Skip to content

ਅੰਤਰਰਾਸ਼ਟਰੀ ਨਗਰ ਕੀਰਤਨ ਦੇ ਸਵਾਗਤ ਲਈ ਉੱਤਰ ਪ੍ਰਦੇਸ਼ ਦੇ ਆਚੋਲੀਆ ’ਚ ਸੰਗਤ ਨੇ ਦਿਖਾਇਆ ਉਤਸ਼ਾਹ

Share this story

ਜੈਕਾਰਿਆਂ ਦੀ ਗੂੰਜ ’ਚ ਨਗਰ ਕੀਰਤਨ ਨੇ ਕੀਤੀ ਅੱਗੇ ਰਵਾਨਗੀ
ਅੰਮ੍ਰਿਤਸਰ – ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਤੋਂ ਆਰੰਭ ਹੋਇਆ ਅੰਤਰਰਾਸ਼ਟਰੀ ਨਗਰ ਕੀਰਤਨ ਅੱਜ ਜਿਉਂ ਹੀ ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਆਚੋਲੀਆ ਸ਼ਾਹਜਹਾਨਪੁਰ (ਉੱਤਰ ਪ੍ਰਦੇਸ਼) ਤੋਂ ਅਗਲੇ ਪੜਾਅ ਲਖਨਊ ਲਈ ਰਵਾਨਾ ਹੋਇਆ ਤਾਂ ਵੱਡੀ ਗਿਣਤੀ ਵਿਚ ਗੁਰੂ ਨਾਨਕ ਨਾਮ ਲੇਵਾ ਸੰਗਤ ਨੇ ਹਾਜ਼ਰ ਭਰ ਕੇ ਸ਼ਰਧਾ ਪ੍ਰਗਟਾਈ। ਹਰ ਪਾਸੇ ਸੰਗਤਾਂ ਦਾ ਠਾਠਾਂ ਮਾਰਦਾ ਇਕੱਠ ਦੇਖਣਯੋਗ ਸੀ। ਆਚੋਲੀਆ ਤੋਂ ਨਗਰ ਕੀਰਤਨ ਦੀ ਅੱਗੇ ਰਵਾਨਗੀ ਸਮੇਂ ਗੁਰਦੁਆਰਾ ਸਾਹਿਬ ਵਿਖੇ ਸਜਾਏ ਧਾਰਮਿਕ ਦੀਵਾਨ ਦੌਰਾਨ ਪੰਜ ਪਿਆਰੇ ਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਵੀ ਭੇਟ ਕੀਤੇ ਗਏ। ਇਥੇ ਮੌਜੂਦ ਸੰਗਤ ਵਿਚ ਸ੍ਰੀ ਸੁਰੇਸ਼ ਖੰਨਾ ਕੈਬਨਿਟ ਮੰਤਰੀ ਉੱਤਰ ਪ੍ਰਦੇਸ਼ ਸਰਕਾਰ, ਸ਼੍ਰੋਮਣੀ ਕਮੇਟੀ ਮੈਂਬਰ ਸ. ਬਲਦੇਵ ਸਿੰਘ ਖ਼ਾਲਸਾ, ਬਾਬਾ ਗੁਰਨਾਮ ਸਿੰਘ ਮਹਿੰਗਾਪੁਰ ਵਾਲੇ, ਬਾਬਾ ਸਿਮਰਪ੍ਰੀਤ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਹਰਭਿੰਦਰ ਸਿੰਘ ਫਰੀਦਕੋਟ ਵਾਲੇ, ਬਾਬਾ ਗੁਰਬਖ਼ਸ਼ ਸਿੰਘ, ਬੀਬੀ ਕਮਲੇਸ਼ ਕੌਰ ਪ੍ਰਧਾਨ ਗੁਰਦੁਆਰਾ ਸਿੰਘ ਸਭਾ, ਸ. ਗੁਰਬਚਨ ਸਿੰਘ, ਸ. ਜੁਝਾਰ ਸਿੰਘ ਮੋਤਾ, ਸ. ਜਗਜੀਤ ਸਿੰਘ ਆਦਿ ਸ਼ਾਮਲ ਸਨ।