December 4, 2024
#ਪੰਜਾਬ #ਪ੍ਰਮੁੱਖ ਖ਼ਬਰਾਂ

ਨਵੰਬਰ ਤੱਕ ਸਾਰੀਆਂ ਸਰਕਾਰੀ ਤਕਨੀਕੀ ਸਿੱਖਿਆ ਸੰਸਥਾਵਾਂ ਵਿੱਚ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਦੀ ਹੋਵੇਗੀ ਲਾਗੂ: ਚੰਨੀ

ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾਵਾਂ ਅਤੇ ਪੌਲੀਟੈਕਨਿਕ ਕਾਲਜਾਂ ਵਿੱਚ ਆਉਣ ਵਾਲੀਆਂ ਸਮੈਸਟਰ ਪ੍ਰੀਖਿਆਵਾਂ ਸੀ.ਸੀ.ਟੀ.ਵੀ. ਕੈਮਰਿਆਂ ਦੀ ਨਿਗਰਾਨੀ ਹੇਠ ਹੋਣਗੀਆਂ

ਚੰਡੀਗੜ – ਸੂਬੇ ਦਾ ਤਕਨੀਕੀ ਸਿੱਖਿਆ ਵਿਭਾਗ ਇਸ ਸਾਲ ਤੋਂ ਵਿਦਿਆਰਥੀਆਂ ਲਈ ਬਾਇਓਮੈਟ੍ਰਿਕ ਹਾਜ਼ਰੀ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ, ਇਸ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਤਕਨੀਕੀ ਸਿੱਖਿਆ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਬਾਇਓਮੈਟ੍ਰਿਕ ਹਾਜ਼ਰੀ ਸਬੰਧੀ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਰੱਖੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਤਕਨੀਕੀ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਵੱਖ ਵੱਖ ਪੌਲੀਟੈਕਨਿਕ ਕਾਲਜਾਂ ਅਤੇ ਆਈ. ਟੀ. ਆਈਆਂ ਦੇ ਪ੍ਰਿੰਸੀਪਲ ਨੂੰ ਉਕਤ ਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਅਮਲ ਵਿੱਚ ਲਿਆਉਣਲਈ ਹਦਾਇਤਾਂ ਜਾਰੀ ਕੀਤੀਆਂ। ਇੱਥੇ ਇਹ ਦੱਸਣਾ ਬਣਦਾ ਹੈ ਕਿ ਵਿਭਾਗ ਵੱਲੋਂ ਸਾਰੀਆਂ ਤਕਨੀਕੀ ਸਿੱਖਿਆ ਸੰਸਥਾਵਾਂ ਦੇ ਸਟਾਫ ਦੀ ਬਾਇਓਮੈਟ੍ਰਿਕ ਹਾਜ਼ਰੀ ਪਹਿਲਾਂ ਹੀ ਸਫ਼ਲਤਾ ਪੂਰਵਕ ਅਮਲ ਵਿੱਚ ਹੈ।ਤਕਨੀਕੀ ਸਿੱਖਿਆ ਮੰਤਰੀ ਨੇ ਇਹ ਵੀ ਦੱਸਿਆ ਕਿ ਸਾਰੇ ਸਰਕਾਰੀ ਪੌਲੀਟੈਕਨਿਕ ਕਾਲਜਾਂ ਅਤੇ ਉਦਯੋਗਿਕ ਸਿਖਲਾਈ ਸੰਸਥਾਵਾਂ (ਆਈਟੀਆਈਜ਼) ਵਿੱਚ ਸੀਸੀਟੀਵੀ ਕੈਮਰੇ ਲਗਾਉਣ ਲਈ ਟੈਂਡਰ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾ ਚੁੱਕੀ ਹੈ ਅਤੇ ਇਸ ਸਾਲ ਦੇ ਅੰਤ ਤੋਂ ਪਹਿਲਾਂ ਉਕਤ ਅਦਾਰਿਆਂ ਵਿੱਚ ਕੈਮਰੇ ਲਗਾ ਦਿੱਤੇ ਜਾਣਗੇ। ਉਨਾਂ ਦੱਸਿਆ ਕਿ ਆਉਣ ਵਾਲੇ ਸਮੈਸਟਰ ਦੀਆਂ ਸਾਰੀਆਂ ਪ੍ਰੀਖਿਆਵਾਂ ਸੀਸੀਟੀਵੀ ਕੈਮਰਿਆਂ ਦੀ ਨਿਗਰਾਨੀ ਵਿੱਚ ਕਰਵਾਈਆਂ ਜਾਣਗੀਆਂ।