਜ ਗੁਰਬਾਣੀ ਦਾ ਨਿਗਰਾਨ ਹੈ, ਪਰ ਮਾਲਕ ਨਹੀਂ। ਇਸ ਲਈ ਸ੍ਰੀ ਦਰਬਾਰ ਸਾਹਿਬ ਦਾ ਪਾਵਨ ਹੁਕਮਨਾਮਾ ਕਿਸੇ ਇੱਕ ਵਿਅਕਤੀ ਜਾਂ ਸੰਸਥਾ ਦੀ ਜਾਗੀਰ ਨਹੀਂ ਹੋ ਸਕਦਾ।” ਉਹਨਾਂ ਕਿਹਾ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਮਾਲਕੀ ਵਾਲੇ ਟੀਵੀ ਚੈਨਲ ਵਲੋਂ ਸ੍ਰੀ ਦਰਬਾਰ ਸਾਹਿਬ ਵਿਚ ਹਰ ਰੋਜ਼ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਤੋਂ ਲਏ ਜਾਂਦੇ ਪਵਿੱਤਰ ਹੁਕਮਨਾਮੇ ਉੱਤੇ ਨਿਰੋਲ ਆਪਣਾ ਹੱਕ ਹੋਣ ਦਾ ਕੀਤਾ ਗਿਆ ਦਾਅਵਾ ਗੁਰਬਾਣੀ ਦੇ ਸਰਬ ਸਾਂਝੇ ਸੰਦੇਸ਼ ਤੋਂ ਬਿਲਕੁਲ ਉਲਟ ਹੈ ਇਹ ਦਾਅਵਾ ਗੁਰਬਾਣੀ ਦੀ ਘੋਰ ਨਿਰਾਦਰੀ ਹੈ।ਸ੍ਰੀ ਬਾਜਵਾ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਹੁਕਮਨਾਮਾ ਅਤੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦੇ ਹੱਕ ਕਿਸੇ ਟੀਵੀ ਚੈਨਲ ਨੂੰ ਵੇਚਣ ਦੇ ਅਧਿਕਾਰ ਨੁੰ ਚੁਣੌਤੀ ਦਿੰਦਿਆਂ ਕਿਹਾ ਕਿ ਖ਼ੁਦ ਸ਼੍ਰੋਮਣੀ ਕਮੇਟੀ ਵੀ ਗੁਰਬਾਣੀ ਦੀ ਮਾਲਕ ਨਹੀਂ ਹੈ ਅਤੇ ਗੁਰਬਾਣੀ ਨੂੰ ਘਰ-ਘਰ ਪਹੁੰਚਾਉਣਾ ਹੀ ਇਸ ਦੀ ਜ਼ਿੰਮੇਵਾਰੀ ਹੈ। ਇਸ ਲਈ ਉਹ ਅੱਗੇ ਕਿਸੇ ਹੋਰ ਅਦਾਰੇ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਦੇ ਹੱਕ ਕਿਵੇਂ ਵੇਚ ਸਕਦੀ ਹੈ ਅਤੇ ਉਹ ਵੀ ਨਿਰੋਲ ਮੁਨਾਫ਼ਾ ਕਮਾਉਣ ਵਾਲੇ ਇੱਕ ਨਿੱਜੀ ਵਪਾਰਕ ਅਦਾਰੇ ਨੂੰ। ਉਹਨਾਂ ਦੋਸ਼ ਲਾਇਆ ਕਿ ਅਜਿਹਾ ਕਰ ਕੇ ਸ਼੍ਰੋਮਣੀ ਕਮੇਟੀ ਨੇ ਗੁਰਬਾਣੀ ਕੀਰਤਨ ਅਤੇ ਸ੍ਰੀ ਦਰਬਾਰ ਸਾਹਿਬ ਦੋਹਾਂ ਨੂੰ ਹੀ ਵਪਾਰ ਦੀ ਵਸਤੂ ਬਣਾ ਦਿੱਤਾ ਹੈ।