ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਨਗਰ ਕੀਰਤਨ ਸਬੰਧੀ ਸੰਗਤ ਵਿਚ ਭਾਰੀ ਉਤਸ਼ਾਹ
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਪਹਿਲੀ ਅਗਸਤ ਨੂੰ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਸਬੰਧੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਸਵਾਗਤ ਲਈ ਥਾਂ-ਥਾਂ ਸੰਗਤਾਂ ਦਾ ਭਰਵਾਂ ਸਮੂਹ ਇਸ ਗੱਲ ਦਾ ਪ੍ਰਮਾਣ ਹੈ। ਸ੍ਰੀ ਨਨਕਾਣਾ ਸਾਹਿਬ ਤੋਂ ਚੱਲ ਕੇ ਆਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੂੰ ਨਤਮਸਤਕ ਹੋਣ ਲਈ ਸੰਗਤਾਂ ਹੁੰਮ-ਹੁਮਾ ਕੇ ਪੁੱਜ ਰਹੀਆਂ ਹਨ। ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਬੀਤੇ ਕੱਲ੍ਹ ਅਗਲੇ ਪੜਾਅ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਪਠਾਨਕੋਟ ਲਈ ਸ਼ਾਨੋ-ਸ਼ੌਕਤ ਨਾਲ ਰਵਾਨਾ ਹੋਣ ਮਗਰੋਂ ਨਗਰ ਕੀਰਤਨ ਦਾ ਥਾਂ-ਥਾਂ ਭਰਵਾਂ ਸਵਾਗਤ ਹੋਇਆ। ਸਮਾਜਿਕ, ਰਾਜਨੀਤਕ, ਧਾਰਮਿਕ ਸ਼ਖ਼ਸੀਅਤਾਂ ਅਤੇ ਹਜ਼ਾਰਾਂ ਦੀ ਗਿਣਤੀ ਵਿਚ ਸੰਗਤਾਂ ਨੇ ਨਗਰ ਕੀਰਤਨ ਦਾ ਵੱਖ ਵੱਖ ਥਾਵਾਂ ’ਤੇ ਭਰਵਾਂ ਸਵਾਗਤ ਕਰਕੇ ਸ਼ਰਧਾ ਪ੍ਰਗਟਾਈ। ਨਗਰ ਕੀਰਤਨ ਦੇ ਸਵਾਗਤ ਲਈ ਸਕੂਲੀ ਬੱਚੇ, ਗਤਕਾ ਪਾਰਟੀਆਂ ਅਤੇ ਸਵਾਗਤੀ ਬੈਂਡ ਦੀਆਂ ਧੁੰਨਾਂ ਮਾਹੌਲ ਨੂੰ ਹੋਰ ਖ਼ੂਬਸੂਰਤ ਬਣਾ ਰਹੀਆਂ ਸਨ। ਨਗਰ ਕੀਰਤਨ ਦੌਰਾਨ ਸੰਗਤਾਂ ਵੱਲੋਂ ਜਿਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਸੁੰਦਰ ਰੁਮਾਲਾ ਸਾਹਿਬ ਭੇਟ ਕੀਤੇ ਜਾ ਰਹੇ ਸਨ, ਉਥੇ ਹੀ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘਾਂ ਨੂੰ ਵੀ ਸੰਗਤਾਂ ਨੇ ਸਿਰੋਪਾਓ ਦੇ ਕੇ ਸਤਿਕਾਰ ਦਿੱਤਾ। ਨਗਰ ਕੀਰਤਨ ਚੱਲ ਰਹੀ ਗੁਰੂ ਸਾਹਿਬ ਜੀ ਦੇ ਸ਼ਸਤਰਾਂ ਬਸਤਰਾਂ ਵਾਲੀ ਬੱਸ ਪ੍ਰਤੀ ਵੀ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਸੀ। ਇਸ ਵਿਚ ਸੁਸ਼ੋਭਿਤ ਗੁਰੂ ਸਾਹਿਬ ਜੀ ਦੀਆਂ ਨਿਸ਼ਾਨੀਆਂ ਨੂੰ ਸੰਗਤਾਂ ਸ਼ਰਧਾ ਤੇ ਸਤਿਕਾਰ ਭੇਟ ਕਰ ਰਹੀਆਂ ਸਨ। ਦੱਸਣਯੋਗ ਹੈ ਕਿ ਸੰਗਤੀ ਉਤਸ਼ਾਹ ਕਾਰਨ ਨਗਰ ਕੀਰਤਨ ਦੀ ਰਫ਼ਤਾਰ ਘੱਟ ਹੋਣ ਕਰਕੇ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਬੰਧਕੀ ਅਮਲਾ ਵਧਾ ਦਿੱਤਾ ਗਿਆ ਹੈ ਅਤੇ ਹੁਣ ਨਗਰ ਕੀਰਤਨ ਨਾਲ ਅਧਿਕਾਰੀ ਅਤੇ ਕਰਮਚਾਰੀ ਦੋ ਸ਼ਿਫ਼ਟਾਂ ਵਿਚ ਡਿਊਟੀ ਨਿਭਾ ਰਹੇ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸੰਗਤ ਵੱਲੋਂ ਉਤਸ਼ਾਹ ਨਾਲ ਨਗਰ ਕੀਰਤਨ ਦੇ ਸਵਾਗਤ ਲਈ ਧੰਨਵਾਦ ਕੀਤਾ ਹੈ। ਉਨ੍ਹਾਂ ਸੰਗਤ ਨੂੰ ਅਪੀਲ ਕੀਤੀ ਹੈ ਕਿ ਅਗਲੇ ਪੜਾਵਾਂ ’ਤੇ ਸਮੇਂ ਸਿਰ ਪਹੁੰਚਣ ਲਈ ਨਗਰ ਕੀਰਤਨ ਦੀ ਰਵਾਨਗੀ ਰਫਤਾਰ ਬਣਾਈ ਰੱਖਣ ਲਈ ਪ੍ਰਬੰਧਕੀ ਅਮਲੇ ਦਾ ਸਹਿਯੋਗ ਦਿੰਦੇ ਰਹਿਣ। ਉਨ੍ਹਾਂ ਨਗਰ ਕੀਰਤਨ ਦਾ ਸਵਾਗਤ ਕਰ ਰਹੀਆਂ ਅਤੇ ਸ਼੍ਰੋਮਣੀ ਕਮੇਟੀ ਨੂੰ ਪ੍ਰਬੰਧਕੀ ਸਹਿਯੋਗ ਦੇ ਰਹੀਆਂ ਸੰਸਥਾਵਾਂ, ਸਭਾ-ਸੁਸਾਇਟੀਆਂ, ਸੰਪਰਦਾਵਾਂ ਆਦਿ ਵੀ ਧੰਨਵਾਦ ਕੀਤਾ ਹੈ।