ਇਸ ਤੋਂ ਪਹਿਲਾਂ ਮੰਤਰੀ ਵੱਲੋਂ ਯੂਨੀਵਰਸਿਟੀਆਂ ਦੇ ਵਾਈਸ ਚਾਂਸਲਰਜ਼ ਨਾਲ 9 ਤੋਂ 30 ਸਤੰਬਰ, 2019 ਨੂੰ ਆਯੋਜਿਤ ਹੋਣ ਜਾ ਰਹੇ ਮੈਗਾ ਰੋਜ਼ਗਾਰ ਮੇਲਿਆਂ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਸਬੰਧੀ ਮੀਟਿੰਗ ਵੀ ਕੀਤੀ ਗਈ। ਉਨਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਪ੍ਰਮੁੱਖ ਉਪਰਾਲੇ ਵਜੋਂ ਸ਼ੁਰੂ ਕੀਤੀ ‘ਘਰ ਘਰ ਰੋਜ਼ਗਾਰ ‘ ਸਕੀਮ ਤਹਿਤ ਇਨਾਂ ਰੋਜ਼ਗਾਰ ਮੇਲਿਆਂ ਦੌਰਾਨ 2 ਲੱਖ ਤੋਂ ਵੱਧ ਨੌਕਰੀਆਂ ਦਿੱਤੀਆਂ ਜਾਣਗੀਆਂ। ਇਹ ਰੋਜ਼ਗਾਰ ਮੇਲੇ ਸੂਬੇ ਭਰ ਵਿੱਚ 75 ਵੱਖ ਵੱਖ ਥਾਵਾਂ ‘ਤੇ ਲਗਾਏ ਜਾਣਗੇ ਅਤੇ ਚੁਣੇ ਗਏ ਨੌਜਵਾਨਾਂ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ 5 ਅਕਤੂਬਰ ਨੂੰ ਰੋਪੜ ਵਿਖੇ ਨਿਯੁਕਤੀ ਪੱਤਰ ਦਿੱਤੇ ਜਾਣਗੇ।ਇਹ ਵੀ ਦੱਸਣਯੋਗ ਹੈ ਕਿ ਰੋਜ਼ਗਾਰ ਉਤਪਤੀ ਵਿਭਾਗ ਵੱਲੋਂ 2 ਲੱਖ ਤੋਂ ਵੱਧ ਨੌਕਰੀਆਂ ਦੱਸੀਆਂ ਗਈਆਂ ਹਨ ਜਿਨਾਂ ਸਬੰਧੀ ਜਾਣਕਾਰੀ ਜਲਦ ਹੀ ਅੱਪਲੋਡ ਕਰ ਦਿੱਤੀ ਜਾਵੇਗੀ।ਸ.ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦਾ ਉਦੇਸ਼ ਪੰਜਾਬ ਦੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਵਧੀਆ ਤੇ ਚੰਗੇ ਪੱਧਰ ਦੀ ਤਕਨੀਕੀ ਸਿੱਖਿਆ ਮੁਹੱਈਆ ਕਰਵਾਉਣਾ ਹੈ ਤਾਂ ਜੋ ਉਹ ਵਿਸ਼ਵ ਵਿੱਚ ਕਿਤੇ ਵੀ ਆਸਾਨੀ ਨਾਲ ਰੋਜ਼ਗਾਰ ਹਾਸਲ ਕਰਨ ਲਈ ਸਮਰੱਥ ਬਣ ਸਕਣ।ਇਸ ਮੌਕੇ ਤਕਨੀਕੀ ਸਿੱਖਿਆ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ ਅਤੇ ਰੋਜ਼ਗਾਰ ਉੱਤਪਤੀ ਦੇ ਸਕੱਤਰ ਸ੍ਰੀ ਰਾਹੁਲ ਤਿਵਾੜੀ ਨੇ ਦੱਸਿਆ ਕਿ ਮੈਗਾ ਰੋਜ਼ਗਾਰ ਮੇਲਿਆਂ ਨੂੰ ਪੂਰਨ ਰੂਪ ਵਿੱਚ ਸਫ਼ਲ ਬਣਾਉਣ ਲਈ ਤਕਨੀਕੀ ਸਿੱਖਿਆ ਅਤੇ ਰੋਜ਼ਗਾਰ ਉੱਤਪਤੀ ਵਿਭਾਗ ਮਿਲ ਕੇ ਯਤਨਸ਼ੀਲ ਹੈ। ਉਨਾਂ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਨੂੰ ਵੱਧ ਤੋਂ ਵੱਧ ਨੌਜਵਾਨਾਂ ਨੂੰ ਇਨਾਂ ਰੋਜ਼ਗਾਰ ਮੇਲਿਆਂ ਲਈ ਆਪਣਾ ਨਾਮ ਦਰਜ ਕਰਾਉਣ ਹਿੱਤ ਪ੍ਰੇਰਿਤ ਕਰਨ ਦੀ ਅਪੀਲ ਵੀ ਕੀਤੀ। ਉਨਾਂ ਦੱਸਿਆ ਕਿ ਇਨਾਂ ਮੈਗਾ ਰੋਜ਼ਗਾਰ ਮੇਲਿਆਂ ਦੇ ਮੱਦੇਨਜ਼ਰ ਸਾਰੇ ਅਦਾਰਿਆਂ ਦੀਆਂ ਡਿਊਟੀਆਂ ਲਗਾਈਆਂ ਜਾ ਰਹੀਆਂ ਹਨ। ਉਨਾਂ ਇਹ ਵੀ ਕਿਹਾ ਕਿ ਅਰਜ਼ੀ ਦੇਣ ਦੀ ਪ੍ਰਕਿਰਿਆ ਅਤੇ ਵਧੇਰੇ ਜਾਣਕਾਰੀ ਲੈਣ ਲਈ ਬੇਰੁਜ਼ਗਾਰ ਨੌਜਵਾਨ ਵਿਭਾਗ ਦੀ ਵੈੱਬਸਾਈਟ www.pbemployment.gov.in ‘ਤੇ ਸੰਪਰਕ ਕਰ ਸਕਦੇ ਹਨ।