ਇਸ ਤੋਂ ਪਹਿਲਾਂ ਬੀਤੀ ਰਾਤ ਨਗਰ ਕੀਰਤਨ ਦੀ ਆਚੋਲੀਆ ਵਿਖੇ ਆਮਦ ’ਤੇ ਸੰਗਤਾਂ ਨੇ ਭਰਵਾਂ ਸਵਾਗਤ ਕੀਤਾ। ਸਤਿਨਾਮ ਵਾਹਿਗੁਰੂ ਦਾ ਜਾਪ ਕਰਦਿਆਂ ਸੰਗਤ ਵੱਲੋਂ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਆਤਿਸ਼ਬਾਜ਼ੀ ਵੀ ਚਲਾਈ। ਬੈਂਡ ਪਾਰਟੀਆਂ ਨੇ ਵੀ ਨਗਰ ਕੀਰਤਨ ਦੇ ਸਵਾਗਤ ਵਿਚ ਹਾਜ਼ਰੀ ਭਰੀ। ਇਥੇ ਪਹੁੰਚਣ ਤੋਂ ਪਹਿਲਾਂ ਵੀ ਨਗਰ ਕੀਰਤਨ ਦਾ ਵੱਖ-ਵੱਖ ਥਾਵਾਂ ’ਤੇ ਸੰਗਤ ਵੱਲੋਂ ਸਵਾਗਤ ਹੋਇਆ। ਰਸਤੇ ਵਿਚ ਸੰਗਤ ਵੱਲੋਂ ਵੱਖ-ਵੱਖ ਤਰ੍ਹਾਂ ਦੇ ਲੰਗਰ ਵੀ ਲਗਾਏ ਗਏ ਸਨ। ਦੱਸਣਯੋਗ ਹੈ ਕਿ ਨਗਰ ਕੀਰਤਨ ਨਾਲ ਚੱਲ ਰਹੀ ਵਿਸ਼ੇਸ਼ ਬੱਸ ’ਚ ਸੁਸ਼ੋਭਿਤ ਗੁਰੂ ਸਾਹਿਬਾਨ ਦੀਆਂ ਪਾਵਨ ਨਿਸ਼ਾਨੀਆਂ ਦੇ ਦਰਸ਼ਨ ਕਰਨ ਲਈ ਵੀ ਸੰਗਤਾਂ ’ਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਨਗਰ ਕੀਰਤਨ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ, ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਸ. ਕਰਮਬੀਰ ਸਿੰਘ ਕਿਆਮਪੁਰ, ਇੰਚਾਰਜ ਸ. ਗੁਰਦਿਆਲ ਸਿੰਘ, ਸ. ਗੁਰਵਿੰਦਰ ਸਿੰਘ ਦੇਵੀਦਾਸਪੁਰ, ਭਾਈ ਬ੍ਰਿਜਪਾਲ ਸਿੰਘ ਇੰਚਾਰਜ ਯੂ.ਪੀ. ਸਿੱਖ ਮਿਸ਼ਨ ਹਾਪੜ, ਭਾਈ ਸੁਖਵਿੰਦਰ ਸਿੰਘ ਐਮ.ਏ., ਭਾਈ ਸਤਵੰਤ ਸਿੰਘ, ਭਾਈ ਗੁਰਪ੍ਰੀਤ ਸਿੰਘ ਪ੍ਰਚਾਰਕ ਆਦਿ ਮੌਜੂਦ ਸਨ। ਨਗਰ ਕੀਰਤਨ ਭਲਕੇ 21 ਅਗਸਤ ਨੂੰ ਲਖਨਊ ਤੋਂ ਕਾਨ੍ਹਪੁਰ ਲਈ ਰਵਾਨਾ ਹੋਵੇਗਾ।

Share this story
WRITTEN BY

BREAKING