ਮਨਪ੍ਰੀਤ ਸਿੰਘ ਬਾਦਲ ਵੱਲੋਂ ਕਰਨਾਟਕਾ ਵਸਦੇ ਪੰਜਾਬੀ ਭਾਈਚਾਰੇ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਵਿੱਚ ਸ਼ਿਰਕਤ ਲਈ ਖੁੱਲਾ ਸੱਦਾ
ਸਮੁੱਚੀ ਦੁਨੀਆਂ ਵਿੱਚ ਵਸਦੀ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਪੰਜਾਬ ਸਰਕਾਰ ਵੱਡੇ ਪੱਧਰ ’ਤੇ ਮਨਾ ਰਹੀ ਹੈ ਸ਼ਤਾਬਦੀ ਜਸ਼ਨ: ਵਿਜੇ ਇੰਦਰ ਸਿੰਗਲਾ
ਬੰਗਲੁਰੂ – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਕਰਨਾਟਕਾ ਵਸਦੇ ਸਮੂਹ ਭਾਈਚਾਰੇ ਨੂੰ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਕਰਵਾਏ ਜਾ ਰਹੇ ਸਮਾਗਮਾਂ ਵਿੱਚ ਸ਼ਿਰਕਤ ਕਰਨ ਲਈ ਖੁੱਲਾ ਸੱਦਾ ਦਿੱਤਾ। ਉਨਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਸੂਬਾ ਸਰਕਾਰ ਵੱਲੋਂ ਸ਼ਤਾਬਦੀ ਜਸ਼ਨਾਂ ਨੂੰ ਯਾਦਗਾਰ ਬਣਾਉਣ ਲਈ ਵੱਡੇ ਪੱਧਰ ’ਤੇ ਪ੍ਰੋਗਰਾਮ ਉਲੀਕੇ ਗਏ ਹਨ ਜਿਨਾਂ ਵਿੱਚ ਸ਼ਾਮਲ ਹੋ ਕੇ ਉਹ ਗੁਰੂ ਘਰ ਦੀਆਂ ਖੁਸ਼ੀਆਂ ਸਾਂਝੀਆਂ ਕਰਨ।ਸ. ਬਾਦਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਸਮਾਗਮਾਂ ਲਈ ਦੇਸ਼ ਤੇ ਵਿਦੇਸ਼ਾਂ ਵਿੱਚ ਰਹਿੰਦੀ ਨਾਨਕ ਨਾਮ ਲੇਵਾ ਸੰਗਤ ਨੂੰ ਸੱਦਾ ਪੱਧਰ ਦੇਣ ਦੇ ਉਲੀਕੇ ਪ੍ਰੋਗਰਾਮਾਂ ਦੀ ਲੜੀ ਤਹਿਤ ਅੱਜ ਬੰਗਲੁਰੂ ਵਿਖੇ ਪੰਜਾਬੀ ਭਾਈਚਾਰੇ ਨੂੰ ਉਹ ਸੱਦਾ ਦੇਣ ਆਏ ਹਨ। ਉਨਾਂ ਕਿਹਾ ਕਿ ਇਸ ਸਮਾਗਮ ਵਿੱਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੱਦਾ ਦੇਣ ਆਉਣਾ ਸੀ ਪਰ ਪੰਜਾਬ ਵਿੱਚ ਆਏ ਭਿਆਨਕ ਹੜਾਂ ਕਾਰਨ ਉਹ ਖੁਦ ਰਾਹਤ ਕਾਰਜਾਂ ਦੀ ਨਿਗਰਾਨੀ ਰੱਖ ਰਹੇ ਹਨ। ਉਨਾਂ ਕਿਹਾ ਕਿ ਇਹ ਉਹ ਮੌਕਾ ਹੈ ਜਦੋਂ ਗੁਰੂ ਸਾਹਿਬ ਦੇ ਸਰਬ ਸਾਂਝੀਵਾਲਤਾ ਦੇ ਸੰਦੇਸ਼ ਨੂੰ ਅੱਗੇ ਲੈ ਕੇ ਜਾਣਾ ਹੈ ਅਤੇ ਸੂਬਾ ਸਰਕਾਰ ਸ਼ਤਾਬਦੀ ਸਮਾਗਮਾਂ ਰਾਹੀਂ ਗੁਰੂ ਸਾਹਿਬ ਦੇ ਸੰਦੇਸ਼ ਨੂੰ ਸਮੁੱਚੀ ਲੋਕਾਈ ਤੱਕ ਪਹੁੰਚਾਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਗੁਰੂ ਸਾਹਿਬ ਨਾਲ ਸਬੰਧਤ ਸਥਾਨਾਂ ਸੁਲਤਾਨਪੁਰ ਲੋਧੀ, ਬਟਾਲਾ ਤੇ ਡੇਰਾ ਬਾਬਾ ਨਾਨਕ ਦੇ ਬੁਨਿਆਦੀ ਢਾਂਚੇ ਮਜ਼ਬੂਤ ਕਰਨ ਸਮੇਤ 3300 ਕਰੋੜ ਰੁਪਏ ਦੇ ਕਰੀਬ ਲਾਗਤ ਦੇ ਵਿਕਾਸ ਪ੍ਰਾਜੈਕਟਾਂ ਨੂੰ ਨੇਪਰੇ ਚਾੜ ਰਹੀ ਹੈ। ਗੁਰੂ ਸਾਹਿਬ ਦੀ ਚਰਨ ਛੋਹ ਪ੍ਰਾਪਤ 70 ਪਿੰਡਾਂ ਦੇ ਵਿਕਾਸ ਲਈ 50 ਲੱਖ ਰੁਪਏ ਪ੍ਰਤੀ ਪਿੰਡ ਖਰਚ ਕਰ ਰਹੀ ਹੈ। ਪੰਜਾਬ ਦੇ ਹਰ ਪਿੰਡ ਵਿੱਚ 550 ਬੂਟੇ ਲਗਾਉਣ ਜਾ ਰਹੀ ਹੈ।ਇਸ ਤੋਂ ਪਹਿਲਾਂ ਪੰਜਾਬ ਦੇ ਲੋਕ ਨਿਰਮਾਣ ਅਤੇ ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਸਮੁੱਚੇ ਪੰਜਾਬੀ ਭਾਈਚਾਰੇ ਦਾ ਸਵਾਗਤ ਕਰਦਿਆਂ ਕਿਹਾ ਕਿ ਸ਼ਤਾਬਦੀ ਜਸ਼ਨਾਂ ਮੌਕੇ ਸਾਨੂੰ ਸਭ ਤੋਂ ਵੱਡਾ ਤੋਹਫਾ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਲਾਂਘਾ ਖੁੱਲਣਾ ਹੈ ਜਿਸ ਨਾਲ ਵਿਛੜੇ ਗੁਰਧਾਮਾਂ ਦੇ ਦਰਸ਼ਨਾਂ ਲਈ ਵਰਿਆਂ ਤੋਂ ਕੀਤੀ ਜਾਂਦੀ ਅਰਦਾਸ ਪੂਰੀ ਹੋਣ ਜਾ ਰਹੀ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਯਾਦਗਾਰੀ ਬਣਾਉਣ ਲਈ ਸਮੁੱਚੀ ਨਾਨਕ ਨਾਮ ਲੇਵਾ ਸੰਗਤ ਦੇ ਸਹਿਯੋਗ ਨਾਲ ਪ੍ਰੋਗਰਾਮ ਕਰਵਾ ਰਹੀ ਹੈ। ਉਨਾਂ ਕਿਹਾ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮਿ੍ਰਤਸਰ ਵਿਖੇ 510 ਕਰੋੜ ਰੁਪਏ ਦੀ ਲਾਗਤ ਨਾਲ ਇੰਟਰ ਫੇਥ ਸਟੱਡੀਜ਼ ਇੰਸਟੀਚਿੳੂਟ ਸਥਾਪਤ ਕੀਤਾ ਜਾ ਰਿਹਾ ਹੈ। ਸੁਲਤਾਨਪੁਰ ਲੋਧੀ ਵਿਖੇ ਵਿਰਾਸਤੀ ਪਿੰਡ ‘ਪਿੰਡ ਬਾਬੇ ਨਾਨਕ ਦਾ’ ਬਣਾਇਆ ਜਾ ਰਿਹਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਉਹ ਅੱਜ ਬੰਗਲੁਰੂ ਦੀ ਧਰਤੀ ’ਤੇ ਆਏ ਹਨ ਜਿੱਥੋਂ ਉਨਾਂ ਆਪਣੀ ਬੀ.