ਧਾਰਾ 370 ਨੂੰ ਮਨਸੂਖ ਕਰਨਾ ਗੈਰ-ਸੰਵਿਧਾਨਿਕ ਤੇ ਗੈਰ-ਜਮਹੂਰੀ : ਕੈਪਟਨ
ਚੰਡੀਗੜ੍ਹ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਸਰਕਾਰ ਵੱਲੋਂ ਜੰਮੂ-ਕਸ਼ਮੀਰ ‘ਤੇ ਆਪਣਾ ਫੈਸਲਾ ਥੋਪਣ ਦੇ ਢੰਗ-ਤਰੀਕੇ ਦੀ ਸਖ਼ਤ ਆਲੋਚਨਾ ਕਰਦਿਆਂ ਇਸ ਨੂੰ ਪੂਰੀ ਤਰ੍ਹਾਂ ਗੈਰ-ਸੰਵਿਧਾਨਿਕ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਇਸ ਫੈਸਲੇ ਨਾਲ ਜਿੱਥੇ ਮੁਲਕ ਦੇ ਜਮਹੂਰੀ ਢਾਂਚੇ ਨੂੰ ਮਲੀਆਮੇਟ ਕਰ ਦਿੱਤਾ, ਉੱਥੇ ਹੀ ਸੰਵਿਧਾਨਿਕ ਨੇਮਾਂ ਦੀਆਂ ਧੱਜੀਆਂ ਉਡਾ ਕੇ ਰੱਖ ਦਿੱਤੀਆਂ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ,”ਇਹ ਭਾਰਤੀ ਜਮਹੂਰੀਅਤ ਲਈ ਕਾਲਾ ਦਿਨ ਹੈ।” ਉਨ੍ਹਾਂ ਕਿਹਾ ਕਿ ਕੋਈ ਕਾਨੂੰਨੀ ਪ੍ਰਕਿਰਿਆ ਅਪਣਾਉਣ ਤੋਂ ਬਿਨਾਂ ਹੀ ਭਾਰਤ ਦਾ ਸੰਵਿਧਾਨ ਮੁੜ ਲਿਖ ਦਿੱਤਾ ਗਿਆ। ਉਨ੍ਹਾਂ ਕਿਹਾ ਅਜਿਹੇ ਇਤਿਹਾਸਕ ਫੈਸਲੇ ਨੂੰ ਇਸ ਆਪਹੁਦਰੇ ਢੰਗ ਨਾਲ ਨਹੀਂ ਥੋਪਣਾ ਚਾਹੀਦਾ ਸੀ।