ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਅਤੇ ਅਧਿਕਾਰੀਆਂ ਵੱਲੋਂ ਗੁਰਪੁਰਬ ਸਮਾਗਮਾਂ ਸਬੰਧੀ ਸਭਾ-ਸੁਸਾਇਟੀਆਂ ਨਾਲ ਇਕੱਤਰਤਾ
ਅੰਮ੍ਰਿਤਸਰ -ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅਤੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ ਯਾਦਗਾਰੀ ਢੰਗ ਨਾਲ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਤਿਆਰੀਆਂ ਆਰੰਭ ਦਿੱਤੀਆਂ ਹਨ ਅਤੇ ਇਸ ਸਬੰਧ ਵਿਚ ਅੱਜ ਅੰਮ੍ਰਿਤਸਰ ਸ਼ਹਿਰ ਦੀਆਂ ਵੱਖ-ਵੱਖ ਸਭਾ ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਸ਼੍ਰੋਮਣੀ ਕਮੇਟੀ ਮੈਂਬਰਾਂ ਅਤੇ ਅਧਿਕਾਰੀਆਂ ਵੱਲੋਂ ਇਕ ਭਰਵੀਂ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਅਤੇ ਸਭਾ-ਸੁਸਾਇਟੀਆਂ ਦੇ ਪ੍ਰਮੁੱਖ ਆਗੂ ਹਾਜ਼ਰ ਸਨ। ਮੀਟਿੰਗ ਦੌਰਾਨ ਵੱਖ-ਵੱਖ ਸੁਸਾਇਟੀਆਂ ਦੇ ਆਗੂਆਂ ਨੇ ਜਿਥੇ ਇਸ ਇਤਿਹਾਸਕ ਪੁਰਬਾਂ ਮੌਕੇ ਹੋਣ ਵਾਲੇ ਸਮਾਗਮਾਂ ਨੂੰ ਯਾਦਗਾਰੀ ਬਣਾਉਣ ਲਈ ਸੁਝਾਅ ਦਿੱਤੇ, ਉਥੇ ਹੀ ਹਰ ਤਰ੍ਹਾਂ ਦਾ ਸਹਿਯੋਗ ਦੇਣ ਦਾ ਭਰੋਸਾ ਵੀ ਦਿੱਤਾ। ਦੱਸਣਯੋਗ ਹੈ ਕਿ ਇਸ ਵਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ 31 ਅਗਸਤ ਨੂੰ, ਜਦਕਿ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 15 ਅਕਤੂਬਰ ਨੂੰ ਮਨਾਇਆ ਜਾ ਰਿਹਾ ਹੈ।ਇਨ੍ਹਾਂ ਪੁਰਬਾਂ ਦੀਆਂ ਤਿਆਰੀਆਂ ਨੂੰ ਲੈ ਕੇ ਸੱਦੀ ਗਈ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਅਜਾਇਬ ਸਿੰਘ ਅਭਿਆਸੀ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ ਅਤੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ ਨੇ ਸਭਾ ਸੁਸਾਇਟੀਆਂ ਨੂੰ ਪ੍ਰੇਰਣਾ ਕੀਤੀ ਕਿ ਉਹ ਵੱਧ ਤੋਂ ਵੱਧ ਸੰਗਤ ਨੂੰ ਸਮਾਗਮਾਂ ਸਬੰਧੀ ਪ੍ਰੇਰਿਤ ਕਰਨ। ਇਸ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ਼ਹਿਰ ਦੀ ਸਾਫ਼-ਸਫ਼ਾਈ ਦੇ ਨਾਲ-ਨਾਲ ਸਜਾਵਟ ਲਈ ਵੀ ਅਪੀਲ ਕੀਤੀ। ਉਨ੍ਹਾਂ ਸੁਸਾਇਟੀਆਂ ਦੇ ਨੁਮਾਇੰਦਿਆਂ ਨੂੰ ਵਾਤਾਵਰਨ ਦੀ ਸ਼ੁੱਧਤਾ ਲਈ ਬੂਟੇ ਲਗਾਉਣ ਦੀ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਵੀ ਕਿਹਾ।ਇਸ ਮੌਕੇ ਹੋਰਨਾਂ ਤੋਂ ਇਲਾਵਾ ਸ. ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, ਭਾਈ ਕਿਸ਼ਨ ਸਿੰਘ ਸੰਤਨ ਕੀ ਕੁਟੀਆਂ, ਭਾਈ ਗੁਰਦੀਪ ਸਿੰਘ ਸਲੂਜਾ, ਭਾਈ ਜਸਬੀਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਵਾਲੇ, ਭਾਈ ਗੁਰਇਕਬਾਲ ਸਿੰਘ ਵੱਲੋਂ ਭਾਈ ਤੇਜਪਾਲ ਸਿੰਘ, ਭਾਈ ਕੁਲਦੀਪ ਸਿੰਘ ਪੰਡੋਰੀ, ਸ. ਭੁਪਿੰਦਰ ਸਿੰਘ, ਭਾਈ ਹਰਪ੍ਰੀਤ ਸਿੰਘ, ਭਾਈ ਤਰਲੋਚਨ ਸਿੰਘ, ਭਾਈ ਜਗਜੀਤ ਸਿੰਘ ਖ਼ਾਲਸਾ, ਬੀਬੀ ਰਾਜਿੰਦਰ ਕੌਰ ਖ਼ਾਲਸਾ ਆਦਿ ਮੌਜੂਦ ਸਨ।