January 15, 2025
#ਪੰਜਾਬ #ਭਾਰਤੀ ਡਾਇਸਪੋਰਾ

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੇ ਪ੍ਰਬੰਧਾਂ ਲਈ ਅਧਿਕਾਰੀ ਤੇ ਕਰਮਚਾਰੀ ਰਵਾਨਾ

ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਗਏ ਅੰਤਰਰਾਸ਼ਟਰੀ ਨਗਰ ਕੀਰਤਨ ਪ੍ਰਤੀ ਸੰਗਤ ਵਿਚ ਪਾਏ ਜਾ ਰਹੇ ਭਾਰੀ ਉਤਸ਼ਾਹ ਦੇ ਮੱਦੇਨਜ਼ਰ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸ਼ਿਫਟਾਂ ਵਿਚ ਮੁਲਾਜ਼ਮਾਂ ਪਾਸੋਂ ਸੇਵਾਵਾਂ ਲਈਆਂ ਜਾ ਰਹੀਆਂ ਹਨ। ਇਸੇ ਦੌਰਾਨ ਅੱਜ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ ਬਾਠ, ਸ. ਬਲਵਿੰਦਰ ਸਿੰਘ ਜੌੜਾਸਿੰਘਾ ਤੇ ਹੋਰ ਅਧਿਕਾਰੀਆਂ ਨੇ ਨਗਰ ਕੀਰਤਨ ਨਾਲ ਸੇਵਾ ਨਿਭਾਉਣ ਲਈ ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ ਦੀ ਅਗਵਾਈ ਵਿਚ ਮੁਲਾਜ਼ਮਾਂ ਦਾ 80 ਮੈਂਬਰੀ ਜਥਾ ਰਵਾਨਾ ਕੀਤਾ। ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਇਨ੍ਹਾਂ ਮੁਲਾਜ਼ਮਾਂ ਨੂੰ ਰਵਾਨਾ ਕਰਨ ਸਮੇਂ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ਾਂ ਅਨੁਸਾਰ ਨਗਰ ਕੀਰਤਨ ਨਾਲ ਬਦਲਵੇਂ ਪ੍ਰਬੰਧਾਂ ਤਹਿਤ ਅਧਿਕਾਰੀ ਤੇ ਕਰਮਚਾਰੀ ਲਗਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹਰ ਦੱਸ ਦਿਨ ਬਾਅਦ ਮੁਲਾਜ਼ਮਾਂ ਦੀ ਡਿਊਟੀ ਬਦਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸੇ ਤਹਿਤ ਅੱਜ 80 ਮੁਲਾਜ਼ਮ ਭੇਜੇ ਗਏ ਹਨ। ਇਸ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਜਸਵਿੰਦਰ ਸਿੰਘ ਦੀਨਪੁਰ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸਹਾਇਕ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਵਧੀਕ ਮੈਨੇਜਰ ਸ. ਨਰਿੰਦਰ ਸਿੰਘ, ਇੰਚਾਰਜ ਸ. ਗੁਰਚਰਨ ਸਿੰਘ ਕੁਹਾਲਾ, ਸੁਪਰਵਾਈਜ਼ਰ ਸ. ਅਜੀਤ ਸਿੰਘ ਆਦਿ ਮੌਜੂਦ ਸਨ।