ਸ੍ਰੀ ਨਨਕਾਣਾ ਸਾਹਿਬ ਤੋਂ ਆਰੰਭ ਹੋਏ ਅੰਤਰਰਾਸ਼ਟਰੀ ਨਗਰ ਕੀਰਤਨ ਬਾਰੇ ਸੰਗਤ ਨੂੰ ਜਾਣਕਾਰੀ ਦੇਵੇਗਾ ਜੀਪੀਆਰਐਸ ਸਿਸਟਮ
ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਨਗਰ ਕੀਰਤਨ ਲਈ ਡਿਊਟੀ ’ਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਦਿੱਤੇ ਪ੍ਰਬੰਧਕੀ ਨਿਰਦੇਸ਼
ਅੰਮ੍ਰਿਤਸਰ – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਕੀਤੇ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਦੀ ਸੰਗਤ ਨੂੰ ਲੋਕੇਸ਼ਨ ਦੱਸਣ ਲਈ ਜੀ.ਪੀ.ਆਰ.ਐਸ. ਸਿਸਟਮ ਦੀ ਵਰਤੋਂ ਕੀਤੀ ਗਈ ਹੈ। ਪਾਲਕੀ ਸਾਹਿਬ ਵਾਲੀ ਗੱਡੀ ਵਿਚ ਜੀ.ਪੀ.ਆਰ.ਐਸ. ਟ੍ਰੈਕਿੰਗ ਡੀਵਾਈਸ ਲਗਾਈ ਗਈ ਹੈ, ਤਾਂ ਜੋ ਸੰਗਤ ਨੂੰ ਨਗਰ ਕੀਰਤਨ ਬਾਰੇ ਜਾਣਕਾਰੀ ਮਿਲਦੀ ਰਹੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ ਨੇ ਦੱਸਿਆ ਕਿ ਨਗਰ ਕੀਰਤਨ ਦੇ ਸਵਾਗਤ ਲਈ ਸੰਗਤਾਂ ਅੰਦਰ ਭਾਰੀ ਉਤਸ਼ਾਹ ਹੈ, ਜਿਸ ਕਰਕੇ ਨਿਰਧਾਰਤ ਸਮੇਂ ਅਨੁਸਾਰ ਅਗਲੇ ਪੜਾਵਾਂ ‘’ਤੇ ਪੁੱਜਣਾ ਮੁਸ਼ਕਲ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਸੰਗਤ ਨੂੰ ਨਗਰ ਕੀਰਤਨ ਦੀ ਅਸਲ ਲੋਕੇਸ਼ਨ ਦੀ ਜਾਣਕਾਰੀ ਦੇਣ ਲਈ ਜੀ.ਪੀ.ਆਰ.ਐਸ. ਦੀ ਵਰਤੋਂ ਕੀਤੀ ਗਈ ਹੈ। ਇਸ ਨੂੰ ਗੂਗਲ ਪਲੇਅ ਸਟੋਰ ਤੋਂ vave gps tracker ਐਪ ਡਾਊਨਲੋਡ ਕਰਕੇ ਵਰਤਿਆ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ www.vavetracker.com ਵੈੱਬਸਾਈਟ ’ਤੇ ਵੀ ਉਪਲਬਧ ਹੈ। ਉਨ੍ਹਾਂ ਦੱਸਿਆ ਕਿ ਇਸ ਵੈਬਸਾਈਟ ਅਤੇ ਐਪ ‘’ਤੇ ਜਾ ਕੇ ਸੰਗਤਾਂ ਯੂਜਰ ਆਈਡੀ ਐਸ.ਜੀ.ਪੀ.ਸੀ. ਅਤੇ ਪਾਸਵਰਡ 12345 ਲਗਾ ਕੇ ਨਗਰ ਕੀਰਤਨ ਦੀ ਲੋਕੇਸ਼ਨ ਜਾਣ ਸਕਦੀਆਂ ਹਨ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਦਫਤਰ ਵਿਖੇ ਨਗਰ ਕੀਰਤਨ ਨਾਲ ਡਿਊਟੀ ’ਤੇ ਜਾ ਰਹੇ ਮੁਲਾਜਮਾਂ ਨਾਲ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਇਕੱਤਰਤਾ ਕੀਤੀ। ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਨਗਰ ਕੀਰਤਨ ਨਾਲ ਜਾਣ ਵਾਲੇ ਅਧਿਕਾਰੀਆਂ ਤੇ ਮੁਲਾਜਮਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਖੁਸ਼ਕਿਸਮਤੀ ਹੈ ਕਿ ਸਾਨੂੰ ਆਪਣੀ ਡਿਊਟੀ ਦੇ ਨਾਲ ਨਾਲ ਸੇਵਾ ਕਰਨ ਦਾ ਵੀ ਸੁਭਾਗ ਪ੍ਰਾਪਤ ਹੋ ਰਿਹਾ ਹੈ। ਉਨ੍ਹਾਂ ਡਿਊਟੀ ’ਤੇ ਜਾਣ ਵਾਲੇ ਮੁਲਾਜ਼ਮਾਂ ਨੂੰ ਪ੍ਰੇਰਣਾ ਕੀਤੀ ਕਿ ਉਹ ਸੇਵਾ ਭਾਵਨਾ ਨਾਲ ਨਗਰ ਕੀਰਤਨ ਨਾਲ ਡਿਊਟੀ ਨਿਭਾਉਣ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਮਹਿੰਦਰ ਸਿੰਘ ਆਹਲੀ, ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਸ. ਬਲਵਿੰਦਰ ਸਿੰਘ ਜੌੜਾਸਿੰਘਾ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸ. ਕਰਮਬੀਰ ਸਿੰਘ ਕਿਆਮਪੁਰ ਮੀਤ ਸਕੱਤਰ, ਸ. ਗੁਰਦਿਆਲ ਸਿੰਘ ਇੰਚਾਰਜ, ਸ. ਮਲਕੀਤ ਸਿੰਘ ਸਹਾਇਕ ਸੁਪ੍ਰਿੰਟੈਂਡੈਂਟ, ਸ. ਬਲਵਿੰਦਰ ਸਿੰਘ ਸੁਪ੍ਰਿੰਟੈਂਡੈਂਟ ਪ੍ਰਚਾਰ, ਸ. ਗੁਰਿੰਦਰ ਸਿੰਘ ਸੁਪਰਵਾਈਜਰ, ਭਾਈ ਜਸਵਿੰਦਰ ਸਿੰਘ ਸ਼ਹੂਰ ਸਮੇਤ ਹੋਰ ਹਾਜ਼ਰ ਸਨ।