ਪੰਜਾਬ ਸਰਕਾਰ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ‘ਤੇ ਬੰਨ੍ਹੇਗੀ : ਕੈਪਟਨ
ਵਿਸ਼ਵ ਬੈਂਕ ਤੇ ਏਸ਼ੀਅਨ ਬੈਂਕ ਦੀ ਲਈ ਜਾਵੇਗੀ ਤਕਨੀਕੀ ਸਹਾਇਤਾ
ਲੋਹੀਆਂ ਖਾਸ – ਹੜ੍ਹ ਪ੍ਰਭਾਵਿਤ ਪਿੰਡਾਂ ਦੀ ਜ਼ਮੀਨੀ ਸਥਿਤੀ ਦਾ ਹਫ਼ਤੇ ਵਿੱਚ ਦੂਜੀ ਵਾਰ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਸੂਬੇ ਦੇ ਸਾਰੇ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ‘ਤੇ ਬੰਨ੍ਹਿਆ ਜਾਵੇਗਾ। ਮੁੱਖ ਮੰਤਰੀ ਸੁਲਤਾਨਪੁਰ ਲੋਧੀ ਸਬ-ਤਹਿਸੀਲ ਵਿੱਚ ਪਿੰਡ ਸਰੂਪਵਾਲ ਵਿਖੇ ਵੀ ਗਏ ਜਿੱਥੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਧੁੱਸੀ ਬੰਨ੍ਹ ਵਿੱਚ ਪਾੜ ਪੈ ਗਿਆ ਸੀ ਅਤੇ 62 ਪਿੰਡਾਂ ਨੂੰ ਇਸ ਦੀ ਮਾਰ ਝੱਲਣੀ ਪਈ। ਇਸ ਮੌਕੇ ਮੁੱਖ ਮੰਤਰੀ ਨੇ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ।ਗਿੱਦੜ ਪਿੰਡੀ ਬੱਸ ਅੱਡੇ ਤੇ ਪਿੰਡਾਂ ਦੇ ਸਰਪੰਚਾਂ ਨਾਲ ਗਲਬਾਤ ਕਰਨ ਉਪਰੰਤ ਨਜਦੀਕ ਹੀ ਮੱਖੂ ਮੁੱਖ ਮਾਰਗ ਤੇ ਸਥਿਤ ਟੋਲ ਪਲਾਜਾ ਤੇ ਸਤਲੁਜ ਦਰਿਆ ਦਾ ਜਾਇਜਾ ਲੈਣ ਪੁਜੇ ਤਾਂ ਉਥੇ ਪਹਿਲਾਂ ਹੀ ਇਕੱਤਰ ਹੋਏ ਹੜ ਪੀੜਤ ਲੋਕਾਂ ਨਾਲ ਗੱਲਬਾਤ ਕਰਨ ਲਈ ਆਪਣੀ ਗੱਡੀ ਵਿੱਚੋ ਲਾਉਡ ਸਪੀਕਰ ਕੱਢ ਕੇ ਚਾਲੂ ਕਰਨ ਲਗੇ ਤਾਂ ਭਾਰੀ ਮਾਤਰਾ ਵਿੱਚ ਹੜ੍ਹ ਪੀੜਤ ਲੋਕਾ ਵੱਲੋ ਪੰਜਾਬ ਸਰਕਾਰ ਖਿਲਾਫ ਨਾਅਰੇਬਾਜੀ ਹੋਣ ਲੱਗ ਪਈ ਮੋਕੇ ਦੀ ਸਥਿਤੀ ਨੂੰ ਦੇਖਦੇ ਹੋਏ ਬਿਨਾ ਕੁਝ ਬੋਲਿਆਂ ਮੁੱਖ ਮੰਤਰੀ ਪੰਜਾਬ ਵੱਲੋਂ ਆਪਣੇ ਅਮਲੇ ਸਮੇਤ ਵਾਪਸੀ ਪਾ ਲਈ ਗਈ। ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਜਲੰਧਰ ਦੇ ਇਲਾਕਿਆਂ ਵਿੱਚ ਹੜ੍ਹਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਦੀਆਂ ਦੇ ਵਹਿਣ ਦੇ ਰਸਤੇ ਲੋੜ ਅਨੁਸਾਰ ਤਬਦੀਲ ਕੀਤੇ ਜਾਣਗੇ ਅਤੇ ਇਸ ਤੋਂ ਇਲਾਵਾ ਦਰਿਆਵਾਂ ਦੇ ਕੰਢਿਆਂ ਨੂੰ ਵੀ ਮਜ਼ਬੂਤ ਅਤੇ ਚੌੜਾ ਕੀਤਾ ਜਾਵੇਗਾ ਤਾਂ ਕਿ ਹੜ੍ਹਾਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ। ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਪਿੰਡ ਪੱਧਰ ‘ਤੇ ਸਮਰਪਿਤ ਰਾਹਤ ਟੀਮਾਂ ਬਣਾ ਕੇ ਤਾਇਨਾਤ ਕਰਨ ਦਾ ਵੀ ਐਲਾਨ ਕੀਤਾ। ਹਰੇਕ ਟੀਮ ਸਿਹਤ, ਸਿਵਲ ਸਪਲਾਈ ਅਤੇ ਪਸ਼ੂ ਧਨ ਵਿਭਾਗਾਂ ਦੇ ਅਧਿਕਾਰੀਆਂ ‘ਤੇ ਆਧਾਰਤ ਹੋਵੇਗੀ ਜੋ ਪਿੰਡਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਖਾਣਾ, ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਦੀ ਨਿਰੰਤਰ ਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਏਗੀ। ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ‘ਤੇ ਕੋਈ ਪ੍ਰਭਾਵ ਨਹੀਂ ਪੈਣ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਤਿਆਰ ਹੈ। ਮੁੱਖ ਮੰਤਰੀ ਨੇ ਕਪੂਰਥਲਾ ਜਾਂਦੇ ਸਮੇਂ ਨਵਾਂਸ਼ਹਿਰ ਅਤੇ ਲੁਧਿਆਣਾ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਵੀ ਕੀਤਾ। ਇਸ ਉਪਰੰਤ ਜਲੰਧਰ ਜ਼ਿਲ੍ਹੇ ਦੇ ਗਿੱਦੜਪਿੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਹੜ੍ਹ ਪ੍ਰਭਾਵਿਤ ਖੇਤਰਾਂ ਲਈ ਮਦਦ ਨਹੀਂ ਕਰਦੀ ਤਾਂ ਸੂਬਾ ਸਰਕਾਰ ਹਰੇਕ ਪ੍ਰਭਾਵਿਤ ਵਿਅਕਤੀ ਦੀ ਸਹਾਇਤਾ ਨੂੰ ਯਕੀਨੀ ਬਣਾਏਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਵਿਸ਼ੇਸ਼ ਹੜ੍ਹ ਰਾਹਤ ਪੈਕੇਜ ਦੀ ਮੰਗ ਕੀਤੀ ਸੀ। ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ‘ਚ ਪਏ ਪਾੜ੍ਹ ਵਾਲੀ ਜਗ੍ਹਾ ਦਾ ਕੈਪਟਨ ਅਮਰਿੰਦਰ ਸਿੰਘ ਨੇ ਨਿਰੀਖਣ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ ‘ਤੇ ਭਾਖੜਾ ਡੈਮ ਦੇ ਪਾਣੀ ਭੰਡਾਰਨ ਦੀ 1680 ਫੁੱਟ ਦੀ ਸਮਰੱਥਾ ਸਤੰਬਰ ਵਿੱਚ ਪੂਰੀ ਹੁੰਦੀ ਸੀ, ਇਹ ਪਹਿਲੀ ਵਾਰ ਹੈ ਕਿ ਅਗਸਤ ਮਹੀਨੇ ਵਿੱਚ ਹੀ ਪਾਣੀ ਦਾ ਪੱਧਰ ਤੈਅ ਸਮਰੱਥਾ ਤੋਂ ਟੱਪ ਗਿਆ।