December 4, 2024
#ਪੰਜਾਬ

ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਡੀ.ਸੀ. ਲੁਧਿਆਣਾ ਵੱਲੋਂ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ

ਲੁਧਿਆਣਾ – ਸੂਬੇ ਭਰ ਵਿੱਚ ਪੈ ਰਹੇ ਭਾਰੀ ਮੀਂਹ ਅਤੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਾਈ ਅਲਰਟ ਦੇ ਚੱਲਦਿਆਂ ਅਗਾਂਊ ਹੜ ਰੋਕਥਾਮ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖ਼ਪਤਕਾਰ ਮਾਮਲੇ ਵਿਭਾਗ ਦੇ ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਅਤੇ ਡਿਪਟੀ ਕਮਿਸ਼ਨਰ ਸ੍ਰੀ ਪ੍ਰਦੀਪ ਕੁਮਾਰ ਅਗਰਵਾਲ ਨੇ ਅੱਜ ਸਤਲੁੱਜ ਦੇ ਨਾਲ ਲੱਗਦੇ ਇਲਾਕਿਆਂ ਦਾ ਦੌਰਾ ਕੀਤਾ।ਖ਼ਬਰ ਲਿਖੇ ਜਾਣ ਤੱਕ ਜ਼ਿਲ੍ਹਾ ਲੁਧਿਆਣਾ ਵਿੱਚ ਸਥਿਤੀ ਥੋੜੀ ਜਿਹੀ ਤਣਾਅਪੂਰਨ ਪਰ ਪੂਰੀ ਤਰ੍ਹਾਂ ਕਾਬੂ ਹੇਠ ਸੀ।ਸਤਲੁਜ ਬੰਨ ਦਾ ਕਈ ਜਗ੍ਹਾ ਦੌਰਾ ਕਰਦਿਆਂ ਸ੍ਰੀ ਆਸ਼ੂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਥਾਨਕ ਲੋਕਾਂ ਦੀ ਕਿਸੇ ਵੀ ਗੱਲ ਨੂੰ ਹਲਕੇ ਵਿੱਚ ਨਾ ਲੈਣ।ਜੇਕਰ ਲੋਕਾਂ ਵੱਲੋਂ ਸਤਲੁੱਜ ਦੇ ਨਾਲ ਖਾਰ (ਮਾਈਨਰ ਬਰੀਚ) ਆਦਿ ਪਈ ਹੋਣ ਦੀ ਖ਼ਬਰ ਦਿੱਤੀ ਜਾ ਰਹੀ ਹੈ ਤਾਂ ਮੌਕਾ ਦੇਖ ਕੇ ਤੁਰੰਤ ਇਹ ਖਾਰਾਂ ਭਰੀਆਂ ਜਾਣ।ਉਨ੍ਹਾਂ ਹੜ ਰੋਕਥਾਮ ਪ੍ਰਬੰਧਾਂ ‘ਤੇ ਪੂਰਨ ਤਸੱਲੀ ਦਾ ਪ੍ਰਗਟਾਵਾ ਕਰਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਖੁਦ ਫੀਲਡ ਵਿੱਚ ਰਹਿ ਕੇ ਸਥਿਤੀ ‘ਤੇ ਨਜ਼ਰ ਰੱਖਣ।ਉਨ੍ਹਾਂ ਕਿਹਾ ਕਿ ਹੋਰਨਾਂ ਜ਼ਿਲਿਆਂ ਦੇ ਮੁਕਾਬਲੇ ਜ਼ਿਲ੍ਹਾ ਲੁਧਿਆਣਾ ਦੀ ਸਥਿਤੀ ਬਹੁਤ ਅੱਛੀ ਹੈ, ਜਿਸ ਕਾਰਨ ਹਾਲੇ ਕਿਸੇ ਵੀ ਪਿੰਡ ਨੂੰ ਖਾਲੀ ਕਰਾਉਣ ਆਦਿ ਦੀ ਕੋਈ ਲੋੜ ਮਹਿਸੂਸ ਨਹੀਂ ਹੋਈ। ਇਸ ਮੌਕੇ ਉਨਾਂ ਨਾਲ ਹਲਕਾ ਲੁਧਿਆਣਾ (ਪੂਰਬੀ) ਦੇ ਵਿਧਾਇਕ ਸ੍ਰੀ ਸੰਜੇ ਤਲਵਾੜ, ਨਗਰ ਨਿਗਮ ਲੁਧਿਆਣਾ ਦੇ ਮੇਅਰ ਸ੍ਰ. ਬਲਕਾਰ ਸਿੰਘ ਸੰਧੂ, ਕਮਿਸ਼ਨਰ ਸ੍ਰੀਮਤੀ ਕੰਵਲ ਪ੍ਰੀਤ ਕੌਰ ਬਰਾੜ, ਐੱਸ. ਡੀ. ਐੱਮ. ਲੁਧਿਆਣਾ (ਪੱਛਮੀ) ਸ੍ਰ. ਅਮਰਿੰਦਰ ਸਿੰਘ ਮੱਲੀ ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।ਇਸ ਉਪਰੰਤ ਡਿਪਟੀ ਕਮਿਸ਼ਨਰ ਸ੍ਰੀ ਅਗਰਵਾਲ ਨੇ ਸੀਨੀਅਰ ਅਧਿਕਾਰੀਆਂ ਨਾਲ ਬਚਤ ਭਵਨ ਵਿਖੇ ਮੀਟਿੰਗ ਕੀਤੀ।ਇਸ ਮੌਕੇ ਜ਼ਿਲਾ ਪੁਲਿਸ ਮੁੱਖੀ ਲੁਧਿਆਣਾ (ਦਿਹਾਤੀ) ਸ੍ਰੀ ਸੰਦੀਪ ਗੋਇਲ, ਜ਼ਿਲਾ ਪੁਲਿਸ ਮੁੱਖੀ ਖੰਨਾ ਸ੍ਰ. ਗੁਰਸ਼ਰਨਜੀਤ ਸਿੰਘ ਗਰੇਵਾਲ, ਸ੍ਰ. ਇਕਬਾਲ ਸਿੰਘ ਸੰਧੂ ਅਤੇ ਸ੍ਰੀਮਤੀ ਨੀਰੂ ਕਤਿਆਲ ਗੁਪਤਾ (ਦੋਵੇਂ ਵਧੀਕ ਡਿਪਟੀ ਕਮਿਸ਼ਨਰ) ਅਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।