Skip to content

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਮ੍ਰਿਤਸਰ ਦੇ ਵਿਵਾਦਿਤ ਬੁੱਤ ਹਟਾਉਣ ਦੇ ਆਦੇਸ਼

Share this story

ਗ੍ਰਿਫਤਾਰ ਨੌਜਵਾਨਾਂ ਦੇ ਕੇਸਾਂ ‘ਤੇ ਮੁੜ ਵਿਚਾਰ ਹੋਵੇਗੀ

ਚੰਡੀਗੜ੍ਹ – ਅੰਮ੍ਰਿਤਸਰ ਵਿਖੇ ਪਾਵਨ ਅਸਥਾਨ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ ‘ਤੇ ਲਾਏ ਗਏ ਗਿੱਧੇ-ਭੰਗੜੇ ਦੇ ਬੁੱਤਾਂ ਉਪਰ ਸਿੱਖ ਭਾਈਚਾਰੇ ਵੱਲੋਂ ਉਠਾਏ ਗਏ ਇਤਰਾਜ਼ ‘ਤੇ ਉਨ੍ਹਾਂ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਇਹ ਬੁੱਤ ਇੱਥੋਂ ਹਟਾਉਣ ਅਤੇ ਸ਼ਹਿਰ ਵਿੱਚ ਹੀ ਕਿਸੇ ਹੋਰ ਢੁੱਕਵੀਂ ਥਾਂ ‘ਤੇ ਲਾਉਣ ਦੇ ਹੁਕਮ ਦਿੱਤੇ ਹਨ। ਇਹ ਬੁੱਤ ਪਿਛਲੀ ਅਕਾਲੀ-ਭਾਜਪਾ ਸਰਕਾਰ ਦੌਰਾਨ ਲਾਏ ਗਏ ਸਨ ਅਤੇ ਲੰਘੀ 15 ਜਨਵਰੀ ਨੂੰ ਜਜ਼ਬਾਤੀ ਰੌਂਅ ਵਿੱਚ ਗੁੱਸੇ ‘ਚ ਆਏ ਕੁਝ ਨੌਜਵਾਨਾਂ ਨੇ ਇਨ੍ਹਾਂ ਦੀ ਭੰਨ-ਤੋੜ ਕਰ ਦਿੱਤੀ ਸੀ। ਇਸ ਭੰਨ-ਤੋੜ ਵਿੱਚ ਸ਼ਾਮਲ ਨੌਜਵਾਨਾਂ ਪ੍ਰਤੀ ਨਰਮੀ ਵਿਖਾਉਂਦਿਆਂ ਮੁੱਖ ਮੰਤਰੀ ਨੇ ਡੀ.ਜੀ.ਪੀ. ਨੂੰ ਸੱਤ ਪ੍ਰਦਰਸ਼ਨਕਾਰੀਆਂ ਖਿਲਾਫ਼ ਦਰਜ ਕੇਸਾਂ ਦੀ ਸਮੀਖਿਆ ਕਰਨ ਅਤੇ ਇਨ੍ਹਾਂ ਵਿਰੁੱਧ ਦਰਜ ਆਈ.ਪੀ.ਸੀ. ਦੀਆਂ ਸਖ਼ਤ ਧਾਰਾਵਾਂ ਨੂੰ ਵਾਪਸ ਲੈਣ ਦੇ ਹੁਕਮ ਦਿੱਤੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਨੌਜਵਾਨਾਂ ਦੀ ਇਹ ਕਾਰਵਾਈ ਕਿਸੇ ਬਦਨੀਤੀ ਦਾ ਹਿੱਸਾ ਨਹੀਂ ਸੀ ਸਗੋਂ ਇਹ ਸਿੱਖ ਭਾਈਚਾਰੇ ਵੱਲੋਂ ਮਹਿਸੂਸ ਕੀਤੀ ਜਾ ਰਹੀ ਪੀੜ ਦਾ ਪ੍ਰਗਟਾਵਾ ਸੀ ਕਿਉਂਕਿ ਪਵਿੱਤਰ ਗੁਰਦੁਆਰਾ ਸਾਹਿਬ ਦੀ ਹਦੂਦ ਦੇ ਨਾਲ ਗਿੱਧੇ-ਭੰਗੜੇ ਨੂੰ ਦਰਸਾਉਂਦੇ ਬੁੱਤ ਸਥਾਪਤ ਕਰਨ ਨਾਲ ਸਿੱਖ ਹਿਰਦਿਆਂ ਨੂੰ ਠੇਸ ਪਹੁੰਚੀ। ਇਹ ਜ਼ਿਕਰਯੋਗ ਹੈ ਕਿ ਪਿਛਲੀ ਅਕਾਲੀ-ਭਾਜਪਾ ਸਰਕਾਰ ਨੇ ਵਿਰਾਸਤੀ ਮਾਰਗ ‘ਤੇ ਗਿੱਧੇ-ਭੰਗੜੇ ਵਾਲੇ ਬੁੱਤ ਸਥਾਪਤ ਕਰਵਾਏ ਸਨ ਅਤੇ ਅਕਤੂਬਰ, 2016 ਵਿੱਚ ਇਨ੍ਹਾਂ ਦਾ ਉਦਘਾਟਨ ਕੀਤਾ ਸੀ। ਪ੍ਰਦਰਸ਼ਨਕਾਰੀਆਂ ਵਿੱਚ ਲੋਕ ਨਾਚ ਦੇ ਬੁੱਤ ਲਾਉਣ ‘ਤੇ ਰੋਸ ਪਾਇਆ ਜਾ ਰਿਹਾ ਸੀ ਅਤੇ ਇਨ੍ਹਾਂ ਨੇ ਇਸ ਨੂੰ ਸਿੱਖ ਧਾਰਮਿਕ ਭਾਵਨਾਵਾਂ ਦੀ ਉਲੰਘਣਾ ਦੱਸਿਆ ਕਿਉਂਕਿ ਇਹ ਬੁੱਤ ਪਾਵਨ ਦਰਬਾਰ ਸਾਹਿਬ ਦੇ ਬਿਲਕੁਲ ਨੇੜੇ ਸਥਾਪਤ ਕੀਤੇ ਗਏ ਹਨ। ਪ੍ਰਦਰਸ਼ਨਕਾਰੀਆਂ ਨੇ ਇਨ੍ਹਾਂ ਬੁੱਤਾਂ ਨੂੰ ਨੁਕਸਾਨ ਪਹੁੰਚਾਇਆ ਕਿਉਂਕਿ ਉਹ ਮਹਿਸੂਸ ਕਰਦੇ ਸਨ ਕਿ ਬੁੱਤਾਂ ਨਾਲ ਉਨ੍ਹਾਂ ਨੂੰ ਠੇਸ ਪਹੁੰਚੀ ਹੈ। ਮੁਲਜ਼ਮਾਂ ਖਿਲਾਫ਼ ਆਈ.ਪੀ.ਸੀ. ਦੀ ਧਾਰਾ 307, 434, 427, 353, 186, 148 ਤੇ 149 ਤੋਂ ਇਲਾਵਾ ਜਨਤਕ ਜਾਇਦਾਦ ਨੂੰ ਨੁਕਸਾਨ ਰੋਕੂ ਐਕਟ-1984 ਦੀ ਧਾਰਾ 3 ਤਹਿਤ ਕੇਸ ਦਰਜ ਕੀਤਾ ਗਿਆ ਸੀ। 15 ਜਨਵਰੀ ਨੂੰ ਵਾਪਰੀ ਇਸ ਘਟਨਾ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ਼੍ਰੋਮਣੀ ਰਾਗੀ ਸਭਾ (ਹਰਿਮੰਦਰ ਸਾਹਿਬ ਦੇ ਕੀਰਤਨੀ ਸਿੰਘਾਂ ਸਮੇਤ), ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸ਼੍ਰੋਮਣੀ ਢਾਡੀ ਸਭਾ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀਆਂ ਸਮੇਤ ਵੱਖ-ਵੱਖ ਸਿੱਖ ਜਥੇਬੰਦੀਆਂ ਪੁਲੀਸ ਵੱਲੋਂ ਗ੍ਰਿਫਤਾਰ ਕੀਤੇ ਪ੍ਰਦਰਸ਼ਨਕਾਰੀ ਨੌਜਵਾਨਾਂ ਦੇ ਹੱਕ ਵਿੱਚ ਨਿੱਤਰ ਆਈਆਂ ਸਨ। ਇਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੇ ਇਹ ਬੁੱਤ ਅੰਮ੍ਰਿਤਸਰ ਵਿੱਚ ਕਿਸੇ ਹੋਰ ਥਾਂ ਸਥਾਪਤ ਕਰਨ ਦੇ ਸੰਦਰਭ ਵਿੱਚ ਪਹਿਲਾਂ ਹੀ ਤਿੰਨ ਮੈਂਬਰੀ ਕਮੇਟੀ ਦਾ ਗਠਨ ਕੀਤਾ ਹੋਇਆ ਹੈ। ਇਸ ਕਮੇਟੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਉਪ-ਪ੍ਰਧਾਨ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਚੀਫ ਖਾਲਸਾ ਦੀਵਾਨ ਦੇ ਮੁਖੀ ਨਿਰਮਲ ਸਿੰਘ ਤੋਂ ਇਲਾਵਾ ਕੋਆਰਡੀਨੇਟਰ ਸੁਖਦੇਵ ਸਿੰਘ ਭੂਰਾਕੋਨਾ ਸ਼ਾਮਲ ਸਨ।

Share this story
WRITTEN BY

BREAKING