ਅਨਏਡਿਡ ਕਾਲਜਾਂ ਦੀ ਸਾਂਝੀ ਐਕਸ਼ਨ ਕਮੇਟੀ ਵੱਲੋਂ ਆਪਣੇ ਸਾਰੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ
ਚੰਡੀਗੜ – ਪੰਜਾਬ ਦੇ ਅਨਏਡਿਡ ਕਾਲਜਾਂ ਦੀਆਂ 12 ਵੱਖ ਵੱਖ ਐਸੋਸੀਏਸ਼ਨਾਂ ਵਾਲੀ ਸਾਂਝੀ ਐਕਸ਼ਨ ਕਮੇਟੀ (ਜੇ.ਏ.ਸੀ.) ਨੇ ਆਪਣੀਆਂ ਸੰਸਥਾਵਾਂ ਵਿੱਚ ਕੰਮ ਕਰਦੇ ਕਰਮਚਾਰੀਆਂ ਦੀ ਇੱਕ ਦਿਨ ਦੀ ਤਨਖਾਹ ਮੁੱਖ ਮੰਤਰੀ ਰਾਹਤ ਫੰਡ ਵਿੱਚ ਦੇਣ ਦਾ ਫੈਸਲਾ ਲਿਆ ਹੈ ਤਾਂ ਜੋ ਸੂਬੇ ਭਰ ਦੇ ਹੜ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਪ੍ਰਦਾਨ ਕੀਤੀ ਜਾ ਸਕੇ। ਐਸੋਸੀਏਸ਼ਨ ਨੇ ਹੜ੍ਹ ਪ੍ਰਭਾਵਿਤ ਖੇਤਰਾਂ ਨੇੜਲੇ ਕਾਲਜਾਂ ਨੂੰ ਆਰਜੀ ਰਾਹਤ ਕੈਂਪ ਬਣਾਉਣ ਅਤੇ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਇਨ੍ਹਾਂ ਸੰਸਥਾਵਾਂ ਦੇ ਵਿਦਿਆਰਥੀਆਂ ਅਤੇ ਸਟਾਫ ਦੀਆਂ ਸੇਵਾਵਾਂ ਮੁਹੱਈਆ ਕਰਵਾਉਣ ਦੀ ਵੀ ਪੇਸ਼ਕਸ਼ ਕੀਤੀ।ਇਸ ਪਹਿਲਕਦਮੀ ਦਾ ਸਵਾਗਤ ਕਰਦਿਆਂ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੇ ਕਿਹਾ ਕਿ ਇਨ੍ਹਾਂ ਕਾਲਜਾਂ ਦੀ ਮੈਨੇਜਮੈਂਟ ਨੂੰ ਹੜ੍ਹ ਪ੍ਰਭਾਵਤ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨਾਲ ਤਾਲਮੇਲ ਕਰਨਾ ਚਾਹੀਦਾ ਹੈ ਤਾਂ ਜੋ ਸੰਕਟ ਦੀ ਇਸ ਘੜੀ ਵਿੱਚ ਹੜ੍ਹ ਪ੍ਰਭਾਵਿਤ ਪਰਿਵਾਰਾਂ ਨੂੰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਉਣ ਲਈ ਬਿਹਤਰ ਤਾਲਮੇਲ ਅਤੇ ਸਹਿਯੋਗਤਾ ਨੂੰ ਯਕੀਨੀ ਬਣਾਇਆ ਜਾ ਸਕੇ।