ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਆਗੂਆਂ ਦੇ ਵਫਦ ਵਲੋਂ ਰਾਸ਼ਟਰਪਤੀ ਨਾਲ ਮੁਲਾਕਾਤ
ਨਵੀਂ ਦਿੱਲੀ – ਦਿੱਲੀ ਹਿੰਸਾ ਮਾਮਲੇ ਵਿੱਚ ਕਾਂਗਰਸ ਦਾ ਇਕ ਵਫਦ ਅੱਜ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਮਿਲਣ ਪੁੱਜਾ| ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਅਗਵਾਈ ਵਿੱਚ ਪਾਰਟੀ ਵਫਦ ਨੇ ਰਾਸ਼ਟਰਪਤੀ ਭਵਨ ਵਿੱਚ ਰਾਸ਼ਟਰਪਤੀ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ ਮੰਗ ਪੱਤਰ ਸੌਂਪਿਆ| ਰਾਸ਼ਟਰਪਤੀ ਨਾਲ ਮੁਲਾਕਾਤ ਕਰਨ ਵਾਲੇ ਪਾਰਟੀ ਵਫਦ ਵਿੱਚ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ, ਕਾਂਗਰਸ ਦੇ ਸੀਨੀਅਰ ਨੇਤਾ ਅਹਿਮਦ ਪਟੇਲ ਅਤੇ ਗੁਲਾਮ ਨਬੀ ਆਜ਼ਾਦ, ਮੁੱਖ ਬੁਲਾਰੇ ਰਣਦੀਪ ਸੁਰਜੇਵਾਲਾ ਅਤੇ ਕੁਝ ਹੋਰ ਨੇਤਾ ਸ਼ਾਮਲ ਸਨ| ਰਾਸ਼ਟਰਪਤੀ ਨਾਲ ਮੁਲਾਕਾਤ ਤੋਂ ਬਾਅਦ ਸੋਨੀਆ ਗਾਂਧੀ ਨੇ ਕਿਹਾ ਕਿ ਗ੍ਰਹਿ ਮੰਤਰੀ ਅਤੇ ਪੁਲੀਸ ਹਿੰਸਾ ਰੋਕਣ ਵਿੱਚ ਨਾਕਾਮ ਰਹੀ| ਸੋਨੀਆ ਗਾਂਧੀ ਨੇ ਇਕ ਵਾਰ ਫਿਰ ਗ੍ਰਹਿ ਮੰਤਰੀ ਅਮਿਤ ਸ਼ਾਹ ਦੇ ਅਸਤੀਫੇ ਦੀ ਮੰਗ ਕੀਤੀ ਅਤੇ ਕਿਹਾ ਕਿ ਉਹ ਸਥਿਤੀ ਨੂੰ ਸੰਭਾਲਣ ਵਿੱਚ ਨਾਕਾਮ ਰਹੇ ਹਨ| ਦਿੱਲੀ ਅਤੇ ਕੇਂਦਰ ਸਰਕਾਰ ਨੇ ਹਿੰਸਾ ਦੀ ਅਣਦੇਖੀ ਕੀਤੀ| ਹਿੰਸਾ ਦੀ ਵਜ੍ਹਾ ਕਰ ਕੇ ਹੁਣ ਤਕ 34 ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ ਅਤੇ 200 ਤੋਂ ਵਧੇਰੇ ਲੋਕ ਜ਼ਖਮੀ ਹਨ| ਹਿੰਸਾ ਕਾਰਨ ਕਰੋੜਾਂ ਦੀ ਜਾਇਦਾਦ ਨੂੰ ਨੁਕਸਾਨ ਪੁੱਜਾ ਹੈ| ਇਸ ਮੰਗ ਪੱਤਰ ਵਿੱਚ ਹਿੰਸਾ ਦੇ ਦੋਸ਼ੀਆਂ ਵਿਰੁੱਧ ਕਾਰਵਾਈ ਕਰਨ ਅਤੇ ਪੀੜਤਾਂ ਨੂੰ ਮਦਦ ਮੁਹੱਈਆ ਕਰਾਉਣ ਦੀ ਵੀ ਮੰਗ ਕੀਤੀ ਗਈ ਹੈ|






