ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ, ਹਜ਼ਾਰਾਂ ਸੰਗਤਾਂ ਨੇ ਟੇਕਿਆ ਮੱਥ ਗੁਰਦੁਆਰਾ ਸਾਹਿਬ ਵਿੱਚ ਕਿੱਥੇ ਚਲਾ ਗਿਆ
ਸਾਰਾ ਦਿਨ ਸਜੇ ਧਾਰਮਿਕ ਦੀਵਾਨ, ਢਾਡੀ ਵਾਰਾਂ, ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਗੁਰੂ ਇਤਿਹਾਸ ਨਾਲ ਜੋੜਿਆ
ਐੱਸ.ਏ.ਐੱਸ. ਨਗਰ (ਮੋਹਾਲੀ): ਧੰਨ ਧੰਨ ਅਮਰ ਸ਼ਹੀਦ ਜਥੇਦਾਰ ਬਾਬਾ ਹਨੂੰਮਾਨ ਸਿੰਘ ਜੀ ਦੇ ਸ਼ਹੀਦੀ ਅਸਥਾਨ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਬੰਦੀ ਛੋੜ ਦਿਵਸ ਬੜੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਪਵਿੱਤਰ ਦਿਹਾੜੇ ਮੌਕੇ ਹਜ਼ਾਰਾਂ ਦੀ ਗਿਣਤੀ ਵਿੱਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕੀਤੀਆਂ ਅਤੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਕੀਤਾ।
ਇਸ ਮੌਕੇ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ, ਜਿਸ ਉਪਰੰਤ ਸਾਰਾ ਦਿਨ ਧਾਰਮਿਕ ਦੀਵਾਨ ਸਜਾਏ ਗਏ। ਭਾਈ ਸਤਨਾਮ ਸਿੰਘ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਛੇਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਵੱਲੋਂ ਗਵਾਲੀਅਰ ਦੇ ਕਿਲ੍ਹੇ ਵਿੱਚੋਂ 52 ਪਹਾੜੀ ਰਾਜਿਆਂ ਨੂੰ ਮੁਗਲ ਬਾਦਸ਼ਾਹ ਜਹਾਂਗੀਰ ਦੀ ਕੈਦ ਵਿੱਚੋਂ ਰਿਹਾਅ ਕਰਵਾਉਣ ਦਾ ਇਤਿਹਾਸਕ ਪ੍ਰਸੰਗ ਢਾਡੀ ਵਾਰਾਂ ਰਾਹੀਂ ਬਹੁਤ ਹੀ ਪ੍ਰਭਾਵਸ਼ਾਲੀ ਢੰਗ ਨਾਲ ਸੁਣਾਇਆ। ਉਨ੍ਹਾਂ ਨੇ 52 ਕਲੀਆਂ ਵਾਲੇ ਚੋਲੇ ਦੇ ਪ੍ਰਸੰਗ ਨੂੰ ਵੀ ਵਿਸਥਾਰ ਨਾਲ ਸੰਗਤਾਂ ਸਾਹਮਣੇ ਪੇਸ਼ ਕੀਤਾ।
ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਵਿੰਦਰ ਸਿੰਘ ਨੇ ਰਸਭਿੰਨੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ। ਸ਼੍ਰੋਮਣੀ ਪ੍ਰਚਾਰਕ ਭਾਈ ਮੇਜਰ ਸਿੰਘ ਸ੍ਰੀ ਤਰਨਤਾਰਨ ਸਾਹਿਬ ਵਾਲਿਆਂ ਨੇ ਗੁਰਮਤਿ ਵਿਚਾਰਾਂ ਰਾਹੀਂ ਗੁਰੂ ਸਾਹਿਬ ਦੇ ਗਵਾਲੀਅਰ ਤੋਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਪਹੁੰਚਣ ਅਤੇ ਸੰਗਤਾਂ ਵੱਲੋਂ ਕੀਤੀ ਗਈ ਦੀਪਮਾਲਾ ਦਾ ਇਤਿਹਾਸ ਸੁਣਾਇਆ।
ਇਸ ਤੋਂ ਇਲਾਵਾ ਮੋਰਿੰਡਾ, ਪਟਿਆਲਾ, ਸ੍ਰੀ ਫਤਹਿਗੜ੍ਹ ਸਾਹਿਬ, ਸਮਰਾਲਾ ਅਤੇ ਨਾਢਾ ਸਾਹਿਬ ਸਮੇਤ ਵੱਖ-ਵੱਖ ਥਾਵਾਂ ਤੋਂ ਪਹੁੰਚੇ ਕੀਰਤਨੀ, ਢਾਡੀ ਅਤੇ ਕਵੀਸ਼ਰੀ ਜਥਿਆਂ ਨੇ ਵੀ ਹਾਜ਼ਰੀ ਭਰੀ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਬੰਦੀ ਛੋੜ ਦਿਵਸ ਦੀ ਖੁਸ਼ੀ ਵਿੱਚ ਗੁਰਦੁਆਰਾ ਸਾਹਿਬ ਦੇ ਅੰਦਰ ਫੁੱਲਾਂ ਨਾਲ ਵਿਸ਼ੇਸ਼ ਸਜਾਵਟ ਕੀਤੀ ਗਈ, ਜਦਕਿ ਬਾਹਰਲੇ ਹਿੱਸੇ ਅਤੇ ਮੁੱਖ ਰਸਤੇ ਨੂੰ ਰੰਗ-ਬਿਰੰਗੀਆਂ ਲਾਈਟਾਂ ਨਾਲ ਸਜਾਇਆ ਗਿਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵੀ ਸੰਗਤਾਂ ਨੂੰ ਵਰਤਾਇਆ ਗਿਆ। ਸਮੁੱਚਾ ਗੁਰਦੁਆਰਾ ਸਾਹਿਬ ਦਾ ਮਾਹੌਲ ਗੁਰਬਾਣੀ, ਸੇਵਾ ਅਤੇ ਸ਼ਰਧਾ ਦੇ ਰੰਗ ਵਿੱਚ ਰੰਗਿਆ ਰਿਹਾ।



