September 9, 2024
#ਪੰਜਾਬ #ਭਾਰਤੀ ਡਾਇਸਪੋਰਾ

ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਤਾਲਮੇਲ ਕਮੇਟੀ ਦੀ 14 ਅਗਸਤ ਨੂੰ ਮੀਟਿੰਗ ਬੁਲਾਉਣ ਦਾ ਫੈਸਲਾ

ਅੰਮ੍ਰਿਤਸਰ – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550 ਸਾਲਾ ਪ੍ਰਕਾਸ਼ ਪੁਰਬ ਸਾਂਝੇ ਤੌਰ ’ਤੇ ਮਨਾਉਣ ਲਈ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਕੀਤੇ ਆਦੇਸ਼ ਦੇ ਮੱਦੇਨਜ਼ਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਬੁਲਾਉਣ ਦਾ ਫੈਸਲਾ ਕੀਤਾ ਹੈ। ਇਸੇ ਤਹਿਤ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ਤੋਂ ਪਹਿਲਾਂ ਪਹਿਲਾਂ ਪੰਜਾਬ ਸਰਕਾਰ ਦੇ ਦੋ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਮੁੜ ਆਖਿਆ ਹੈ। ਦੱਸਣਯੋਗ ਹੈ ਕਿ ਇਸ ਤੋਂ ਕੁਝ ਦਿਨ ਪਹਿਲਾਂ ਵੀ ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਬਾਰੇ ਪੱਤਰ ਲਿਖਿਆ ਸੀ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਇੱਕ ਪੱਤਰ ਭੇਜ ਕਿ ਕਿਹਾ ਸੀ ਕਿ ਉਹ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਇੱਕ ਸਾਂਝੀ ਤਾਲਮੇਲ ਕਮੇਟੀ ਦਾ ਗਠਨ ਕਰਨ, ਤਾਂ ਜੋ ਸਾਰੇ ਸਮਾਗਮ ਇੱਕਜੁਟਤਾ ਨਾਲ ਕਰਵਾਏ ਜਾ ਸਕਣ। ਉਨ੍ਹਾਂ ਕਿਹਾ ਸੀ ਕਿ ਇਸ ਕਮੇਟੀ ਵਿਚ ਸ਼੍ਰੋਮਣੀ ਕਮੇਟੀ ਅਤੇ ਪੰਜਾਬ ਸਰਕਾਰ ਦੇ ਦੋ-ਦੋ ਨੁਮਾਇੰਦੇ ਹੋਣ ਅਤੇ ਇੱਕ ਮੈਂਬਰ ਸਿੱਖ ਬੁਧੀਜੀਵੀਆਂ ਵਿੱਚੋਂ ਲਿਆ ਜਾਵੇ।
ਇਸ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਮਿਲੇ ਪੱਤਰ ’ਤੇ ਕਾਰਵਾਈ ਕਰਦਿਆਂ ਉਨ੍ਹਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਸਰਕਾਰ ਤਰਫੋਂ ਦੋ ਮੈਂਬਰਾਂ ਦੇ ਨਾਂ ਤੁਰੰਤ ਤਜਵੀਜ਼ ਕਰਨ ਲਈ ਪੱਤਰ ਲਿਖਿਆ ਸੀ ਪਰੰਤੂ ਸਰਕਾਰ ਵੱਲੋਂ ਅਜੇ ਤੱਕ ਮੈਂਬਰਾਂ ਦੇ ਨਾਂ ਨਹੀਂ ਭੇਜੇ ਗਏ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸ੍ਰੀ ਵੱਲੋਂ ਤਾਲਮੇਲ ਕਮੇਟੀ ਦੀ ਇਕੱਤਰਤਾ 14 ਅਗਸਤ ਨੂੰ ਸ੍ਰੀ ਅੰਮ੍ਰਿਤਸਰ ਵਿਖੇ ਰੱਖੇ ਜਾਣ ਦਾ ਫੈਸਲਾ ਕੀਤਾ ਗਿਆ ਹੈ। ਇਹ ਇਸ ਲਈ ਜ਼ਰੂਰੀ ਹੈ ਕਿਉਂਕਿ ਪ੍ਰਕਾਸ਼ ਪੁਰਬ ਸਮਗਾਮਾਂ ਦੀ ਰੂਪ ਰੇਖਾ ਤਿਆਰ ਕਰਨ ਦੇ ਨਾਲ ਨਾਲ ਲੋੜੀਂਦੇ ਪ੍ਰਬੰਧ ਕੀਤੇ ਜਾਣੇ ਹਨ ਅਤੇ ਇਸ ਲਈ ਸਮਾਂ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਸਾਂਝੀ ਇਕੱਤਰਤਾ ਨਹੀਂ ਹੁੰਦੀ ਤਾਂ ਪ੍ਰਬੰਧਾਂ ਵਿਚ ਮੁਸ਼ਕਿਲ ਆਵੇਗੀ। ਭਾਈ ਲੌਂਗੋਵਾਲ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਰਕਾਰ ਦੇ ਨੁਮਾਇੰਦਿਆਂ ਦੇ ਨਾਂ ਤੁਰੰਤ ਭੇਜਣ ਤਾਂ ਜੋ 14 ਅਗਸਤ ਨੂੰ ਇਕੱਤਰਤਾ ਕੀਤੀ ਜਾ ਸਕੇ।