ਭ੍ਰਿਸ਼ਟਾਚਾਰ ਵਿਰੁਧ ਮੁਹਿੰਮ : ਚੌਕੀ ਇੰਚਾਰਜ ਵੱਢੀ ਲੈਂਦਾ ਕਾਬੂ, ਹੈਲਪਲਾਈਨ ‘ਤੇ ਦਿਤੀ ਸੀ ਸ਼ਿਕਾਇਤ
ਲੁਧਿਆਣਾ : ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਭ੍ਰਿਸ਼ਟਾਚਾਰੀਆਂ ‘ਤੇ ਸ਼ਿਕੰਜਾ ਕੱਸਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਨੰਬਰ ਜਾਰੀ ਕੀਤਾ ਗਿਆ ਸੀ। ਜਿਸ ‘ਤੇ ਲੋਕਾਂ ਨੇ ਭ੍ਰਿਸ਼ਟਾਚਾਰੀਆਂ ਖਿਲਾਫ ਸ਼ਿਕਾਇਤਾਂ ਭੇਜਣੀਆਂ ਸ਼ੁਰੂ ਕਰ ਦਿੱਤੀਆਂ ਹਨ। ਅਜਿਹੀ ਹੀ ਇੱਕ ਸ਼ਿਕਾਇਤ ਥਾਣਾ ਸ਼ਿਮਲਾਪੁਰੀ ਅਧੀਨ ਪੈਂਦੀ ਪੁਲੀਸ ਚੌਕੀ ਦੇ ਇੰਚਾਰਜ ਅਸ਼ੋਕ ਕੁਮਾਰ ਖ਼ਿਲਾਫ਼ ਦਿੱਤੀ ਗਈ ਹੈ।
ਸ਼ਿਕਾਇਤ ਤੋਂ ਬਾਅਦ ਵਿਜੀਲੈਂਸ ਬਿਊਰੋ ਨੇ ਚੌਕੀ ਇੰਚਾਰਜ ਨੂੰ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਚੌਕੀ ਇੰਚਾਰਜ ਦਾ ਸਾਥੀ ਹੈੱਡ ਕਾਂਸਟੇਬਲ ਰਾਜ ਗੋਪਾਲ ਮੌਕੇ ਤੋਂ ਫਰਾਰ ਹੋ ਗਿਆ। ਵਿਜੀਲੈਂਸ ਹੈੱਡ ਕਾਂਸਟੇਬਲ ਦੀ ਭਾਲ ਵਿੱਚ ਛਾਪੇਮਾਰੀ ਕਰ ਰਹੀ ਹੈ। ਮਾਮਲਾ ਪਿੰਡ ਲਾਪਰਾਂ ਦਾ ਹੈ। ਸ਼ਿਕਾਇਤਕਰਤਾ ਹਰਪ੍ਰੀਤ ਸਿੰਘ ਹੈ। ਹਰਪ੍ਰੀਤ ਦਾ ਕਹਿਣਾ ਹੈ ਕਿ ਉਸ ਨੇ ਸੀਪੀ ਸਾਹਮਣੇ ਪੇਸ਼ ਹੋ ਕੇ ਕੁਝ ਲੋਕਾਂ ਖ਼ਿਲਾਫ਼ ਸ਼ਿਕਾਇਤ ਕੀਤੀ ਸੀ।
ਸੀਪੀ ਨੇ ਮਾਮਲੇ ਦੀ ਜਾਂਚ ਬਸੰਤ ਚੌਕੀ ਦੇ ਇੰਚਾਰਜ ਅਸ਼ੋਕ ਕੁਮਾਰ ਨੂੰ ਸੌਂਪ ਦਿੱਤੀ ਹੈ। ਹਰਪ੍ਰੀਤ ਦਾ ਕਹਿਣਾ ਹੈ ਕਿ ਏਐਸਆਈ ਅਸ਼ੋਕ ਕੁਮਾਰ ਅਤੇ ਹੈੱਡ ਕਾਂਸਟੇਬਲ ਗੋਪਾਲ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਦੇ ਬਦਲੇ 10 ਹਜ਼ਾਰ ਰੁਪਏ ਦੀ ਮੰਗ ਕੀਤੀ। ਉਸ ਨੇ ਦੋਵਾਂ ਦੀ ਵੀਡੀਓ ਅਤੇ ਆਡੀਓ ਰਿਕਾਰਡ ਕੀਤੀ।
ਹਰਪ੍ਰੀਤ ਨੇ ਮੁੱਖ ਮੰਤਰੀ ਵੱਲੋਂ ਜਾਰੀ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਦੇ ਵਟਸਐਪ ਨੰਬਰ ‘ਤੇ ਵੀਡੀਓ-ਆਡੀਓ ਭੇਜੀ। ਸ਼ਿਕਾਇਤ ਮਿਲਣ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਮੁਲਜ਼ਮਾਂ ਖ਼ਿਲਾਫ਼ ਕਾਰਵਾਈ ਕੀਤੀ। ਹਰਪ੍ਰੀਤ ਨੇ ਰਿਸ਼ਵਤ ਦੀ ਰਕਮ ਵਸੂਲਣ ਲਈ ਅਸ਼ੋਕ ਕੁਮਾਰ ਨੂੰ ਬੁਲਾਇਆ। ਮੌਕੇ ’ਤੇ ਵਿਜੀਲੈਂਸ ਟੀਮ ਨੇ ਛਾਪਾ ਮਾਰ ਕੇ ਮੁਲਜ਼ਮ ਚੌਕੀ ਇੰਚਾਰਜ ਅਸ਼ੋਕ ਕੁਮਾਰ ਨੂੰ ਕਾਬੂ ਕਰ ਲਿਆ।
ਵਿਜੀਲੈਂਸ ਵੱਲੋਂ ਕੀਤੀ ਇਸ ਛਾਪੇਮਾਰੀ ਤੋਂ ਬਾਅਦ ਜ਼ਿਲ੍ਹਾ ਪੁਲੀਸ ਦੇ ਸਾਰੇ ਥਾਣਿਆਂ ਅਤੇ ਚੌਕੀਆਂ ਵਿੱਚ ਤਾਇਨਾਤ ਅਧਿਕਾਰੀਆਂ ਵਿੱਚ ਇਸ ਕਾਰਵਾਈ ਨੂੰ ਲੈ ਕੇ ਕਾਫੀ ਚਰਚਾ ਛਿੜੀ ਹੋਈ ਹੈ।