ਭਾਈ ਲੌਂਗੋਵਾਲ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਵੱਲੋਂ ਕੈਪਟਨ ਨਾਲ ਮੁਲਾਕਾਤ
ਪ੍ਰਕਾਸ਼ ਪੁਰਬ ਸਮਾਗਮ ਸਾਂਝੇ ਤੌਰ ’ਤੇ ਮਨਾਉਣ ਲਈ ਸਹਿਯੋਗ ਮੰਗਿਆ
ਚੰਡੀਗੜ੍ਹ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਇੱਕ ਉੱਚ ਪੱਧਰੀ ਵਫ਼ਦ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪੰਜ ਸੌ ਪੰਜਾਹ ਸਾਲਾ ਪ੍ਰਕਾਸ਼ ਪੁਰਬ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਹੋਣ ਵਾਲੇ ਸਮਾਗਮਾਂ ਦਾ ਹਿੱਸਾ ਬਣਨ ਦੀ ਅਪੀਲ ਕੀਤੀ। ਇਸ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਭਾਈ ਲੌਂਗੋਵਾਲ ਨੇ ਮੁੱਖ ਮੰਤਰੀ ਨੂੰ ਮੁੱਖ ਸਮਾਗਮ ਵਿਚ ਸ਼ਮੂਲੀਅਤ ਲਈ ਸੱਦਾ ਪੱਤਰ ਵੀ ਸੌਂਪਿਆ। ਵਫ਼ਦ ਵਿਚ ਭਾਈ ਲੌਂਗੋਵਾਲ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੈਂਬਰ ਜਥੇਦਾਰ ਤੋਤਾ ਸਿੰਘ, ਬੀਬੀ ਜਗੀਰ ਕੌਰ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਅਤੇ ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਵੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਸ ਸਬੰਧੀ ਕਿਹਾ ਕਿ ਉਹ ਹਮੇਸ਼ਾ ਹੀ ਇਸ ਗੱਲ ਦੇ ਹਾਮੀ ਰਹੇ ਹਨ ਕਿ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮ ਕੌਮੀ ਇਕਜੁਟਤਾ ਨਾਲ ਮਨਾਏ ਜਾਣ ਅਤੇ ਸਾਰੀਆਂ ਧਿਰਾਂ ਇਕ ਮੰਚ ਹੀ ਸਜਾਉਣ। ਇਸ ਸਬੰਧ ਵਿਚ ਪਹਿਲਾਂ ਵੀ ਉਹ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲਿਖ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸੇ ਮਨਸ਼ਾ ਤਹਿਤ ਹੀ ਅੱਜ ਫਿਰ ਮੁੱਖ ਮੰਤਰੀ ਨਾਲ ਮੁਲਾਕਾਤ ਕਰ ਕੇ ਅਪੀਲ ਕੀਤੀ ਗਈ ਹੈ। ਭਾਈ ਲੌਂਗੋਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਨਾਲ ਮਿਲਣੀ ਦੌਰਾਨ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੀ ਦੇਖ ਰੇਖ ਹੇਠ ਕਰਵਾਏ ਜਾਣ ਵਾਲੇ ਮੁੱਖ ਸਮਾਗਮ ਵਿਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਆਦੇਸ਼ ਅਨੁਸਾਰ ਸਾਂਝੀ ਤਾਲਮੇਲ ਕਮੇਟੀ ਲਈ ਪੰਜਾਬ ਸਰਕਾਰ ਤਰਫੋਂ ਦੋ ਨੁਮਾਇੰਦਿਆਂ ਦੇ ਨਾਂ ਦੇਣ ਲਈ ਵੀ ਮੁੱਖ ਮੰਤਰੀ ਨੂੰ ਆਖਿਆ ਹੈ। ਉਨ੍ਹਾਂ ਕਿਹਾ ਕਿ ਤਾਲਮੇਲ ਕਮੇਟੀ ਦੀ ਇਕ ਇਕੱਤਰਤਾ ਸਰਕਾਰ ਦੇ ਨੁਮਾਇੰਦੇ ਨਾਂ ਆਉਣ ਕਾਰਨ ਨਹੀਂ ਹੋ ਸਕੀ ਅਤੇ ਹੁਣ ਅਗਲੀ ਇਕੱਤਰਤਾ 6 ਸਤੰਬਰ ਨੂੰ ਮੁੜ ਰੱਖੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਇਸ ਬੈਠਕ ਤੋਂ ਪਹਿਲਾਂ ਪਹਿਲਾਂ ਨੁਮਾਇੰਦਿਆਂ ਦੇ ਨਾਂ ਭੇਜਣ ਲਈ ਅਪੀਲ ਕੀਤੀ ਹੈ, ਤਾਂ ਜੋ ਗੁਰੂ ਸਾਹਿਬ ਦੇ ਇਤਿਹਾਸਕ ਪੁਰਬ ਨੂੰ ਪੰਥਕ ਜਾਹੋ ਜਲਾਲ ਨਾਲ ਮਨਾਇਆ ਜਾ ਸਕੇ। ਭਾਈ ਲੌਂਗੋਵਾਲ ਨੇ ਕਿਹਾ ਕਿ ਉਨ੍ਹਾਂ ਨੂੰ ਪੂਰਨ ਆਸ ਹੈ ਕਿ ਮੁੱਖ ਮੰਤਰੀ ਸਰਕਾਰ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਹਿਯੋਗ ਕਰਨਗੇ।