January 22, 2025
#ਪ੍ਰਮੁੱਖ ਖ਼ਬਰਾਂ #ਭਾਰਤ

ਜੰਮੂ ਕਸ਼ਮੀਰ ਬਾਰੇ ਫ਼ੈਸਲਾ ਲੋਕਾਂ ਦੇ ਹਿੱਤ ’ਚ: ਰਾਸ਼ਟਰਪਤੀ

ਦੇਸ਼ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਆਜ਼ਾਦੀ ਦਿਵਸ ਮੌਕੇ ਰਾਸ਼ਟਰ ਦੇ ਨਾਂਅ ਜਾਰੀ ਸੰਦੇਸ਼ ਵਿੱਚ ਭਰੋਸਾ ਪ੍ਰਗਟਾਇਆ ਹੈ ਕਿ ਜੰਮੂ ਕਸ਼ਮੀਰ ਨੂੰ ਵਿਸ਼ੇਸ਼ ਦਰਜਾ ਦਿੰਦੀ ਧਾਰਾ 370 ਹਟਾਉਣ ਨਾਲ ਅਤੇ ਸੂਬੇ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿੱਚ ਵੰਡਣ ਨਾਲ ਜੰਮੂ ਕਸ਼ਮੀਰ ਦੇ ਲੋਕਾਂ ਨੂੰ ਲਾਭ ਮਿਲੇਗਾ।ਉਨ੍ਹਾਂ ਕਿਹਾ ਕਿ ਇਸ ਬਦਲਾਅ ਦੇ ਨਾਲ ਹੁਣ ਜੰਮੂ ਅਤੇ ਕਸ਼ਮੀਰ ਅਤੇ ਲੱਦਾਖ ਦੇ ਲੋਕਾਂ ਉਹ ਅਧਿਕਾਰ ਅਤੇ ਸਹੂਲਤਾਂ ਮਿਲਣਗੀਆਂ ਜੋ ਬਾਕੀ ਦੇ ਦੇਸ਼ ਵਾਸੀ ਪਹਿਲਾਂ ਹੀ ਮਾਣ ਰਹੇ ਹਨ। 73ਵੇਂ ਆਜ਼ਾਦੀ ਦਿਵਸ ਦੀ ਪਹਿਲੀ ਸ਼ਾਮ ਨੂੰ ਸ੍ਰੀ ਕੋਵਿੰਦ ਨੇ ਆਪਣੇ ਸੰਬੋਧਨ ਵਿੱਚ ਕਿਹਾ,‘ ਮੇਰਾ ਇਹ ਦ੍ਰਿੜ ਵਿਸ਼ਵਾਸ ਹੈ ਕਿ ਤਾਜ਼ਾ ਕੀਤੀਆਂ ਤਬਦੀਲੀਆਂ ਦੇ ਨਾਲ ਜੰਮੂ ਕਸ਼ਮੀਰ ਅਤੇ ਲੱਦਾਖ ਖਿੱਤਿਆਂ ਵਿੱਚ ਵਸਦੇ ਲੋਕਾਂ ਨੂੰ ਲਾਭ ਮਿਲੇਗਾ। ਜ਼ਿਕਰਯੋਗ ਹੈ ਕਿ ਮੋਦੀ ਸਰਕਾਰ ਨੇ 5 ਅਗਸਤ ਨੂੰ ਜੰਮੂ ਕਸ਼ਮੀਰ ਰਾਜ ਨੂੰ ਵਿਸ਼ੇਸ਼ ਅਧਿਕਾਰ ਦਿੰਦੀ ਧਾਰਾ 370 ਦੀਆਂ ਕੁੱਝ ਧਾਰਾਵਾਂ ਹਟਾਉਣ ਦਾ ਐਲਾਨ ਕਰ ਦਿੱਤਾ ਸੀ, ਇਸ ਦੇ ਨਾਲ ਜੰਮੂ ਕਸ਼ਮੀਰ ਦੇ ਲੋਕਾਂ ਦੇ ਵਿਸ਼ੇਸ਼ ਅਧਿਕਾਰ ਖਤਮ ਹੋ ਗਏ ਸਨ। ਇਸ ਦੇ ਨਾਲ ਹੀ ਸਰਕਾਰ ਨੇ ਜੰਮੂ ਕਸ਼ਮੀਰ ਨੂੰ ਦੋ ਕੇਂਦਰ ਸਾਸ਼ਿਤ ਰਾਜਾਂ ਵਿੱਚ ਵੰਡਣ ਦੀ ਤਜਵੀਜ਼ ਪੇਸ਼ ਕੀਤੀ ਸੀ। ਸਰਕਾਰ ਦੀ ਇਸ ਪਹਿਲਕਦਮੀ ਦੇ ਨਾਲ ਅਤਿਵਾਦ ਦਾ ਗੜ੍ਹ ਬਣੇ ਜੰਮੂ ਕਸ਼ਮੀਰ ਦੇ ਵਿਕਾਸ ਦੀ ਨਵੀਂ ਗਾਥਾ ਸ਼ੁਰੂ ਹੋਣ ਦੀ ਉਮੀਦ ਕੀਤੀ ਜਾਂਦੀ ਹੈ।