January 22, 2025
#ਪੰਜਾਬ

ਸਰਕਾਰੀਆ ਵੱਲੋਂ ਰੋਪੜ ਤੇ ਫਿਲੌਰ ਵਿੱਚ ਹੜਾਂ ਵਰਗੀ ਸਥਿਤੀ ਦਾ ਜਾਇਜ਼ਾ

ਅਧਿਕਾਰੀਆਂ ਨੂੰ ਰਾਹਤ ਤੇ ਬਚਾਅ ਕਾਰਜਾਂ ਵਿੱਚ ਕੋਈ ਕਸਰ ਨਾ ਛੱਡਣ ਦੇ ਹੁਕਮ
ਚੰਡੀਗੜ – ਸੂਬੇ ਭਰ ਵਿੱਚ ਭਾਰੀ ਮੀਂਹ ਬਾਅਦ ਬਣੇ ਹੜ ਵਰਗੇ ਹਾਲਾਤ ਨਾਲ ਨਜਿੱਠਣ ਲਈ ਸੋਮਵਾਰ ਸਵੇਰੇ ਜਲ ਸਰੋਤ ਮੰਤਰੀ ਸ੍ਰੀ ਸੁਖਬਿੰਦਰ ਸਿੰਘ ਸਰਕਾਰੀਆ ਵੱਲੋਂ ਰੋਪੜ ਹੈੱਡ ਵਰਕਸ ਅਤੇ ਫਿਲੌਰ ਦਾ ਦੌਰਾ ਕੀਤਾ ਗਿਆ।ਰੋਪੜ ਹੈੱਡ ਵਰਕਸ ਦੇ ਦੌਰੇ ਦੌਰਾਨ ਸ੍ਰੀ ਸਰਕਾਰੀਆ ਨੇ ਅਧਿਕਾਰੀਆਂ ਨੂੰ ਆਦੇਸ਼ ਦਿੱਤਾ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦਾ ਵਹਾਅ ਵਧਿਆ ਹੈ, ਜਿਸ ਕਾਰਨ ਬਦਲਦੇ ਹਾਲਾਤ ਮੁਤਾਬਕ ਮੁਸਤੈਦੀ ਨਾਲ ਨਿਗਰਾਨੀ ਕੀਤੀ ਜਾਵੇ। ਉਨਾਂ ਦੱਸਿਆ ਕਿ ਹੈੱਡ ਵਰਕਸ ਵਿੱਚੋਂ ਯੋਜਨਾਬੱਧ ਢੰਗ ਨਾਲ ਪਾਣੀ ਛੱਡਿਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਅੱਜ ਸਵੇਰੇ ਪਾਣੀ ਦੇ ਵਹਾਅ ਵਿੱਚ ਥੋੜੀ ਕਮੀ ਦਰਜ ਕੀਤੀ ਗਈ। ਉਨਾਂ ਦੱਸਿਆ ਕਿ ਇਥੋਂ 2,40,930 ਕਿਊਸਿਕ ਪਾਣੀ ਛੱਡਿਆ ਗਿਆ ਹੈ ਅਤੇ ਹੁਣ ਤੱਕ ਦੂਜੀ ਵਾਰ ਐਨੀਂ ਵੱਡੀ ਮਾਤਰਾ ਵਿੱਚ ਪਾਣੀ ਛੱਡਿਆ ਗਿਆ ਹੈ। ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਰੋਪੜ ਪ੍ਰਸ਼ਾਸਨ ਵੱਲੋਂ ਜ਼ਿਲੇ ਨੂੰ ਪੰਜ ਕਲੱਸਟਰਾਂ ਵਿੱਚ ਵੰਡ ਕੇ ਰਾਹਤ ਤੇ ਬਚਾਅ ਕਾਰਜ ਚਲਾਏ ਜਾ ਰਹੇ ਹਨ।ਇਸ ਬਾਅਦ ਜਲ ਸਰੋਤ ਮੰਤਰੀ ਵੱਲੋਂ ਫਿਲੌਰ ਨੇੜਲੇ ਪਿੰਡ ਭੋਲੇਵਾਲ ਦਾ ਦੌਰਾ ਕੀਤਾ, ਜਿਥੇ ਸਤਲੁਜ ਦਰਿਆ ਵਿੱਚ ਵਧੇ ਪਾਣੀ ਦੇ ਵਹਾਅ ਕਾਰਨ ਧੁੱਸੀ ਬੰਨ ਵਿੱਚ ਪਾੜ ਪਿਆ ਹੈ। ਇਸ ਕਾਰਨ ਭੋਲੇਵਾਲ, ਮਿਓਵਾਲ ਅਤੇ ਮਾਊ ਸਾਹਿਬ ਦੇ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਭਰ ਗਿਆ ਹੈ। ਸ੍ਰੀ ਸਰਕਾਰੀਆ ਨੇ ਹਾਲਾਤ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਹਾਲਾਤ ਨਾਲ ਨਜਿੱਠਣ ਲਈ ਕੋਈ ਕਸਰ ਨਾ ਛੱਡੀ ਜਾਵੇ ਅਤੇ ਲੋਕਾਂ ਦੇ ਜਾਨ-ਮਾਲ ਦੀ ਰਾਖੀ ਨੂੰ ਯਕੀਨੀ ਬਣਾਇਆ ਜਾਵੇ।ਲੋਕਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੰਦਿਆਂ ਉਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜਿਹੜੇ ਵੀ ਲੋਕ ਹੜ ਕਾਰਨ ਪ੍ਰਭਾਵਿਤ ਹੋਏ ਹਨ ਉਨਾਂ ਨੂੰ ਤੁਰੰਤ ਰਾਹਤ ਮੁਹੱਈਆ ਕਰਾਈ ਜਾਵੇ ਅਤੇ ਹੜ ਬਾਰੇ ਕਿਸੇ ਵੀ ਤਰਾਂ ਦੀ ਸੂਚਨਾ ਮਿਲਣ ‘ਤੇ ਤੁਰੰਤ ਕਾਰਵਾਈ ਕੀਤੀ ਜਾਵੇ ਅਤੇ ਇਸ ਸਬੰਧੀ ਕਿਸੇ ਵੀ ਤਰਾਂ ਦੀ ਢਿੱਲ ਮੱਠ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਪ੍ਰਭਾਵਿਤ ਲੋਕਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਸਰਕਾਰੀਆ ਨੇ ਕਿਹਾ ਕਿ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਪੂਰਾ ਜ਼ੋਰ ਲਗਾ ਰਹੀ ਹੈ ਅਤੇ ਰਾਹਤ ਕਾਰਜ ਮਿਸ਼ਨ ਮੋਡ ‘ਤੇ ਜਾਰੀ ਹਨ।ਇਸ ਦੌਰੇ ਦੌਰਾਨ ਉਨਾਂ ਨਾਲ ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸਰਵਜੀਤ ਸਿੰਘ, ਮੁੱਖ ਇੰਜਨੀਅਰ (ਨਹਿਰਾਂ) ਸ੍ਰੀ ਜਗਮੋਹਨ ਸਿੰਘ ਮਾਨ, ਮੁੱਖ ਇੰਜਨੀਅਰ ਡਰੇਨੇਜ ਸ੍ਰੀ ਸੰਜੀਵ ਕੁਮਾਰ ਗੁਪਤਾ ਅਤੇ ਹੋਰ ਅਧਿਕਾਰੀ ਮੌਜੂਦ ਸਨ।