November 8, 2024
#ਪੰਜਾਬ #ਪ੍ਰਮੁੱਖ ਖ਼ਬਰਾਂ

ਕੈਪਟਨ ਅਮਰਿੰਦਰ ਸਿੰਘ ਵੱਲੋਂ ਰੋਪੜ, ਜਲੰਧਰ ਤੇ ਕਪੂਰਥਲਾ ਜ਼ਿਲਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀ ਤਾਇਨਾਤ

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਅਤੇ ਪਾਵਰਕਾਮ ਦੇ ਚੇਅਰਮੈਨ ਨੂੰ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰ ਕੇ ਬਿਜਲੀ ਬਹਾਲ ਕਰਨ ਲਈ ਆਖਿਆ
ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ ਪ੍ਰਭਾਵਿਤ ਜ਼ਿਲੇ ਰੋਪੜ, ਜਲੰਧਰ ਅਤੇ ਕਪੂਰਥਲਾ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਲਈ ਚਾਰ ਮੰਤਰੀਆਂ ਨੂੰ ਤਾਇਨਾਤ ਕੀਤਾ ਹੈ। ਉਨਾਂ ਨੇ ਸਬੰਧਤ ਅਧਿਕਾਰੀਆਂ ਨੂੰ ਪ੍ਰਭਾਵਿਤ ਇਲਾਕਿਆਂ ਵਿੱਚ ਬਿਜਲੀ ਦੀ ਸਪਲਾਈ ਛੇਤੀ ਬਹਾਲ ਕਰਨ ਦੇ ਹੁਕਮ ਵੀ ਦਿੱਤੇ ਹਨ।ਤਕਨੀਕੀ ਸਿੱਖਿਆ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਦਯੋਗ ਅਤੇ ਵਪਾਰ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਰੋਪੜ ਜ਼ਿਲੇ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਦਾ ਕੰਮ ਸੌਂਪਿਆ ਗਿਆ ਹੈ ਜਦਕਿ ਮਾਲ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਜਲੰਧਰ ਤੇ ਕਪੂਰਥਲਾ ਜ਼ਿਲਿਆਂ ਵਿੱਚ ਰਾਹਤ ਕਾਰਜਾਂ ਦੀ ਨਿਗਰਾਨੀ ਕਰਨ ਦੀ ਹਦਾਇਤ ਕੀਤੀ ਗਈ ਹੈ। ਮੁੱਖ ਮੰਤਰੀ ਨੇ ਰਾਹਤ ਅਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਿ੍ਰਪਤ ਰਾਜਿੰਦਰ ਸਿੰਘ ਬਾਜਵਾ ਅਤੇ ਪਾਵਰਕਾਮ ਦੇ ਚੇਅਰਮੈਨ ਨੂੰ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨ ਅਤੇ ਬਿਜਲੀ ਸਪਲਾਈ ਬਹਾਲ ਕਰਨ ਲਈ ਤੁਰੰਤ ਕਦਮ ਚੁੱਕਣ ਲਈ ਆਖਿਆ।ਇਸੇ ਦੌਰਾਨ ਡੀ.ਜੀ.ਪੀ. ਦਿਨਕਰ ਗੁਪਤਾ ਨੇ ਦੱਸਿਆ ਹੜ ਪੀੜਤਾਂ ਦੀ ਮਦਦ ਲਈ ਪੰਜਾਬ ਕਾਡਰ ਦੇ ਆਈ.ਪੀ.ਐਸ. ਅਧਿਕਾਰੀਆਂ ਨੇ ਇਕ ਦਿਨ ਦੀ ਤਨਖਾਹ ਮੁੱਖ ਮੰਤਰੀ ਹੜ ਰਾਹਤ ਫੰਡ ਲਈ ਦੇਣ ਦਾ ਫੈਸਲਾ ਕੀਤਾ ਹੈ।ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਕਪੂਰਥਲਾ ਨੇ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ ਕਿ ਜ਼ਿਲੇ ਵਿੱਚ ਹੜ ਪ੍ਰਭਾਵਿਤ 82 ਪਿੰਡਾਂ ਵਿੱਚੋਂ 20 ਪਿੰਡਾਂ ਵਿੱਚ ਪਾਣੀ ਭਰਿਆ ਹੋਇਆ ਹੈ। ਇਨਾਂ ਪਿੰਡਾਂ ਵਿੱਚੋਂ ਹਰੇਕ ਪਿੰਡ ਲਈ ਲੋੜੀਂਦੀਆਂ ਦਵਾਈਆਂ ਸਮੇਤ ਐਮ.ਬੀ.ਬੀ.ਐਸ. ਡਾਕਟਰ ਤੇ ਸਬੰਧਤ ਸਟਾਫ ’ਤੇ ਅਧਾਰਿਤ ਸਮਰਪਿਤ ਟੀਮ ਨੂੰ ਤਾਇਨਾਤ ਕੀਤਾ ਜਾ ਚੁੱਕਾ ਹੈ। ਇਸ ਤੋਂ ਇਲਾਵਾ ਪਸ਼ੂਆਂ ਦੀ ਸਿਹਤ ਸੰਭਾਲ ਲਈ ਸਟਾਫ ਸਮੇਤ ਇਕ ਵੈਟਰਨਰੀ ਡਾਕਟਰ ਤੋਂ ਇਲਾਵਾ ਇਕ ਫੂਡ ਇੰਸਪੈਕਟਰ, ਤਿੰਨ ਦਿਨਾਂ ਲਈ ਸੁੱਕੇ ਰਾਸ਼ਨ ਤੋਂ ਇਲਾਵਾ ਇਕ ਪੁਲਿਸ ਕਾਂਸਟੇਬਲ ਨੂੰ ਹਰੇਕ ਪਿੰਡ ਲਈ ਤਾਇਨਾਤ ਕੀਤਾ ਗਿਆ ਹੈ।ਲੋਕਾਂ ਨੂੰ ਲੋੜੀਂਦੀ ਡਾਕਟਰੀ ਸਹਾਇਤਾ ਮੁਹੱਈਆ ਕਰਾਉਣ ਤੋਂ ਇਲਾਵਾ ਪਸ਼ੂਆਂ ਦੀ ਦੇਖਭਾਲ ਤਹਿਤ ਪ੍ਰਤੀ ਪਸ਼ੂ ਰੋਜ਼ਾਨਾ 2 ਕਿਲੋ ਫੀਡ ਵੰਡੀ ਗਈ। ਮੁੱਖ ਮੰਤਰੀ ਨੂੰ ਜਲੰਧਰ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਲ ਸਰੋਤ ਵਿਭਾਗ ਦੇ ਡਰੇਨੇਜ਼ ਵਿੰਗ ਨੂੰ ਫਿਲੌਰ ਸਬ-ਡਿਵੀਜ਼ਨ ਅਧੀਨ ਪੈਂਦੇ ਪਿੰਡ ਮਿਓਵਾਲ ਵਿਖੇ ਪਏ 350 ਫੁੱਟ ਚੌੜੇ ਪਾੜ ਨੂੰ ਭਲਕ ਤੱਕ ਪੂਰਨ ਲਈ ਕਿਹਾ ਗਿਆ ਹੈ। ਉਨਾਂ ਦੱਸਿਆ ਕਿ ਇਸ ਪਾੜ ਨੂੰ ਪੂਰਨ ਲਈ ਵਰਤੇ ਜਾਣ ਵਾਲੀਆਂ ਰੇਤ ਦੀਆਂ ਬੋਰੀਆਂ ਭਰਨ ਲਈ ਵਾਲੰਟੀਅਰਾਂ ਅਤੇ ਮਗਨਰੇਗਾ ਵਰਕਰਾਂ ਦੀ ਸਹਾਇਤਾ ਲਈ ਜਾ ਰਹੀ ਹੈ।ਕੈਪਟਨ ਅਮਰਿੰਦਰ ਸਿੰਘ ਨੂੰ ਰੋਪੜ ਦੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਬਚਾਅ ਤੇ ਰਾਹਤ ਕਾਰਜ ਜ਼ੋਰਾਂ ’ਤੇ ਚੱਲ ਰਹੇ ਹਨ ਅਤੇ ਪਾਣੀ ਦਾ ਪੱਧਰ ਹੌਲੀ ਹੌਲੀ ਘੱਟ ਰਿਹਾ ਹੈ।ਇਸ ਦੌਰਾਨ ਅੱਜ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਵੱਲੋਂ ਰੋਪੜ ਦੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਗਿਆ ਅਤੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਉਨਾਂ ਨੇ ਡਿਪਟੀ ਕਮਿਸ਼ਨਰ,ਰੋਪੜ ਨੂੰ ਹੜ ਪ੍ਰਭਾਵਿਤ ਇਲਾਕੇ ਦੇ ਲੋਕਾਂ ਨੂੰ ਮੈਡੀਕਲ ਸਹਾਇਤਾ ਮੁਹੱਈਆ ਕਰਾਉਣ ਤੋਂ ਇਲਾਵਾ ਪਸ਼ੂਆਂ ਲਈ ਚਾਰੇ ਅਤੇ ਫੀਡ ਦੀ ਸਪਲਾਈ ਯਕੀਨੀ ਬਣਾਉਣ ਦਾ ਵੀ ਨਿਰਦੇਸ਼ ਦਿੱਤਾ।