ਟੈਕ ਦੀ ਸਿੱਖਿਆ ਹਾਸਲ ਕੀਤੀ ਸੀ ਜਿਸ ਕਾਰਨ ਉਹ ਭਾਵੁਕ ਮਹਿਸੂਸ ਕਰ ਰਹੇ ਹਨ। ਉਨਾਂ ਕਿਹਾ ਕਿ ਸਮੂਹ ਭਾਈਚਾਰਾ ਇਨਾਂ ਸਮਾਗਮਾਂ ਵਿੱਚ ਸ਼ਾਮਲ ਹੋ ਕੇ ਪੰਜਾਬ ਸਰਕਾਰ ਨੂੰ ਮੇਜ਼ਬਾਨੀ ਦਾ ਮੌਕਾ ਦੇਵੇ।ਇਥੋਂ ਦੇ ਪੰਜਾਬੀ ਭਾਈਚਾਰੇ ਦੀ ਨੁਮਾਇੰਦਗੀ ਕਰ ਰਹੇ ਕਰਨਾਟਕਾ ਦੇ ਸੇਵਾ ਮੁਕਤ ਆਈ.ਏ.ਐਸ. ਅਧਿਕਾਰੀ ਚਿਰੰਜੀਵ ਸਿੰਘ ਨੇ ਪੰਜਾਬ ਸਰਕਾਰ ਦੇ ਇਸ ਉਦਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਇਤਿਹਾਸਕ ਦਿਹਾੜੇ ਰਲ-ਮਿਲ ਕੇ ਮਨਾਉਣੇ ਹੀ ਸ਼ੋਭਦੇ ਹਨ। ਉਨਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਇਕੱਲੇ ਸਿੱਖਾਂ ਦੇ ਹੀ ਨਹੀਂ ਸਗੋਂ ਸਮੁੱਚੀ ਮਨੁੱਖਤਾ ਦੇ ਗੁਰੂ ਸਨ ਜਿਨਾਂ ਨੂੰ ਅਸੀਂ ਜਗਤ ਗੁਰੂ ਵਜੋ ਸਤਿਕਾਰਦੇ ਹਨ।ਇਨਵੈਸਟ ਪੰਜਾਬ ਅਤੇ ਕਾਮਰਸ ਤੇ ਉਦਯੋਗ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅੱਜ ਦੇ ਸਮਾਗਮ ਦਾ ਮਨੋਰਥ ਜਿੱਥੇ ਕਰਨਾਟਕਾ ਦੇ ਪੰਜਾਬੀ ਭਾਈਚਾਰੇ ਨੂੰ ਸੱਦਾ ਦੇਣਾ ਸੀ ਉਥੇ ਇਥੋਂ ਦੀ ਸੰਗਤ ਦੇ ਸੁਝਾਅ ਵੀ ਲੈਣੇ ਹਨ ਤਾਂ ਜੋ ਸ਼ਤਾਬਦੀ ਸਮਾਗਮਾਂ ਵਿੱਚ ਪ੍ਰਬੰਧਾਂ ਦੀ ਕੋਈ ਘਾਟ ਨਾ ਰਹੇ।ਸੱਭਿਆਚਾਰਕ ਮਾਮਲੇ ਤੇ ਸੈਰ ਸਪਾਟਾ ਵਿਭਾਗ ਦੇ ਡਾਇਰੈਕਟਰ ਮਾਲਵਿੰਦਰ ਸਿੰਘ ਜੱਗੀ ਨੇ ਪੰਜਾਬ ਸਕਾਰ ਵੱਲੋਂ 550ਵੇਂ ਪ੍ਰਕਾਸ ਪੁਰਬ ਮੌਕੇ ਕਰਵਾਏ ਜਾ ਰਹੇ ਸਮਾਗਮਾਂ ਦੀ ਰੂਪ ਰੇਖਾ, ਸੰਗਤ ਦੇ ਆਉਣ ਅਤੇ ਠਹਿਰਨ ਲਈ ਟੈਂਟ ਸਿਟੀ ਦੇ ਪ੍ਰਬੰਧ, ਪਾਣੀ, ਲੰਗਰ ਆਦਿ ਦੀਆਂ ਸਹੂਲਤਾਂ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਬਾਰੇ ਪੇਸ਼ਕਾਰੀ ਵੀ ਦਿੱਤੀਮੁੱਖ ਮੰਤਰੀ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ ਗੁਰਕਿਰਤ ਕਿ੍ਰਪਾਲ ਸਿੰਘ, ਇਨਵੈਸਟ ਪੰਜਾਬ ਦੇ ਸੀ.ਈ.ਓ ਰਜਤ ਅਗਰਵਾਲ, ਪੰਜਾਬ ਸਰਕਾਰ ਦੇ ਸੀਨੀਅਰ ਅਧਿਕਾਰੀ ਪੁਨੀਤ ਗੋਇਲ ਤੇ ਰਾਜੇਸ਼ ਧੀਮਾਨ ਹਾਜ਼ਰ ਸਨ। ਇਸ ਮੌਕੇ ਵੱਡੀ ਗਿਣਤੀ ’ਚ ਪੰਜਾਬੀ ਭਾਈਚਾਰਾ ਵੀ ਹਾਜ਼ਰ ਸੀ।