ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼
![](https://blastingskyhawk.com/wp-content/uploads/2019/08/17-13.jpg)
ਦੁੱਖ ਦੀ ਘੜੀ ਵਿਚ ਜ਼ਰੂਰਤਮੰਦਾਂ ਦੀਆਂ ਮੁਸ਼ਕਲਾਂ ਦੂਰ ਕਰਨ ਲਈ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ
ਚੰਡੀਗੜ੍ਹ – ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਵਲੋਂ ਸਿਵਲ ਸਰਜਨਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਰਕਾਰ ਵਲੋਂ ਲਗਾਏ ਜਾ ਰਹੇ ਮੈਡੀਕਲ ਕੈਂਪਾਂ ਉੱਤੇ ਨਿੱਜੀ ਤੌਰ ‘ਤੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।ਸਿਹਤ ਮੰਤਰੀ ਨੇ ਇਸ ਸਬੰਧੀ ਵਿਭਾਗ ਦੀਆਂ ਕੋਸ਼ਿਸ਼ਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਜ਼ਰੂਰਤਮੰਦਾਂ ਨੂੰ ਸਮੇਂ ਸਿਰ ਅਤੇ ਨਿਯਮਿਤ ਢੰਗ ਨਾਲ ਸਿਹਤ ਸੇਵਾਵਾਂ ਮੁਹੱਈਆ ਕਰਵਾਉਣਾ ਵਧੇਰੇ ਜ਼ਰੂਰੀ ਸੀ। ਉਹਨਾਂ ਕਿਹਾ ਕਿ ਸੂਬਾ ਸਰਕਾਰ ਬੇਮਿਸਾਲ ਸੇਵਾਵਾਂ ਨਿਭਾਉਣ ਵਾਲੇ ਅਧਿਕਾਰੀਆਂ ਨੂੰ ਸਨਮਾਨਿਤ ਕਰੇਗੀ। ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿਸੇ ਮਹਾਂਮਾਰੀ ਅਤੇ ਪ੍ਰਦੂਸ਼ਤ ਤੇ ਖੜ੍ਹੇ ਪਾਣੀ ਤੋਂ ਪੈਦਾ ਹੋਣ ਵਾਲੀਆਂ ਪਾਣੀ, ਚਮੜੀ ਅਤੇ ਛੂਤ ਦੀਆਂ ਬਿਮਾਰੀਆਂ ਨੂੰ ਰੋਕਣ ਲਈ ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ 18 ਅਗਸਤ ਤੋਂ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਇਹਨਾਂ ਕੈਂਪਾਂ ਵਿਚ ਹੁਣ ਤੱਕ ਵੱਧ ਤੋਂ ਵੱਧ 10,755 ਮਰੀਜ਼ਾਂ ਦਾ ਇਲਾਜ ਕੀਤਾ ਜਾ ਚੁੱਕਾ ਅਤੇ ਮੌਤ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ। ਉਹਨਾਂ ਇਹ ਵੀ ਦੱਸਿਆ ਕਿ ਇਹਨਾਂ ਮੈਡੀਕਲ ਕੈਂਪਾਂ ਵਿਚ ਸਾਰੀਆਂ ਜ਼ਰੂਰੀ ਦਵਾਈਆਂ ਦੀ ਉਪਲੱਬਧਾ ਨੂੰ ਯਕੀਨੀ ਬਣਾਉਣ ਲਈ ਸਿਵਲ ਸਰਜਨ ਜਿੰਮੇਵਾਰ ਹਨ।