ਕਿਸਾਨ ਅੰਦੋਲਨ ਵਿੱਚ ਮਾਰੇ ਗਏ ਕਿਸਾਨ ਪਰਿਵਾਰਾਂ ਨੂੰ ਤੇਲੰਗਾਨਾ ਦੇ ਮੁੱਖ ਮੰਤਰੀ ਅੱਜ ਦੇਣਗੇ 3-3 ਲੱਖ ਰੁਪਏ
ਚੰਡੀਗੜ੍ਹ : ਦਿੱਲੀ ਸਰਹੱਦ ‘ਤੇ ਕਿਸਾਨ ਅੰਦੋਲਨ ਦੌਰਾਨ ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਨੂੰ ਅੱਜ 3 ਲੱਖ ਰੁਪਏ ਦਿੱਤੇ ਜਾਣਗੇ। ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਚੰਡੀਗੜ੍ਹ ਵਿੱਚ ਇਹ ਮਦਦ ਦੇਣਗੇ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਉਨ੍ਹਾਂ ਦੇ ਨਾਲ ਹਨ। ਰਾਓ ਨੇ ਇਹ ਐਲਾਨ ਪਿਛਲੇ ਸਾਲ ਅੰਦੋਲਨ ਖਤਮ ਹੋਣ ਦੇ ਅਗਲੇ ਹੀ ਦਿਨ ਕੀਤਾ ਸੀ। ਇਹ ਪ੍ਰੋਗਰਾਮ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿੱਚ ਰੱਖਿਆ ਗਿਆ ਹੈ।
ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਪੰਜਾਬ ਦੇ 700 ਤੋਂ ਵਧ ਕਿਸਾਨਾਂ ਨੇ ਆਪਣੀ ਜਾਨ ਗਵਾਈ ਸੀ, ਦਿੱਲੀ ਦੇ ਸਿੰਘੂ ਅਤੇ ਟਿੱਕਰੀ ਬਾਰਡਰ ‘ਤੇ ਇਹ ਅੰਦੋਲਨ ਹੋਇਆ ਸੀ। 378 ਦਿਨਾਂ ਤੱਕ ਚੱਲੇ ਕਿਸਾਨ ਅੰਦੋਲਨ ਵਿੱਚ ਕਰੀਬ 700 ਤੋਂ ਵਧ ਕਿਸਾਨਾਂ ਦੀ ਮੌਤ ਹੋ ਗਈ ਸੀ। ਇਨ੍ਹਾਂ ਵਿੱਚੋਂ 600 ਕਿਸਾਨ ਪੰਜਾਬ ਦੇ ਸਨ। ਹਾਲਾਂਕਿ ਬਾਅਦ ‘ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈ ਲਿਆ ਸੀ। ਅਗਲੇ ਹੀ ਦਿਨ ਤੇਲੰਗਾਨਾ ਦੇ ਮੁੱਖ ਮੰਤਰੀ ਨੇ ਕਿਸਾਨ ਪਰਿਵਾਰਾਂ ਨੂੰ ਵਿੱਤੀ ਮਦਦ ਦੇਣ ਦਾ ਐਲਾਨ ਕੀਤਾ। ਪੰਜਾਬ ਸਰਕਾਰ ਨੇ ਇਨ੍ਹਾਂ ਪਰਿਵਾਰਾਂ ਨੂੰ ਪਹਿਲਾਂ ਹੀ ਸਰਕਾਰੀ ਨੌਕਰੀ ਅਤੇ 5-5 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਸੀ।