January 22, 2025
#ਪੰਜਾਬ #ਭਾਰਤੀ ਡਾਇਸਪੋਰਾ

ਮੰਦਰ ਢਾਹੁਣ ਦੇ ਮੁੱਦੇ ‘ਤੇ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੁੱਖ ਮੰਤਰੀ ਰਵਿਦਾਸ ਭਾਈਚਾਰੇ ਦੇ ਸੰਤਾਂ ਦੇ ਵਫ਼ਦ ਦੀ ਅਗਵਾਈ ਕਰਨਗੇ

ਜਲੰਧਰ – ਦਿੱਲੀ ਵਿੱਚ ਤੁਗਲਕਾਬਾਦ ਖੇਤਰ ‘ਚ ਇਤਿਹਾਸਕ ਮੰਦਰ ਢਾਹੁਣ ਨਾਲ ਪੈਦਾ ਹੋਏ ਸੰਕਟ ਦੇ ਹੱਲ ਲਈ ਪ੍ਰਧਾਨ ਮੰਤਰੀ ਨੂੰ ਮਿਲਣ ਵਾਸਤੇ ਰਵਿਦਾਸ ਭਾਈਚਾਰੇ ਦੇ ਵਫ਼ਦ ਦੀ ਅਗਵਾਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਰਨਗੇ। ਮੁੱਖ ਮੰਤਰੀ ਨੇ ਅੱਜ ਇੱਥੇ ਭਾਈਚਾਰੇ ਦੇ ਸੰਤਾਂ ਤੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁੱਖ ਮੰਤਰੀ ਨੇ ਇਸ ਮਸਲੇ ਦਾ ਹੱਲ ਕੱਢਣ ਲਈ ਭਾਈਚਾਰੇ ਵੱਲੋਂ ਉਨ੍ਹਾਂ ਦੀ ਅਗਵਾਈ ਵਿੱਚ ਪ੍ਰਧਾਨ ਮੰਤਰੀ ਨੂੰ ਮਿਲ ਕੇ ਦਖਲ ਦੇਣ ਦੀ ਕੀਤੀ ਮੰਗ ਸਵੀਕਾਰ ਕਰ ਲਈ। ਕੈਪਟਨ ਅਮਰਿੰਦਰ ਸਿੰਘ ਨੇ ਭਾਈਚਾਰੇ ਨੂੰ ਅਮਨ-ਸ਼ਾਂਤੀ ਕਾਇਮ ਰੱਖਣ ਅਤੇ ਇਸ ਮੁੱਦੇ ‘ਤੇ ਪ੍ਰਦਰਸ਼ਨਾਂ ਦੌਰਾਨ ਆਮ ਲੋਕਾਂ ਲਈ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਪੈਦਾ ਨਾ ਹੋਣ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ।ਮੁੱਖ ਮੰਤਰੀ ਨੇ ਇਸ ਮਾਮਲੇ ‘ਤੇ ਪ੍ਰਧਾਨ ਮੰਤਰੀ ਨਾਲ ਮੀਟਿੰਗ ਦਾ ਸਮਾਂ ਮੰਗਣ ਦਾ ਵਾਅਦਾ ਕਰਦਿਆਂ ਦੁਹਰਾਇਆ ਕਿ ਉਨ੍ਹਾਂ ਦੀ ਸਰਕਾਰ ਇਸ ਮੰਦਰ ਦੇ ਮੁੜ ਨਿਰਮਾਣ ਅਤੇ ਸੁਪਰੀਮ ਕੋਰਟ ਦੇ ਹੁਕਮ ਦੀ ਮੁੜ ਸਮੀਖਿਆ ਕਰਨ ਲਈ ਪੈਰਵੀ ਕਰਨ ਵਾਸਤੇ ਭਾਈਚਾਰੇ ਨੂੰ ਹਰ ਤਰ੍ਹਾਂ ਨਾਲ ਕਾਨੂੰਨੀ ਅਤੇ ਵਿੱਤੀ ਮਦਦ ਮੁਹੱਈਆ ਕਰਵਾਏਗੀ। ਮੁੱਖ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਨੇ ਇਸ ਮਾਮਲੇ ਵਿੱਚ ਪਹਿਲਾਂ ਹੀ ਪ੍ਰਧਾਨ ਮੰਤਰੀ ਨੂੰ ਦਖਲ ਦੇਣ ਦੀ ਮੰਗ ਕੀਤੀ ਹੈ ਅਤੇ ਇਸ ਤੋਂ ਇਲਾਵਾ ਕੇਂਦਰੀ ਸ਼ਹਿਰੀ ਵਿਕਾਸ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਵੀ ਨਿੱਜੀ ਤੌਰ ‘ਤੇ ਗੱਲਬਾਤ ਕਰ ਕੇ ਇਸ ਮਸਲੇ ਨੂੰ ਸੁਲਝਾਉਣ ਲਈ ਆਖਿਆ ਕਿਉਂਜੋ ਭਾਈਚਾਰੇ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚੀ ਹੈ।ਮੁੱਖ ਮੰਤਰੀ ਨੇ ਸੰਤਾਂ ਨੂੰ ਭਰੋਸਾ ਦਿੱਤਾ ਕਿ ਸਰਵ ਉੱਚ ਅਦਾਲਤ ਵਿੱਚ ਫੈਸਲੇ ਦੀ ਸਮੀਖਿਆ ਕਰਨ ਲਈ ਪਟੀਸ਼ਨ ਦਾਇਰ ਕਰਨ ਵਿੱਚ ਮਦਦ ਕਰਨ ਤੋਂ ਇਲਾਵਾ ਜੇਕਰ ਕੇਂਦਰ ਸਰਕਾਰ ਮੰਦਰ ਵਾਲੀ ਥਾਂ ਭਾਈਚਾਰੇ ਨੂੰ ਵਾਪਸ ਕਰਨ ਲਈ ਸਹਿਮਤ ਹੁੰਦੀ ਹੈ ਤਾਂ ਸੂਬਾ ਸਰਕਾਰ ਇਸ ਜ਼ਮੀਨ ਦੀ ਕੀਮਤ ਅਦਾ ਕਰਨ ਲਈ ਵੀ ਆਪਣਾ ਯੋਗਦਾਨ ਪਾਵੇਗੀ। ਮੀਟਿੰਗ ਦੌਰਾਨ ਸਾਲ 2009 ਵਿੱਚ ਵੀਆਨਾ ਵਿੱਚ ਡੇਰਾ ਸੱਚਖੰਡ ਬੱਲਾਂ ਦੇ ਮੁਖੀ ਅਤੇ ਉਨ੍ਹਾਂ ਦੇ ਇਕ ਸਹਿਯੋਗੀ ‘ਤੇ ਗੋਲੀ ਚਲਾਉਣ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਹੋਈ ਹਿੰਸਾ ਲਈ ਭਾਈਚਾਰੇ ਦੇ ਮੈਂਬਰਾਂ ਵਿਰੁੱਧ ਅਜੇ ਤੱਕ ਚੱਲ ਰਹੇ ਪੰਜ ਕੇਸ ਵਾਪਸ ਲੈਣ ਲਈ ਨੇਤਾਵਾਂ ਵੱਲੋਂ ਕੀਤੀ ਮੰਗ ਨੂੰ ਮੁੱਖ ਮੰਤਰੀ ਨੇ ਵਿਚਾਰਨ ਦਾ ਭਰੋਸਾ ਦਿੱਤਾ। ਮੀਟਿੰਗ ਦੌਰਾਨ ਭਾਈਚਾਰੇ ਵੱਲੋਂ ਲਗਭਗ 25 ਸੰਤਾਂ ਨੇ ਸ਼ਮੂਲੀਅਤ ਕੀਤੀ ਜਿਨ੍ਹਾਂ ਵਿੱਚ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਦੇ ਮੁਖੀ ਸੰਤ ਕੁਲਵੰਤ ਰਾਮ, ਉਪ ਪ੍ਰਧਾਨ ਸੰਤ ਗੁਰਦੀਪ ਗਿਰੀ, ਚੇਅਰਮੈਨ ਸੰਤ ਮਹਿੰਦਰ ਪਾਲ, ਜਨਰਲ ਸਕੱਤਰ ਸੰਤ ਨਿਰਮਲ ਸਿੰਘ ਦੇ ਨਾਲ-ਨਾਲ ਡੇਰਾ ਸੱਚਖੰਡ ਬੱਲਾਂ ਦੇ ਸੰਤ ਲੇਖਰਾਜ ਜੀ ਹਾਜ਼ਰ ਸਨ।ਕੈਪਟਨ ਅਮਰਿੰਦਰ ਸਿੰਘ ਨਾਲ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ, ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ, ਵਿਧਾਇਕ ਸੁਸ਼ੀਲ ਰਿੰਕੂ ਅਤੇ ਰਾਜਕੁਮਾਰ ਚੱਬੇਵਾਲ ਵੀ ਸ਼ਾਮਲ ਸਨ ਜੋ ਇਸ ਮਸਲੇ ਦੇ ਹੱਲ ਲਈ ਰਵਿਦਾਸ ਭਾਈਚਾਰੇ ਦੇ ਨੇਤਾਵਾਂ ਨਾਲ ਤਾਲਮੇਲ ਕਰਨ ਲਈ ਮੁੱਖ ਮੰਤਰੀ ਵੱਲੋਂ ਗਠਿਤ ਕੀਤੀ ਕਮੇਟੀ ਦੇ ਮੈਂਬਰ ਹਨ, ਵੀ ਮੀਟਿੰਗ ਦੌਰਾਨ ਹਾਜ਼ਰ ਸਨ।