ਪੰਚਾਇਤ ਮੰਤਰੀ ਨੇ ਦੋਸ਼ ਲਾਇਆ ਕਿ ਬਾਦਲ ਪਰਿਵਾਰ ਨੇ ਆਪਣੇ ਹੋਰ ਕਾਰੋਬਾਰਾਂ ਵਾਂਗ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਵੀ ਆਪਣਾ ਇੱਕ ਨਵਾਂ ਕਾਰੋਬਾਰ ਬਣਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉੱਤੇ ਦਬਾਅ ਪਾ ਕੇ ਆਪਣੀ ਮਾਲਕੀ ਵਾਲੇ ਟੀਵੀ ਚੈਨਲ ਨੂੰ ਪ੍ਰਸਾਰਨ ਦੇ ਹੱਕ ਦਿਵਾਏ।ਸ਼੍ਰੀ ਬਾਜਵਾ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਹੈ ਕਿ ਉਹ ਸ਼੍ਰੋਮਣੀ ਕਮੇਟੀ ਨੂੰ ਹਿਦਾਇਤ ਕਰਨ ਕਿ ਉਹ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਟੀਵੀ ਚੈਨਲਾਂ ਅਤੇ ਡਿਜ਼ੀਟਲ ਮੀਡੀਆ ਅਦਾਰਿਆਂ ਨੂੰ ਸਹੂਲਤ ਪ੍ਰਦਾਨ ਕਰਨ ਦਾ ਬੰਦੋਬਸਤ ਕਰੇ। ਉਹਨਾਂ ਕਿਹਾ ਕਿ ਇਸ ਨਾਲ ਗੁਰਬਾਣੀ ਦੇ ਸਰਬ ਸਾਂਝੇ ਸੰਦੇਸ਼ ਨੁੰ ਘਰ-ਘਰ ਪਹੁੰਚਾਉਣ ਵਿਚ ਵੀ ਮਦਦ ਮਿਲੇਗੀ ਅਤੇ ਕਿਸੇ ਇੱਕ ਚੈਨਲ ਜਾਂ ਅਦਾਰੇ ਨੂੰ ਪ੍ਰਸਾਰਨ ਦੇ ਹੱਕ ਦੇਣ ਦਾ ਮਾਮਲਾ ਵੀ ਨਜਿੱਠਿਆ ਜਾਵੇਗਾ।ਉਹਨਾਂ ਕਿਹਾ ਕਿ ਪੂਰੇ ਸਿੱਖ ਪੰਥ ਦੀ ਸੱਤਰਵਿਆਂ ਦੇ ਦਹਾਕੇ ਤੋਂ ਇਹ ਤੀਬਰ ਤਾਂਘ ਰਹੀ ਹੈ ਕਿ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਕੀਰਤਨ ਦਾ ਸਿੱਧਾ ਪ੍ਰਸਾਰਨ ਕੀਤਾ ਜਾਵੇ ਅਤੇ ਕੀਰਤਨ ਦੇ ਸਿੱਧੇ ਪ੍ਰਸਾਰਨ ਨੂੰ ਵਪਾਰ ਬਣਾਉਣਾ ਸਿੱਖ ਪੰਥ ਦੀਆਂ ਭਾਵਨਾਵਾਂ ਦੇ ਬਿਲਕੁਲ ਉਲਟ ਹੈ। ਕੇਬਲ ਟੀਵੀ ਸ਼ੁਰੂ ਹੋਣ ਸਮੇਂ ਸ਼੍ਰੋਮਣੀ ਕਮੇਟੀ ਨੇ ਇਹ ਕਿਹਾ ਸੀ ਕਿ ਉਹ ਅਜਿਹਾ ਪ੍ਰਬੰਧ ਕਰੇਗੀ ਜਿਸ ਨਾਲ ਮਿੱਥੀ ਗਈ ਮਰਿਯਾਦਾ ਨੂੰ ਮੰਨਣ ਵਾਲੇ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਗੁਰਬਾਣੀ ਕੀਰਤਨ ਦੇ ਪ੍ਰਸਾਰਨ ਲਈ ਮੁਫ਼ਤ ਸਿਗਨਲ ਮੁਹੱਈਆ ਕਰਵਾਇਆ ਜਾਵੇਗਾ। ਪਰ ਬਾਦਲ ਪਰਿਵਾਰ ਦੇ ਦਬਾਅ ਹੇਠ ਇਹ ਤਜਵੀਜ ਛੱਡ ਕੇ ਉਹਨਾਂ ਦੇ ਟੀਵੀ ਚੈਨਲ ਨੂੰ ਸਾਰੇ ਹੱਕ ਦੇ ਦਿੱਤੇ ਗਏ।ਸ਼੍ਰੀ ਬਾਜਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਅਪੀਲ ਕੀਤੀ ਕਿ ਉਹ ਸ਼੍ਰੋਮਣੀ ਕਮੇਟੀ ਵਲੋਂ ਬਾਦਲ ਪਰਿਵਾਰ ਦੀ ਮਾਲਕੀ ਵਾਲੇ ਟੀਵੀ ਚੈਨਲ ਨਾਲ ਕੀਤੇ ਗਏ ਸਮਝੌਤੇ ਨੂੰ ਜਨਤਕ ਕਰਨ ਤਾਂ ਕਿ ਪੂਰੇ ਸਿੱਖ ਪੰਥ ਨੂੰ ਇਸ ਦੀ ਅਸਲੀਅਤ ਦਾ ਪਤਾ ਲੱਗ ਸਕੇ। ਉਹਨਾਂ ਕਿਹਾ ਕਿ ਜਥੇਦਾਰ ਸਾਹਿਬ ਸ਼੍ਰੋਮਣੀ ਕਮੇਟੀ ਨੂੰ ਇਹ ਹਦਾਇਤ ਕਰੇ ਕਿ ਉਹ ਮਰਿਯਾਦਾ ਵਿਚ ਰਹਿ ਕੇ ਗੁਰਬਾਣੀ ਕੀਰਤਨ ਪ੍ਰਸਾਰਤ ਕਰਨ ਦੇ ਚਾਹਵਾਨ ਮੀਡੀਆ ਅਦਾਰਿਆਂ ਨੂੰ ਸਿਗਨਲ ਮੁਹੱਈਆ ਕਰਾਵੇ।ਉਹਨਾਂ ਜਥੇਦਾਰ ਸਾਹਿਬ ਨੂੰ ਯਾਦ ਕਰਾਉਂਦਿਆਂ ਕਿਹਾ ਕਿ ਗੁਰੂ ਦੇ ਨਾਮ ਉੱਤੇ ਜਿਉਣ ਵਾਲੇ ਪੰਜਾਬ ਦੀ ਵਿਧਾਨ ਸਭਾ ਵਲੋਂ ਵੀ ੬ ਨਵੰਬਰ ਨੂੰ ਇਸ ਸਬੰਧੀ ਸਰਬਸੰਮਤੀ ਨਾਲ ਮਤਾ ਪਾਸ ਕਰ ਕੇ ਵੀ ਉਹਨਾਂ ਨੂੰ ਬੇਨਤੀ ਕੀਤੀ ਗਈ ਸੀ। ਇਸ ਸਬੰਧੀ ਉਹਨਾਂ ਖੁਦ ਇੱਕ ਚਿੱਠੀ ਲਿਖ ਕੇ ਵੀ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਸੀ।ਸ਼੍ਰੀ ਬਾਜਵਾ ਨੇ ਕਿਹਾ ਕਿ ਉਹਨਾਂ ਵਲੋਂ ਇਸ ਮਾਮਲੇ ਸਬੰਧੀ ਆਵਾਜ਼ ਉਠਾਉਣ ਦਾ ਇੱਕੋ ਇੱਕ ਮਕਸਦ ਗੁਰਬਾਣੀ ਅਤੇ ਸ੍ਰੀ ਦਰਬਾਰ ਸਾਹਿਬ ਦੀ ਇੱਕ ਪਰਿਵਾਰ ਵਲੋਂ ਵਪਾਰਕ ਵਰਤੋਂ ਨੂੰ ਖਤਮ ਕਰਾਉਣਾ ਹੈ।

Share this story
WRITTEN BY

BREAKING