ਹੜ੍ਹਾਂ ਵਿਚ ਬੁਰੀ ਤਰ੍ਹਾਂ ਪ੍ਰਭਾਵਿਤ ਹੋਣ ਵਾਲੇ ਖੇਤਰ ਜੋ ਕਿ ਪਾਣੀ ਭਰਨ ਕਾਰਨ ਜਮੀਨ ਤੋਂ ਕੱਟ ਆਫ ਹੋ ਗਏ ਹਨ, ਵਿਚ ਲਗਾਏ ਜਾ ਰਹੇ ਕੈਂਪਾਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਜਲੰਧਰ ਅਤੇ ਕਪੂਰਥਲਾ ਵਿਚ ਪ੍ਰਤੀ ਪਿੰਡ ਕ੍ਰਮਵਾਰ 20 ਅਤੇ 21 ਮੈਡੀਕਲ ਮੋਬਾਇਲ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ। ਉਹਨਾਂ ਕਿਹਾ, ”ਸਿਵਲ ਸਰਜਨਾਂ ਨੂੰ ਮੈਡੀਕਲ ਕੈਂਪਾਂ ਦੇ ਕੰਮ-ਕਾਜ ‘ਤੇ ਨਿੱਜੀ ਤੌਰ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿਤੇ ਗਏ ਹਨ ਤਾਂ ਜੋ ਮਿਆਰੀ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਸਕੇ।”ਸਿਹਤ ਮੰਤਰੀ ਨੇ ਅੱਗੇ ਕਿਹਾ ਕਿ ਇਹਨਾਂ ਇਲਾਕਿਆਂ ਵਿਚ ਓ.ਆਰ.ਐਸ ਅਤੇ ਕਲੋਰੀਨ ਦੀਆਂ ਗੋਲੀਆਂ ਵੀ ਵੰਡੀਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਸਿਵਲ ਸਰਜਨਾਂ ਨੂੰ ਸਥਾਨਕ ਪੱਧਰ ‘ਤੇ ਕਲੋਰੀਨ ਦੀਆਂ ਗੋਲੀਆਂ ਦੀ ਖਰੀਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ ਅਤੇ ਐਮਰਜੈਂਸੀ ਦੌਰਾਨ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਕਲੋਰੀਨ ਦੀਆਂ ਗੋਲੀਆਂ ਮੁਹੱਈਆ ਕਰਵਾਉਣ ਦੇ ਢੁੱਕਵੇਂ ਪ੍ਰਬੰਧ ਕਰੇਗਾ। ਉਹਨਾਂ ਕਿਹਾ ਕਿ ਸਿਵਲ ਸਰਜਨਾਂ ਵਲੋਂ ਸੌਂਪੀ ਗਈ ਰਿਪੋਰਟ ਅਨੁਸਾਰ ਸਾਰੇ ਪ੍ਰਭਾਵਿਤ ਜ਼ਿਲ੍ਹਿਆਂ ਕੋਲ ਜ਼ਰੂਰੀ ਦਵਾਈਆਂ ਦਾ ਢੁੱਕਵਾਂ ਭੰਡਾਰ ਉਪਲੱਬਧ ਹੈ। ਮੈਡੀਕਲ ਕੈਪਾਂ ਵਿਚ ਰੈਫਰਲ ਕੇਸਾਂ ਲਈ ਐਂਬੂਲੈਸਾਂ ਹਰ ਸਮੇਂ ਤਿਆਰ ਹਨ। ਸ. ਸਿੱਧੂ ਨੇ ਕਿਹਾ ਕਿ ਨੈਸ਼ਨਲ ਵੈਕਟਰ ਵੋਰਨ ਡਿਸੀਜ਼ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਿਆਂ ਕੋਲ ਲਾਰਵਾ ਮਾਰਨ ਵਾਲੀਆਂ ਅਤੇ ਕੀਟਨਾਸ਼ਕ ਦਵਾਈਆਂ ਦਾ ਭੰਡਾਰ ਪਹਿਲਾਂ ਹੀ ਮੌਜੂਦ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਟੀਮਾਂ ਸਬੰਧਤ ਹੜ੍ਹ ਪ੍ਰਭਾਵਿਤ ਪਿੰਡਾਂ ਅਤੇ ਸ਼ਹਿਰਾਂ ਵਿਚ ਵਧੇਰੇ ਖਤਰੇ ਵਾਲੇ ਖੇਤਰਾਂ ਦੀ ਪਹਿਚਾਣ ਕਰਨ ਲਈ ਕੰਮ ਕਰ ਰਹੀਆਂ ਹਨ ਤਾਂ ਜੋ ਕਿਸੇ ਮਹਾਂਮਾਰੀ ਦੇ ਪੈਦਾ ਹੋਣ ਨੂੰ ਰੋਕਣ ਲਈ ਪਹਿਲਾਂ ਹੀ ਢੁੱਕਵੇਂ ਪ੍ਰਬੰਧ ਕੀਤੇ ਜਾ ਸਕਣ।ਉਹਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੜ੍ਹਾਂ ਵਿਚ ਨੁਕਸਾਨੇ ਗਏ ਖੇਤਰਾਂ ਵਿਚ ਕਿਸੇ ਵੀ ਤਰ੍ਹਾਂ ਦੀ ਬਿਮਾਰੀ ਪੈਦਾ ਹੋਣ ਦੇ ਮੱਦੇਨਜ਼ਰ ਉਹ ਮੈਡੀਕਲ ਸਹਾਇਤਾ ਲਈ ਟੋਲ ਫਰੀ ਨੰਬਰ 104 ‘ਤੇ ਸੰਪਰਕ ਕਰ ਸਕਦੇ ਹਨ।